Faridkot News: 21,550 ਕਿਲੋ ਸ਼ੱਕੀ ਘਿਓ ਨਾਲ ਭਰਿਆ ਟਰੱਕ ਕਾਬੂ
ਲੈਬ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ
ਫਰੀਦਕੋਟ (ਗੁਰਪ੍ਰੀਤ ਪੱਕਾ)। ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਮਿਲਾਵਟਖੋਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਤੇ ਮਾਨਸਾ ਦੇ ਸਿਹਤ ਵਿਭਾਗ ਦੀ ਸਾਂਝੀ ਟੀਮ ਨੇ ਕੋਟਕਪੂਰਾ ਦੇ ਫੋਕਲ ਪੁਆਇੰਟ ਵਿਖੇ ਵੱਡੀ ਕਾਰਵਾਈ ਕਰਦਿਆਂ 21,550 ਕਿਲੋ ਸ਼ੱਕੀ ਗੈਰ-ਮਿਆਰੀ/ਮਿਲਾਵਟੀ ਘਿਓ ਨਾਲ ਭਰਿਆ ਇੱਕ ਟਰੱਕ ਕਾਬੂ ਕੀਤਾ ਹੈ। ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਕਾਰਵਾਈ ਦੌਰਾਨ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਘਿਓ ਦੇ ਲੋੜੀਂਦੇ ਨਮੂਨੇ ਸੀਲ ਕਰਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ, ਖਰੜ ਭੇਜ ਦਿੱਤੇ ਹਨ। ਅਧਿਕਾਰੀਆਂ ਅਨੁਸਾਰ ਘਿਓ ਦੀ ਗੁਣਵੱਤਾ ਤੇ ਮਿਆਰ ਸਬੰਧੀ ਅੰਤਿਮ ਸਥਿਤੀ ਲੈਬਾਰਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।
ਲੈਬ ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈ | Adulterated Ghee
ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਤੇ ਸੈਂਪਲਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੈਬ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਜਾਂਚ ਮੁਕੰਮਲ ਹੋਣ ਤੱਕ ਸਬੰਧਤ ਖੁਰਾਕੀ ਸਮੱਗਰੀ ਨੂੰ ਸੁਰੱਖਿਅਤ ਰੱਖਣ ਲਈ ਟਰੱਕ ਨੂੰ ਫਰੀਦਕੋਟ ਪੁਲਿਸ ਦੀ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : Abhishek Sharma: ਪੰਜਾਬ ਦੇ ਇਸ ਤੂਫਾਨੀ ਬੱਲੇਬਾਜ਼ ਦਾ ਕ੍ਰਿਕੇਟ ਸਫਰ, ਸੰਘਰਸ਼ ਤੋਂ ਸਟਾਰ ਬਣਨ ਤੱਕ ਦੀ ਪੂਰੀ ਕਹਾਣੀ
ਮਿਲਾਵਟਖੋਰੀ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ
ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਮਿਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਕਾਨੂੰਨ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਨੇ ਕਿਹਾ ਕਿ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਰੀਦਕੋਟ ਤੇ ਮਾਨਸਾ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।
ਇਹ ਕਾਰਵਾਈ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਤੇ ਲੋਕ ਹਿੱਤ ’ਚ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੁਰਾਕੀ ਵਸਤਾਂ ਖਰੀਦਣ ਸਮੇਂ ਪੈਕਿੰਗ, ਲੇਬਲ, ਗੁਣਵੱਤਾ ਤੇ ਮਿਆਦ ਦੀ ਜਾਂਚ ਜ਼ਰੂਰ ਕਰਨ। ਜੇਕਰ ਕਿਸੇ ਖੁਰਾਕੀ ਵਸਤੂ ਵਿੱਚ ਮਿਲਾਵਟ ਦਾ ਸ਼ੱਕ ਹੋਵੇ ਤਾਂ ਇਸ ਦੀ ਸੂਚਨਾ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਨੂੰ ਦਿੱਤੀ ਜਾਵੇ। ਇਹ ਅਧਿਕਾਰੀ ਰਹੇ ਮੌਜੂਦ : ਕਾਰਵਾਈ ’ਚ ਜੁਆਇੰਟ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਮਿਤ ਜੋਸ਼ੀ, ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ, ਫੂਡ ਸੇਫਟੀ ਅਫਸਰ ਮਾਨਸਾ ਅਮਰਿੰਦਰ ਪਾਲ ਸਿੰਘ, ਫੂਡ ਸੇਫਟੀ ਅਫਸਰ ਫਰੀਦਕੋਟ ਨਵਦੀਪ ਚਾਹਲ ਤੇ ਸਹਾਇਕ ਫੂਡ ਬ੍ਰਾਂਚ ਫਰੀਦਕੋਟ ਤ੍ਰਿਲੋਕ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੈਬਾਰਟਰੀ ਰਿਪੋਰਟ ਦੇ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।