Farmers Rail Roko Protest: ਭਲਕੇ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ

ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ’ਚ ਮੀਟਿੰਗਾਂ ਕਰਕੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਨਾਲ ਮੀਟਿੰਗਾਂ ’ਚ ਮੰਗਾਂ ਮੰਨ ਲਈਆਂ ਜਾਂਦੀਆਂ ਹਨ।

ਪਰ ਜ਼ਮੀਨੀ ਪੱਧਰ ’ਤੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ 18 ਮਈ 2022 ਨੂੰ ਚੰਡੀਗੜ੍ਹ ਵਿਖੇ ਹੋਈ ਮੀਟਿੰਗ ’ਚ ਵੀ ਕਈ ਮੰਗਾਂ ਮੰਨੀਆਂ ਗਈਆਂ ਸਨ, ਪਰ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਨੂੰ ਮੁੜ-ਮੁੜ ਸੰਘਰਸ਼ ਕਰਨਾ ਪੈ ਰਿਹਾ ਹੈ। ਬੋਹੜ ਸਿੰਘ ਰੁਪੱਈਆਂ ਵਾਲਾ ਨੇ ਕਿਹਾ ਕਿ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੋਖਾਧੜੀ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਐੱਸਕੇਐੱਮ ਗੈਰ-ਸਿਆਸੀ ਦੀ ਅਗਵਾਈ ਹੇਠ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 30 ਮਾਰਚ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਮੀਟਿੰਗਾਂ ’ਚ ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਨ, ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕਰਨ ਤੇ ਸ਼ੰਭੂ ਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਚੋਰੀ ਹੋਏ ਸਮਾਨ ਦੀ ਭਰਪਾਈ ਕਰਨ ਸਬੰਧੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। Farmers Rail Roko Protest

ਇਹ ਵੀ ਪੜ੍ਹੋ : Malerkotla News: ਅਜ਼ਾਦੀ ਦਿਵਸ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਪਰ ਇਨ੍ਹਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਵਾਰ-ਵਾਰ ਵਾਅਦਾ ਖਿਲਾਫ਼ੀ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਸੇ ਰੋਸ ਵਜੋਂ 14 ਅਗਸਤ ਨੂੰ ਰੇਲਾਂ ਦਾ ਚੱਕਾ ਜਾਮ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਲਵਪ੍ਰੀਤ ਸਿੰਘ ਚੱਕਸਾਹੂ, ਨਿਰਮਲ ਸਿੰਘ ਢਿੱਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਸੁਰਜੀਤ ਸਿੰਘ ਸੇਵੇਵਾਲਾ, ਜਤਿੰਦਰਜੀਤ ਸਿੰਘ ਭਿੰਡਰ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ।

About The Author

Related Posts