Punjab
Fazilka Grain Market: ਮੀਂਹ ਮਗਰੋਂ ਫਾਜ਼ਿਲਕਾ ਦੀ ਅਨਾਜ ਮੰਡੀ ’ਚ ਖ਼ਰੀਦ ਤੇ ਚੁਕਾਈ ਮੁੜ ਸੁਚਾਰੂ
ਗੇਟ ਨੰਬਰ 1 ਤੇ 2 ’ਤੇ ਖੜ੍ਹੇ ਪਾਣੀ ਦੀ ਨਿਕਾਸੀ ਮੁਕੰਮਲ, ਸਫ਼ਾਈ ਲਈ ਵਿਸ਼ੇਸ਼ ਟੀਮਾਂ ਤਾਇਨਾਤ
ਫਾਜ਼ਿਲਕਾ (ਸੱਚ ਕਹੂੰ ਨਿਊਜ਼/ਹਿੰ.ਸ.)। ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਫਾਜ਼ਿਲਕਾ ਦੀ ਅਨਾਜ ਮੰਡੀ ’ਚ ਪਾਣੀ ਭਰਨ ਤੇ ਸਫ਼ਾਈ ਵਿਵਸਥਾ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਹਾਲਾਤ ਸੁਧਰ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਬੋਰਡ ਵੱਲੋਂ ਮੰਡੀ ’ਚ ਸਫ਼ਾਈ, ਫ਼ਸਲ ਦੀ ਖ਼ਰੀਦ ਤੇ ਚੁਕਾਈ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਮੰਡੀ ਦੇ ਗੇਟ ਨੰਬਰ 1 ਤੇ 2 ’ਤੇ ਖੜ੍ਹੇ ਪਾਣੀ ਦੀ ਨਿਕਾਸੀ ਵੀ ਮੁਕੰਮਲ ਕਰ ਲਈ ਗਈ ਹੈ ਤੇ ਕੰਮਕਾਜ ਮੁੜ ਆਮ ਵਾਂਗ ਚੱਲਣ ਲੱਗ ਪਿਆ ਹੈ। ਜ਼ਿਲ੍ਹਾ ਮੰਡੀ ਅਫ਼ਸਰ ਫਾਜ਼ਿਲਕਾ ਸਲੋਦ ਕੁਮਾਰ ਬਿਸ਼ਨੋਈ ਨੇ ਦੱਸਿਆ ਕਿ ਮੰਡੀ ’ਚ ਸਫ਼ਾਈ ਤੇ ਹੋਰ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਟੀਮਾਂ ਮੰਡੀ ’ਚ ਸਫ਼ਾਈ, ਖ਼ਰੀਦ ਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੀਆਂ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਹੋਰ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਾਰਿਸ਼ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਮੰਡੀ ’ਚ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਫ਼ਸਲ ਦੀ ਖ਼ਰੀਦ ਤੇ ਸਮੇਂ ਸਿਰ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। Fazilka Grain Market
ਜ਼ਿਲ੍ਹਾ ਮੰਡੀ ਅਫ਼ਸਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਤੇ ਮੰਡੀ ਵਿੱਚੋਂ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪ੍ਰਸ਼ਾਸਨ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਤੇ ਉਨ੍ਹਾਂ ਦੀ ਸਹੂਲਤ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਉਹ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ, ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ। Fazilka Grain Market
ਇਹ ਵੀ ਪੜ੍ਹੋ : Body Doantion: ਬਲਦੇਵ ਕੌਰ ਇੰਸਾਂ ਨੇ ਖੱਟਿਆ ਨੇਤਰਦਾਨੀ ਤੇ ਸਰੀਰਦਾਨੀ ਹੋਣ ਦਾ ਮਾਣ