Moga Murder Case: ਮੋਗਾ 'ਚ ਪੁੱਤਰ ਵੱਲੋਂ ਪਿਤਾ ਦਾ ਗੋਲੀ ਮਾਰ ਕੇ ਕਤਲ
ਮੋਗਾ 'ਚ ਘਰੇਲੂ ਵਿਵਾਦ ਨੇ ਧਾਰਿਆ ਖ਼ੂਨੀ ਰੂਪ
Moga Murder Case: ਮੋਗਾ, (ਸੱਚ ਕਹੂੰ ਨਿਊਜ਼/ਹਿੰ.ਸ.)। ਮੋਗਾ ਸ਼ਹਿਰ ਦੀ ਤਾਂਗੇਵਾਲਾ ਗਲੀ ਵਿੱਚ ਬੁੱਧਵਾਰ ਦੇਰ ਰਾਤ ਘਰੇਲੂ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਇੱਥੇ ਇੱਕ ਪੁੱਤਰ ਵੱਲੋਂ ਆਪਣੇ 65 ਸਾਲਾ ਪਿਤਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਦਕਿ ਮੁਲਜ਼ਮ ਪੁੱਤਰ ਦੀ ਪਛਾਣ ਮਨਦੀਪ ਸਿੰਘ ਵਜੋਂ ਦੱਸੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਆਪਣੇ ਘਰ ਵਿੱਚ ਸੁੱਤੇ ਹੋਏ ਸਨ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਮਨਦੀਪ ਸਿੰਘ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਪਹਿਲਾਂ ਪਿਤਾ ਅਤੇ ਪੁੱਤਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਮੁਲਜ਼ਮ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ ਅਤੇ ਉਹ ਅਕਸਰ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਸੀ।
ਇਹ ਵੀ ਪੜ੍ਹੋ: Robbery In Abohar: ਬਾਈਕ ਸਵਾਰ ਲੁਟੇਰੇ ਨੇ ਦਿਨ-ਦਿਹਾੜੇ ਵਿਅਕਤੀ ਤੋਂ ਲੁੱਟੇ 2.5 ਲੱਖ ਰੁਪਏ
ਮੋਗਾ ਦੇ ਡੀਐੱਸਪੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਕੁਲਦੀਪ ਸਿੰਘ ਨੇ ਆਪਣੇ ਪੁੱਤਰ ਦੀ ਕਥਿਤ ਨਸ਼ੇ ਦੀ ਆਦਤ ਅਤੇ ਹੋਰ ਮਾੜੇ ਵਿਹਾਰ ਕਾਰਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ। ਇਸ ਤੋਂ ਇਲਾਵਾ ਉਸ ਨੂੰ ਪਰਿਵਾਰਕ ਜਾਇਦਾਦ ਤੋਂ ਵੀ ਬੇਦਖ਼ਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸੇ ਗੱਲ ਕਾਰਨ ਪਿਤਾ-ਪੁੱਤਰ ਵਿਚਕਾਰ ਤਣਾਅ ਵਧਿਆ ਹੋ ਸਕਦਾ ਹੈ।
ਪੁਲਿਸ ਅਧਿਕਾਰੀ ਦਰਬਾਰਾ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਮਨਦੀਪ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁਲਦੀਪ ਸਿੰਘ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ।
Comments