Simarjit Singh Bains sentenced: ਸਾਬਕਾ ਵਿਧਾਇਕ ਸਿਮਰਨਜੀਤ ਬੈਂਸ ਨੂੰ ਇੱਕ ਸਾਲ ਦੀ ਸਜ਼ਾ
ਸਾਬਕ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਰਜ ਕਰਵਾਇਆ ਗਿਆ ਸੀ ਮਾਮਲਾ
Simarjit Singh Bains sentenced: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਮਨਜੀਤ ਸਿੰਘ ਬੈਂਸ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਪਿਛਲੇ ਲਗਭਗ 8 ਸਾਲਾਂ ਤੋਂ ਇਹ ਮਾਮਲਾ ਚੱਲ ਰਿਹਾ ਸੀ। ਉਂਜ ਅਦਾਲਤ ਵੱਲੋਂ ਸਿਮਰਨਜੀਤ ਬੈਂਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।
ਸਿਮਰਨਜੀਤ ਸਿੰਘ ਬੈਂਸ ਨੂੰ ਇਹ ਸਜ਼ਾ ਪਟਿਆਲਾ ਦੀ ਸੀਜੇਐੱਮ ਏਕਤਾ ਸਹੋਤਾ ਦੀ ਅਦਾਲਤ ਵੱਲੋਂ ਸੁਣਾਈ ਗਈ ਹੈ। ਅਦਾਲਤ ਨੇ ਉਨ੍ਹਾਂ ਨੂੰ ਭਾਰਤੀ ਦੰਡ ਸੰਹਿਤਾ ਦੀ ਧਾਰਾ 500 ਦੇ ਤਹਿਤ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਹੁਕਮਾਂ ਵਿੱਚ ਕਿਸੇ ਕਿਸਮ ਦਾ ਜ਼ੁਰਮਾਨਾ ਤੈਅ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਪੂਰਾ ਮਾਮਲਾ ਸਾਲ 2018 ਦਾ ਹੈ ਜਦੋਂ ਕਾਂਗਰਸ ਦੀ ਸਰਕਾਰ ਸੀ।
Read Also : ਅੰਮ੍ਰਿਤਸਰ ’ਚ ਕਾਰ ਸਾਈਡ ’ਤੇ ਕਰਨ ਨੂੰ ਲੈ ਕੇ ਹੋਇਆ ਵਿਵਾਦ, ਨੌਜਵਾਨ ਦੀ ਮੌਤ
ਉਸ ਸਮੇਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਅਤੇ ਨਸ਼ਾ ਛਡਾਊ ਕੇਂਦਰਾਂ ਨੂੰ ਕੀਤੀ ਜਾਣ ਵਾਲੀ ਦਵਾਈਆਂ ਦੀ ਸਪਲਾਈ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਲੋਕ ਇਨਸਾਫ਼ ਪਾਰਟੀ ਦੇ ਤਤਕਾਲੀ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੇ ਸੂਬੇ ਦੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਗੰਭੀਰ ਦੋਸ਼ ਲਾਏ ਸਨ। ਬੈਂਸ ਨੇ ਦੋਸ਼ ਲਾਇਆ ਸੀ ਕਿ ਬ੍ਰਹਮ ਮਹਿੰਦਰਾ ਦੇ ਇੱਕ ਫਾਰਮਾ ਕੰਪਨੀ ਨਾਲ ਕਥਿਤ ਸਬੰਧ ਹਨ ਅਤੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਪ੍ਰਕਿਰਿਆ ਵਿੱਚ ਭਾਰੀ ਗੜਬੜੀ ਕੀਤੀ ਗਈ ਹੈ।
ਬ੍ਰਹਮ ਮਹਿੰਦਰਾ ਨੇ ਇਹਨਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਗੁੰਮਰਾਹਕੁੰਨ ਅਤੇ ਆਪਣਾ ਅਕਸ ਖਰਾਬ ਕਰਨ ਵਾਲਾ ਦੱਸਦੇ ਹੋਏ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਅਦਾਲਤ ਨੇ ਅੱਜ ਸੁਣਵਾਈ ਦੌਰਾਨ ਪਾਇਆ ਕਿ ਸਿਮਰਨਜੀਤ ਸਿੰਘ ਬੈਂਸ ਵੱਲੋਂ ਲਾਏ ਗਏ ਦੋਸ਼ਾਂ ਦੇ ਪੱਖ ਵਿੱਚ ਕੋਈ ਲੋੜੀਂਦੇ ਜਾਂ ਪੁਖਤਾ ਸਬੂਤ ਪੇਸ਼ ਨਹੀਂ ਕੀਤਾ ਜਾ ਸਕਿਆ। ਮੁੱਖ ਨਿਆਂਇਕ ਮੈਜਿਸਟਰੇਟ ਏਕਤਾ ਸਹੋਤਾ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਬਿਨਾਂ ਕਿਸੇ ਸਬੂਤ ਦੇ ਲਾਏ ਇਹਨਾਂ ਦੋਸ਼ਾਂ ਨਾਲ ਸ਼ਿਕਾਇਤਕਰਤਾ ਦੀ ਸਮਾਜਿਕ ਅਤੇ ਸਿਆਸੀ ਸਾਖ ਨੂੰ ਡੂੰਘੀ ਸੱਟ ਵੱਜੀ ਹੈ ਅਤੇ ਬੈਂਸ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ।
ਇੱਧਰ ਪਟਿਆਲਾ ਦੀ ਸੀਜੇਐੱਮ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਤੁਰੰਤ ਬਾਅਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਮਾਨਤ ਮਿਲ ਗਈ ਹੈ। ਕਾਨੂੰਨੀ ਨਿਯਮਾਂ ਅਨੁਸਾਰ ਜੇਕਰ ਕਿਸੇ ਮਾਮਲੇ ਵਿੱਚ ਸਜ਼ਾ ਤਿੰਨ ਸਾਲਾਂ ਜਾਂ ਇਸ ਤੋਂ ਘੱਟ ਹੁੰਦੀ ਹੈ, ਤਾਂ ਉਸੇ ਅਦਾਲਤ ਕੋਲ ਦੋਸ਼ੀ ਨੂੰ ਉਪਰਲੀ ਅਦਾਲਤ ਵਿੱਚ ਅਪੀਲ ਦਾਇਰ ਕਰਨ ਲਈ ਅੰਤਰਿਮ ਜ਼ਮਾਨਤ ਦੇਣ ਦਾ ਅਧਿਕਾਰ ਹੁੰਦਾ ਹੈ। ਅਦਾਲਤ ਨੇ ਸਜ਼ਾ ਦੇ ਹੁਕਮਾਂ ਤੋਂ ਤੁਰੰਤ ਬਾਅਦ ਸਿਮਰਨਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਨਹੀਂ ਜਾਣਾ ਪਿਆ।