Safai Karamchari Strik: ਫ਼ਰੀਦਕੋਟ ਨਗਰ ਕੌਂਸਲ ਨੂੰ ਸਫਾਈ ਕਰਮਚਾਰੀਆਂ ਨੇ ਲਾਇਆ ਤਾਲਾ, ਹੜਤਾਲ 11ਵੇਂ ਦਿਨ ਵੀ ਜਾਰੀ
ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਸ, ਸ਼ਹਿਰ ਦੀ ਸਫਾਈ ਵਿਵਸਥਾ ਹੋਈ ਪ੍ਰਭਾਵਿਤ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸਥਾਨਕ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿੱਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਮੰਗਲਵਾਰ ਨੂੰ 11ਵੇਂ ਦਿਨ ਵਿੱਚ ਦਾਖਲ ਹੋ ਗਈ। ਇਸ ਦੌਰਾਨ ਰੋਸ ਪ੍ਰਗਟਾਉਂਦੇ ਹੋਏ ਸਫਾਈ ਕਰਮਚਾਰੀਆਂ ਨੇ ਨਗਰ ਕੌਂਸਲ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ, ਜਿਸ ਕਾਰਨ ਕੌਂਸਲ ਦਾ ਸਮੁੱਚਾ ਕੰਮਕਾਜ ਵੀ ਠੱਪ ਹੋ ਗਿਆ। ਦੂਜੇ ਪਾਸੇ ਲਗਾਤਾਰ ਹੜਤਾਲ ਕਾਰਨ ਸ਼ਹਿਰ ਵਿੱਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਕਈ ਥਾਵਾਂ 'ਤੇ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੰਤ ਰਾਮ, ਅਸ਼ੋਕ ਸਰਵਣ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਲਈ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜਦੋਂ ਉਨ੍ਹਾਂ ਨੇ ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈਓ) ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵੱਲੋਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ: Malerkotla News: ਡੀਆਈਜੀ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇਸ਼ ਕਾਸੋ ਆਪ੍ਰੇਸ਼ਨ
ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਪਹਿਲਾਂ ਹੀ ਸਿਰਫ਼ 10 ਤੋਂ 12 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਮਿਲਦੀ ਹੈ, ਜਿਸ ਨਾਲ ਘਰ ਦਾ ਖ਼ਰਚਾ ਚਲਾਉਣਾ ਔਖਾ ਹੈ। ਉੱਪਰੋਂ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦੀ ਆਰਥਿਕ ਹਾਲਤ ਹੋਰ ਵੀ ਖਰਾਬ ਹੋ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਨਗਰ ਕੌਂਸਲ ਵਿੱਚ ਕੋਈ ਵੀ ਕੰਮਕਾਜ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਨੇ ਵੀ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਬਿਨਾਂ ਤਨਖ਼ਾਹ ਦੇ ਕਿਸੇ ਤੋਂ ਕੰਮ ਕਰਵਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨਿਕ ਅਧਿਕਾਰੀ ਏਅਰ ਕੰਡੀਸ਼ਨ ਕਮਰਿਆਂ ਵਿੱਚ ਬੈਠੇ ਹਨ, ਜਦਕਿ ਦੂਜੇ ਪਾਸੇ ਆਮ ਲੋਕ ਗੰਦਗੀ ਅਤੇ ਕੂੜੇ ਦੇ ਢੇਰਾਂ ਕਾਰਨ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕਰਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਮੁੜ ਪਟੜੀ 'ਤੇ ਲਿਆਂਦਾ ਜਾਵੇ।