Stubble Burning Punjab: ਪਰਾਲੀ ਸਾੜਨ ਤੋਂ ਰੋਕਣ ਲਈ ਫਾਜ਼ਿਲਕਾ ਪ੍ਰਸ਼ਾਸਨ ਸਰਗਰਮ, ਕਿਸਾਨਾਂ ਨੂੰ ਕੀਤਾ ਜਾਗਰੂਕ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Satinder Mathur  Picture
Published On

Stubble Burning Punjab: ਫਾਜ਼ਿਲਕਾ, (ਸੱਚ ਕਹੂ ਨਿਊਜ਼/ਹਿੰ.ਸ.)। ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕਰਨ ਵਾਸਤੇ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ। ਇਸੇ ਲੜੀ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: Sirsa News: ਸ਼ਾਹ ਸਤਿਨਾਮ ਜੀ ਗਰਲਜ਼ ਸਕੂਲ ਦੀਆਂ ਬੇਟੀਆਂ ਨੇ NCC ਕੈਂਪ ’ਚ ਵਿਖਾਇਆ ਦਮ, ਜਿੱਤੇ 26 ਸੋਨ ਸਮੇਤ 27 ਤਗਮੇ

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪਿੰਡ ਸੁਰੇਸ਼ ਵਾਲਾ ਸੈਣੀਆਂ ਵਿਖੇ ਬੇਲਰ ਮਸ਼ੀਨ ਦੀ ਮੱਦਦ ਨਾਲ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ। ਇਸ ਪਹਿਲਕਦਮੀ ਦਾ ਉਦੇਸ਼ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀ ਸੰਭਾਲ ਅਤੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਹੈ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪਾਉਂਦਾ ਹੈ। ਇਸ ਤੋਂ ਇਲਾਵਾ ਸੜਕਾਂ ’ਤੇ ਧੂੰਏਂ ਕਾਰਨ ਦਿੱਖ ਘੱਟ ਹੋਣ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਨਿਪਟਾਰੇ ਲਈ ਵਿਗਿਆਨਕ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਤਹਿਤ ਖੇਤੀਬਾੜੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਕਿਸਾਨ ਆਪਣੀ ਨੇੜਲੀ ਸਹਿਕਾਰੀ ਸਭਾ ਤੋਂ ਬੇਲਰ, ਟਰੈਕਟਰ, ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਰੋਟਾਵੇਟਰ ਅਤੇ ਪਲਟਾਵੇਂ ਹੱਲ ਵਰਗੇ ਸੰਦ ਪ੍ਰਾਪਤ ਕਰ ਸਕਦੇ ਹਨ। ਮਸ਼ੀਨਰੀ ਲੈਣ ਵਿੱਚ ਮੁਸ਼ਕਲ ਆਉਣ ’ਤੇ ਕਿਸਾਨ ਸਬੰਧਤ ਸਭਾ ਦੇ ਸਕੱਤਰ ਜਾਂ ਪ੍ਰਧਾਨ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਨੂੰ ਸਰ੍ਹੋਂ ਦੀਆਂ ਮਿੰਨੀ ਕਿੱਟਾਂ ਵੀ ਵੰਡੀਆਂ ਗਈਆਂ।

ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਸਿਹਤ ਬਰਕਰਾਰ ਰੱਖਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਸੰਧੂ, ਡਾ. ਜਗਦੀਸ਼ ਅਰੋੜਾ, ਖੇਤੀਬਾੜੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ, ਜੇ.ਟੀ. ਤਰਸੇਮ ਸਿੰਘ, ਸਰਕਲ ਇੰਚਾਰਜ ਸੁਖਦੀਪ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

About The Author

Related Posts