Punjab Farmers News: ਕੇਂਦਰ ਤੇ ਰਾਜ ਸਰਕਾਰ ਵਿਰੁੱਧ ਗਰਜ਼ੇ ਕਿਸਾਨ, ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਨੇ ਭਰੀ ਹਾਜ਼ਰੀ

ਭਾਰਤੀ ਕਿਸਾਨ ਯੂਨੀਅਨ ਏਕਤਾ (ਸੰਘਰਸ਼) ਵੱਲੋਂ ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ

Satinder Mathur  Picture
Published On

Punjab Farmers News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਸੰਘਰਸ਼) ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਣਜੀਤ ਐਵੀਨਿਊ, ਦਸਹਿਰਾ ਗਰਾਊਂਡ, ਅੰਮ੍ਰਿਤਸਰ ਵਿਖੇ ਮਹਾਂ ਪੰਚਾਇਤ ਕੀਤੀ ਗਈ। ਇਸ ਮਹਾਂ ਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮਹਾਂ ਪੰਚਾਇਤ ਦੀ ਅਗਵਾਈ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕੀਤੀ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

ਮਹਾਂ ਪੰਚਾਇਤ ਵਿੱਚ ਭਾਰਤ ਅਤੇ ਅਮਰੀਕਾ ਵਿਚਕਾਰ ਕੀਤੇ ਜਾ ਰਹੇ ਵਪਾਰਕ ਸਮਝੌਤੇ ਦਾ ਡਟਵਾਂ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਲਈ ਘਾਤਕ ਸਾਬਤ ਹੋ ਸਕਦਾ ਹੈ। ਜਥੇਬੰਦੀ ਨੇ ਸਰਕਾਰ ਤੋਂ ਇਸ ਸਮਝੌਤੇ ਨੂੰ ਰੱਦ ਕਰਨ ਅਤੇ ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਪਹਿਲ ਦੇਣ ਦੀ ਮੰਗ ਕੀਤੀ।

ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਇੱਕਜੁੱਟ ਹੋ ਕੇ ਇੱਕ ਆਵਾਜ਼ ਵਿੱਚ ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨ ਨੂੰ ਆਪਣੀ ਫ਼ਸਲ ਦਾ ਯਕੀਨੀ ਅਤੇ ਲਾਹੇਵੰਦ ਭਾਅ ਮਿਲਣਾ ਉਸ ਦਾ ਹੱਕ ਹੈ ਅਤੇ ਸਰਕਾਰ ਨੂੰ ਇਸ ਲਈ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ।

ਬਿਜਲੀ ਐਕਟ ਅਤੇ ਸਮਾਰਟ ਮੀਟਰਾਂ ਦਾ ਸਖ਼ਤ ਵਿਰੋਧ

ਮਹਾਂ ਪੰਚਾਇਤ ਵਿੱਚ ਬਿਜਲੀ ਐਕਟ ਅਤੇ ਸਮਾਰਟ/ਚਿੱਪ ਵਾਲੇ ਮੀਟਰ ਲਗਾਉਣ ਦੀ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬਿਜਲੀ ਨੂੰ ਆਮ ਲੋਕਾਂ ਦੀ ਬੁਨਿਆਦੀ ਲੋੜ ਦੀ ਬਜਾਏ ਵਪਾਰਕ ਚੀਜ਼ ਬਣਾਉਣ ਦੀਆਂ ਕੋਸ਼ਿਸ਼ਾਂ ਲੋਕਾਂ ਉੱਪਰ ਹੋਰ ਆਰਥਿਕ ਬੋਝ ਪਾਉਣਗੀਆਂ। ਕਿਸਾਨਾਂ ਨੇ ਕਿਹਾ ਕਿ ਸਰਕਾਰ ਅਜਿਹੀਆਂ ਨੀਤੀਆਂ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾਉਣ ਦੀ ਬਜਾਏ ਉਨ੍ਹਾਂ ਨੂੰ ਰਾਹਤ ਦੇਵੇ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਵਿਰੋਧੀ ਨੀਤੀਆਂ ਨੂੰ ਨਵੇਂ ਰੂਪ ਵਿੱਚ ਅੱਗੇ ਵਧਾਇਆ ਜਾ ਰਿਹਾ ਹੈ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਨੀਤੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਹੜ੍ਹ ਅਤੇ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਮੰਗ

ਮਹਾਂ ਪੰਚਾਇਤ ਵਿੱਚ ਹੜ੍ਹਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਅਤੇ ਜ਼ਮੀਨਾਂ ਦੇ ਮੁਆਵਜ਼ੇ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਕਈ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਉਨ੍ਹਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਨਹੀਂ ਮਿਲਿਆ। ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਨਾਂ ਕਿਸੇ ਦੇਰੀ ਦੇ ਸਹੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।

ਇਸ ਤੋਂ ਇਲਾਵਾ ਖਾਦ ਦੀ ਉਪਲੱਬਧਤਾ, ਖੇਤੀ ਲਾਗਤ ਵਿੱਚ ਵਾਧਾ, ਬਿਜਲੀ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ, ਮਹਿੰਗਾਈ ਅਤੇ ਹੋਰ ਕਿਸਾਨੀ ਮਸਲਿਆਂ ’ਤੇ ਵੀ ਵਿਚਾਰ ਕੀਤਾ ਗਿਆ ਅਤੇ ਸਰਕਾਰ ਤੋਂ ਤੁਰੰਤ ਹੱਲ ਦੀ ਮੰਗ ਕੀਤੀ ਗਈ।

ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਅੱਜ ਦੀ ਮਹਾਂ ਪੰਚਾਇਤ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਆਪਣੇ ਹੱਕਾਂ ਦੇ ਮਸਲੇ ’ਤੇ ਪੂਰੀ ਤਰ੍ਹਾਂ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ, ਜਿਨ੍ਹਾਂ ਨਾਲ ਕਿਸਾਨ, ਮਜ਼ਦੂਰ ਅਤੇ ਆਮ ਲੋਕ ਪ੍ਰਭਾਵਿਤ ਹੁੰਦੇ ਹਨ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਜੇਕਰ ਸਰਕਾਰ ਨੇ ਟਾਲ-ਮਟੋਲ ਦੀ ਨੀਤੀ ਜਾਰੀ ਰੱਖੀ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਮਜ਼ਬੂਤ ਅਤੇ ਵਿਸ਼ਾਲ ਕੀਤਾ ਜਾਵੇਗਾ।

ਮਹਾਂ ਪੰਚਾਇਤ ਵਿੱਚ ਆਗੂ ਰਹੇ ਹਾਜ਼ਰ

ਸੂਬਾ ਪ੍ਰਧਾਨ: ਪਲਵਿੰਦਰ ਸਿੰਘ ਮਾਹਲ,ਸੂਬਾ ਆਗੂ: ਸਵਿੰਦਰ ਸਿੰਘ ਕਲੇਰ, ਪ੍ਰਬਜੀਤ ਸਿੰਘ ਛੀਨਾ, ਮਲਕੀਤ ਸਿੰਘ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ: ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਜਨਰਲ ਸਕੱਤਰ: ਜਗਤਾਰ ਸਿੰਘ ਚਿੰਜੋਟੀ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪ੍ਰਧਾਨ, ਸੂਬਾ ਕਮੇਟੀ ਮੈਂਬਰ, ਬਲਾਕ ਪ੍ਰਧਾਨ, ਇਕਾਈ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਹਾਜ਼ਰ ਰਹੇ।

About The Author

Related Posts