Punjab
Punjab Farmer News: ਕਿਸਾਨਾਂ ਨੇ ਅੰਮ੍ਰਿਤਸਰ ਸਮੇਤ 5 ਜ਼ਿਲ੍ਹਿਆਂ ਵਿੱਚ 'ਰੇਲ ਰੋਕੋ' ਅੰਦੋਲਨ ਕੀਤਾ ਖਤਮ
ਪੰਜਾਬ ਵਿੱਚ ਪੰਜ ਥਾਵਾਂ ’ਤੇ ਕਰੀਬ ਛੇ ਘੰਟੇ ਰੇਲ ਰੋਕੋ ਅੰਦੋਲਨ, 24 ਸਤੰਬਰ ਨੂੰ ਖੇਤੀਬਾੜੀ ਮੰਤਰੀ ਨਾਲ ਮੀਟਿੰਗ
Punjab Farmer News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਅੱਜ ਪੰਜਾਬ ਦੇ ਪੰਜ ਸਥਾਨਾਂ ’ਤੇ ਕਰੀਬ ਛੇ ਘੰਟੇ ਰੇਲ ਰੋਕੋ ਅੰਦੋਲਨ ਕੀਤਾ ਗਿਆ। ਦੁਪਹਿਰ 12 ਵਜੇ ਸ਼ੁਰੂ ਹੋਇਆ ਇਹ ਅੰਦੋਲਨ ਸ਼ਾਮ 6 ਵਜੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਰੇਲਵੇ ਟਰੈਕਾਂ ’ਤੇ ਧਰਨੇ ਦਿੱਤੇ। ਮੋਰਚੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਅੰਦੋਲਨ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਪਠਾਨਕੋਟ ਦੇ ਚਾਖੂ ਲਾੜੀ ਰੇਲਵੇ ਫਾਟਕ, ਮੋਗਾ ਦੇ ਡਗਰੂ, ਫਿਰੋਜ਼ਪੁਰ ਦੇ ਮੱਲਾਂਵਾਲਾ ਅਤੇ ਸੰਗਰੂਰ ਦੇ ਸੁਨਾਮ ਵਿਖੇ ਕੀਤਾ ਗਿਆ। ਰੇਲ ਰੋਕੋ ਦੇ ਐਲਾਨ ਤੋਂ ਬਾਅਦ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਦੀ ਪਹਿਲ ਕੀਤੀ ਗਈ। ਅੰਮ੍ਰਿਤਸਰ ਦੇ ਦੇਵੀਦਾਸਪੁਰਾ ਨੇੜੇ ਪਿੰਡ ਵਡਾਲਾ ਵਿਖੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਦਲਵਿੰਦਰ ਸਿੰਘ, ਐੱਸ.ਐੱਸ.ਪੀ. ਕਵਲਜੀਤ ਸਿੰਘ, ਏ.ਆਈ.ਜੀ. ਹਰਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਬਾਬਾ ਗੁਰਬਚਨ ਸਿੰਘ ਚੱਬਾ ਅਤੇ ਸਤਨਾਮ ਸਿੰਘ ਮਾਨੋਚਾਲ ਸਮੇਤ ਵਫ਼ਦ ਦੀ ਕਰੀਬ ਤਿੰਨ ਘੰਟੇ ਮੀਟਿੰਗ ਹੋਈ।
ਮੀਟਿੰਗ ਵਿੱਚ ਸਹਿਮਤੀ ਬਣੀ ਕਿ 24 ਸਤੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਕਰਜ਼ੇ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਸਬੰਧੀ ਵੀ ਭਰੋਸਾ ਦਿੱਤਾ ਗਿਆ। ਮੋਰਚੇ ਅਨੁਸਾਰ ਕਿਸਾਨ ਪਰਿਵਾਰਾਂ ਨੂੰ 3 ਲੱਖ ਰੁਪਏ ਅਤੇ ਖੇਤ ਮਜ਼ਦੂਰ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਇੱਕ ਮਹੀਨੇ ਦੇ ਅੰਦਰ ਦੇਣ ਦੀ ਗੱਲ ਕਹੀ ਗਈ ਹੈ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਹਿੰਦੀਆਂ ਨੌਕਰੀਆਂ ਅਤੇ ਮੁਆਵਜ਼ਾ ਦੇਣ ਬਾਰੇ ਵੀ ਇੱਕ ਮਹੀਨੇ ਅੰਦਰ ਕਾਰਵਾਈ ਦਾ ਭਰੋਸਾ ਦਿੱਤਾ ਗਿਆ।
ਇਸ ਤੋਂ ਇਲਾਵਾ ਪਰਾਲੀ, ਪੁਲਿਸ ਅਤੇ ਰੇਲਵੇ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ’ਤੇ ਵੀ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਟੇਜ ’ਤੇ ਪਹੁੰਚ ਕੇ ਕਿਸਾਨਾਂ ਨੂੰ ਸਰਕਾਰ ਨਾਲ ਹੋਈ ਗੱਲਬਾਤ ਅਤੇ ਸਹਿਮਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਜ਼ੂਮ ਮੀਟਿੰਗ ਕਰਕੇ ਪੰਜਾਬ ਭਰ ਦੇ ਸੰਘਰਸ਼ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਪੰਜਾਂ ਥਾਵਾਂ ’ਤੇ ਚੱਲ ਰਿਹਾ ਰੇਲ ਰੋਕੋ ਅੰਦੋਲਨ ਅਤੇ ਮੰਤਰੀਆਂ ਦੇ ਘਰਾਂ ਅੱਗੇ ਲੱਗੇ ਮੋਰਚੇ ਵੀ ਅੱਜ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ।
ਇਹ ਵੀ ਪੜ੍ਹੋ: Cleanliness Drive Punjab: ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ
ਮੋਰਚੇ ਵੱਲੋਂ ਉਠਾਏ ਜਾ ਰਹੇ ਮੁੱਖ ਮੁੱਦਿਆਂ ਵਿੱਚ ਪੰਜ ਫ਼ਸਲਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਸ਼ੰਭੂ-ਖਨੌਰੀ ਮੋਰਚੇ ਨਾਲ ਸਬੰਧਤ ਮਸਲਿਆਂ ਦਾ ਹੱਲ ਅਤੇ ਲਗਭਗ 23 ਸੂਤਰੀ ਮੰਗ-ਪੱਤਰ ਸ਼ਾਮਲ ਹਨ। ਮੋਰਚੇ ਨੇ ਕਿਹਾ ਕਿ 24 ਸਤੰਬਰ ਨੂੰ ਖੇਤੀਬਾੜੀ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਦੇ ਨਤੀਜਿਆਂ ਤੋਂ ਬਾਅਦ ਸਰਕਾਰ ਦੇ ਰੁਖ ਦੇ ਆਧਾਰ ’ਤੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।