Batala News: ਬਟਾਲਾ 'ਚ ਸਰਪੰਚ ’ਤੇ ਜਾਨਲੇਵਾ ਹਮਲਾ
ਅਣਪਛਾਤੇ ਹਮਲਾਵਰਾਂ ਨੇ ਚਲਾਈ ਗੋਲੀ, ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫਰ
ਬਟਾਲਾ (ਹਿੰ.ਸ.)। ਪੰਜਾਬ ਦੇ ਬਟਾਲਾ ਇਲਾਕੇ ਦੇ ਪਿੰਡ ਕਾਦੀਆਂ ਰਾਜਪੂਤਾਂ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਘਟਨਾ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਹਮਲੇ ਤੋਂ ਬਾਅਦ ਲੋਕਾਂ ਦੀ ਮਦਦ ਨਾਲ ਗੁਰਵਿੰਦਰ ਸਿੰਘ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲਾ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ।
ਇਸ ਦੌਰਾਨ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇੱਕ ਗੈਂਗਸਟਰ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਪੁਲਿਸ ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਇਸ ਵਾਇਰਲ ਪੋਸਟ ਦੀ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਪਰਿਵਾਰਕ ਮੈਂਬਰਾਂ ਮੁਤਾਬਕ ਗੁਰਵਿੰਦਰ ਸਿੰਘ ਆਪਣੇ ਪਿੰਡ ਦੇ ਸਰਪੰਚ ਹੋਣ ਦੇ ਨਾਲ-ਨਾਲ ਰਾਜਨੀਤਿਕ ਤੌਰ ’ਤੇ ਵੀ ਕਾਫ਼ੀ ਸਰਗਰਮ ਹਨ ਅਤੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵਿੱਚ ਜ਼ਿਲ੍ਹਾ ਪੱਧਰ ’ਤੇ ਅਹਿਮ ਭੂਮਿਕਾ ਨਿਭਾ ਰਹੇ ਹਨ। ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਦੇ ਸੀਸੀਟੀਵੀ ਫੁਟੇਜ ਅਤੇ ਚਸ਼ਮਦੀਦਾਂ ਦੇ ਬਿਆਨ ਇਕੱਠੇ ਕੀਤੇ ਜਾ ਰਹੇ ਹਨ।
Read Also : ਭਾਰਤੀ ਦੀਆਂ ਅੱਖਾਂ ’ਚ ਪਰਤੀ ਨਵੀਂ ਰੌਸ਼ਨੀ, ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਹਜ਼ਾਰਾਂ ਜ਼ਿੰਦਗੀਆਂ ਹੋਈਆਂ ਰੌਸ਼ਨ