Farmers Protest: ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਡੋਨਾਲਡ ਟਰੰਪ ਦੇ ਪੁਤਲੇ ਫੂਕੇ
ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਸਮਝੌਤੇ ਤੋਂ ਬਾਹਰ ਰੱਖਣ ਦੀ ਮੰਗ
Farmers Protest: (ਗੁਰਪ੍ਰੀਤ ਪੱਕਾ)
ਇਸ ਉਪਰੰਤ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਖੇਤੀ ਉਤਪਾਦਾਂ 'ਤੇ ਆਯਾਤ ਡਿਊਟੀ ਲਾਗੂ ਕੀਤੀ ਜਾਵੇ ਤਾਂ ਜੋ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਹੋ ਸਕੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਈਸਟ ਇੰਡੀਆ ਕੰਪਨੀ ਨੂੰ ਵਪਾਰ ਦੇ ਨਾਂ 'ਤੇ ਭਾਰਤ ਵਿੱਚ ਦਾਖ਼ਲਾ ਮਿਲਿਆ ਸੀ, ਜਿਸ ਤੋਂ ਬਾਅਦ ਦੇਸ਼ ਨੂੰ ਲੰਬੇ ਸਮੇਂ ਤੱਕ ਗੁਲਾਮੀ ਸਹਿਣੀ ਪਈ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਕਾਰਨ ਦੇਸ਼ ਦੀ ਖੇਤੀਬਾੜੀ ਅਤੇ ਪੇਂਡੂ ਅਰਥਚਾਰਾ ਖ਼ਤਰੇ ਵਿੱਚ ਪੈ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਅਮਰੀਕੀ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਬਜਾਏ ਖੇਤੀਬਾੜੀ ਖੇਤਰ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ 'ਤੇ ਲਾਗੂ ਕੀਤਾ ਗਿਆ ਤਾਂ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਸਥਿਤੀ ਹੋਰ ਵੀ ਮਾੜੀ ਹੋ ਜਾਵੇਗੀ।
ਇਹ ਵੀ ਪੜ੍ਹੋ: Medical Shops Summer Schedule: ਗਰਮੀਆਂ ਦੀਆਂ ਛੁੱਟੀਆਂ ਕਾਰਨ ਅਮਲੋਹ ਦੀਆਂ ਦਵਾਈਆਂ ਦੀਆਂ ਦੁਕਾਨਾਂ ਵਾਰੀ-ਵਾਰੀ ਬੰਦ ਰਹਿਣਗੀਆਂ
ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਐਮਐਸਪੀ ਦੀ ਕਾਨੂੰਨੀ ਗਾਰੰਟੀ, ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ-2 ਪਲੱਸ 50 ਫ਼ੀਸਦੀ ਫਾਰਮੂਲੇ ਮੁਤਾਬਕ ਫ਼ਸਲਾਂ ਦੇ ਭਾਅ, ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਮੁਕਤ ਵਪਾਰ ਸਮਝੌਤਾ ਲਾਗੂ ਹੋਣ ਨਾਲ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਮੰਡੀ ਵਿੱਚ ਵੱਡੀ ਮਾਤਰਾ ਵਿੱਚ ਆਉਣਗੇ, ਜਿਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਭਾਰੀ ਨੁਕਸਾਨ ਹੋਵੇਗਾ। ਇਸ ਮੌਕੇ ਗੁਰਦਿੱਤਾ ਸਿੰਘ ਜ਼ਿਲ੍ਹਾ ਵਿੱਤ ਸਕੱਤਰ, ਤੇਜਾ ਸਿੰਘ ਪੱਕਾ ਬਲਾਕ ਪ੍ਰਧਾਨ ਫ਼ਰੀਦਕੋਟ, ਜਿੰਦਰ ਸਿੰਘ ਬਲਾਕ ਪ੍ਰਧਾਨ ਸਾਦਿਕ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਰਾਜਵੀਰ ਸਿੰਘ ਪੱਖੀ, ਬਲਜਿੰਦਰ ਸਿੰਘ ਬਾੜਾ ਭਾਈਕਾ, ਸ਼ਿੰਦਰਪਾਲ ਸਿੰਘ ਜੈਤੋ, ਨੈਬ ਸਿੰਘ ਸਾਦਿਕ, ਨਿਰਮਲ ਸਿੰਘ ਢਿੱਲਵਾਂ, ਸੁਖਜੀਵਨ ਸਿੰਘ ਢਿੱਲਵਾਂ ਅਤੇ ਯੂਥ ਆਗੂ ਜਤਿੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।