Fazilka News: ਫਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ
29 ਮਾਮਲਿਆਂ ’ਚ ਬਰਾਮਦ ਕੀਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
ਫਾਜ਼ਿਲਕਾ (ਸੱਚ ਕਹੂੰ ਨਿਊਜ਼/ਹਿੰ.ਸ.)। ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਐਨਡੀਪੀਐਸ ਐਕਟ ਦੇ 29 ਮਾਮਲਿਆਂ ’ਚ ਬਰਾਮਦ ਕੀਤੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਨੂੰ ਵੀਰਵਾਰ ਨੂੰ ਨਸ਼ਟ ਕਰ ਦਿੱਤਾ। ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ’ਚ ਹੈਰੋਇਨ, ਚੂਰਾ ਪੋਸਤ, ਹਰਾ ਪੋਸਤ, ਨਸ਼ੀਲੀਆਂ ਗੋਲੀਆਂ ਤੇ ਗਾਂਜਾ ਸ਼ਾਮਲ ਹੈ। ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰੀ ਖਿਲਾਫ਼ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਤੇ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ 29 ਕੇਸਾਂ ਨਾਲ ਸਬੰਧਤ 4 ਕਿਲੋ 91 ਗ੍ਰਾਮ ਹੈਰੋਇਨ, 70 ਕਿਲੋ 800 ਗ੍ਰਾਮ ਚੂਰਾ ਪੋਸਤ, 33 ਕਿਲੋ 500 ਗ੍ਰਾਮ ਹਰਾ ਪੋਸਤ, 1,430 ਨਸ਼ੀਲੀਆਂ ਗੋਲੀਆਂ ਤੇ 767 ਗ੍ਰਾਮ ਗਾਂਜਾ ਨਸ਼ਟ ਕੀਤਾ ਗਿਆ। ਐਸਐਸਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ ਤੇ ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਐਸਐਸਪੀ ਗਗਨ ਅਜੀਤ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਇਲਾਕਾ, ਕਿਉਂਕਿ ਇਸ ਧੰਦੇ ਨਾਲ ਜੁੜੇ ਲੋਕਾਂ ਦੀ ਥਾਂ ਸਿਰਫ਼ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਖਿਲਾਫ਼ ਬਿਨਾਂ ਕਿਸੇ ਰਿਆਇਤ ਦੇ ਸਖ਼ਤ ਕਾਰਵਾਈ ਜਾਰੀ ਰੱਖੇਗੀ।