Malerkotla Police Flag March: ਅਪਰਾਧ ਤੇ ਨਸ਼ਿਆਂ ਦੀ ਰੋਕਥਾਮ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਤਿਉਹਾਰਾਂ ਦੇ ਮੱਦੇਨਜ਼ਰ ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ’ਚ ਵਧਾਈ ਗਸ਼ਤ; 

Satinder Mathur  Picture
Published On

Malerkotla Police Flag March: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮਾਲੇਰਕੋਟਲਾ ਪੁਲਿਸ ਵੱਲੋਂ ਵੀਰਵਾਰ ਨੂੰ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦਾ ਮੁੱਖ ਮਕਸਦ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਣ ਦੇ ਨਾਲ-ਨਾਲ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਾ ਕਰਨ ਦਾ ਸਪੱਸ਼ਟ ਸੰਦੇਸ਼ ਦੇਣਾ ਸੀ। ਫਲੈਗ ਮਾਰਚ ਦੀ ਅਗਵਾਈ ਡੀ.ਐੱਸ.ਪੀ. ਮਾਲੇਰਕੋਟਲਾ ਸਬ-ਡਿਵੀਜ਼ਨ ਮਾਨਵਜੀਤ ਸਿੱਧੂ ਅਤੇ ਡੀ.ਐੱਸ.ਪੀ. ਸੁਮਿਤ ਸੂਦ ਨੇ ਕੀਤੀ। ਇਸ ਮੌਕੇ ਥਾਣਾ ਸਿਟੀ-1, ਥਾਣਾ ਸਿਟੀ-2 ਅਤੇ ਥਾਣਾ ਸੰਦੌਰ ਦੇ ਐੱਸ.ਐੱਚ.ਓਜ਼ ਤੋਂ ਇਲਾਵਾ ਟ੍ਰੈਫਿਕ ਵਿੰਗ ਅਤੇ ਪੀ.ਸੀ.ਆਰ. ਵਿੰਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ। ਪੁਲਿਸ ਟੀਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਮਾਰਚ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: GMADA News: ਈਡੀ ਦੇ ਛਾਪਿਆਂ ਨਾਲ ਗਰਮਾਈ ਪੰਜਾਬ ਦੀ ਸਿਆਸਤ, 'ਆਪ' ਵਰਕਰਾਂ ਨੇ ਘੇਰਿਆ ਗਮਾਡਾ ਦਫ਼ਤਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਤਿਉਹਾਰ ਖੁਸ਼ੀ ਅਤੇ ਉਤਸ਼ਾਹ ਦਾ ਸਮਾਂ ਹੁੰਦੇ ਹਨ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਵਿੱਚ ਤਿਉਹਾਰ ਮਨਾਉਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਪਰਾਧ, ਨਸ਼ਾ ਤਸਕਰੀ ਜਾਂ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਐੱਸ.ਐੱਸ.ਪੀ. ਨੇ ਦੱਸਿਆ ਕਿ ਤਿਉਹਾਰਾਂ ਦੇ ਦੌਰਾਨ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਗਸ਼ਤ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 112 ਹੈਲਪਲਾਈਨ ਰਾਹੀਂ ਚੱਲ ਰਹੇ ਐਮਰਜੈਂਸੀ ਰਿਸਪਾਂਸ ਵਹੀਕਲ (ਈ.ਆਰ.ਵੀ.) ਅਤੇ ਪੀ.ਸੀ.ਆਰ. ਵਾਹਨਾਂ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ, ਤਾਂ ਜੋ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਲੋਕਾਂ ਨੂੰ 24 ਘੰਟੇ ਪੁਲਿਸ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤੁਰੰਤ ਪੁਲਿਸ ਸਹਾਇਤਾ ਲਈ ਨਾਗਰਿਕ 112 ’ਤੇ ਕਾਲ ਕਰ ਸਕਦੇ ਹਨ ਅਤੇ ਈ.ਆਰ.ਵੀ. ਵੱਲੋਂ ਲਗਭਗ 5 ਮਿੰਟਾਂ ਦੇ ਅੰਦਰ ਮੌਕੇ ’ਤੇ ਪਹੁੰਚਣ ਦਾ ਪ੍ਰਬੰਧ ਕੀਤਾ ਗਿਆ ਹੈ।

ਐੱਸ.ਐੱਸ.ਪੀ. ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਵਿਅਕਤੀ, ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 ਹੈਲਪਲਾਈਨ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਫਲੈਗ ਮਾਰਚ ਅਤੇ ਵਿਸ਼ੇਸ਼ ਗਸ਼ਤ ਜਾਰੀ ਰਹੇਗੀ।

About The Author

Related Posts