DGP Gaurav Yadav: ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ ਹੋਏ ਗੌਰਵ ਯਾਦਵ, ਦੋ ਸਾਲ ਦਾ ਹੋਵੇਗਾ ਕਾਰਜਕਾਲ
ਯੂਪੀਐੱਸਸੀ ਵੱਲੋਂ ਭੇਜੇ ਤਿੰਨ ਆਈਪੀਐੱਸ ਅਧਿਕਾਰੀਆਂ ਦੇ ਪੈਨਲ ’ਚੋਂ ਹੋਈ ਚੋਣ, ਰਾਜਪਾਲ ਦੇ ਨਾਂਅ ’ਤੇ ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡੀਜੀਪੀ ਤੇ ਮੁਖੀ, ਪੁਲਿਸ ਫੋਰਸ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ। ਇਸ ਤੋਂ ਪਹਿਲਾਂ ਗੌਰਵ ਯਾਦਵ 5 ਜੁਲਾਈ, 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਹ ਫੈਸਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੂਬੇ ’ਚ ਰੈਗੂਲਰ ਡੀਜੀਪੀ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ’ਤੇ ਸਵਾਲ ਉਠਾਉਣ ਤੋਂ ਕੁਝ ਦਿਨਾਂ ਬਾਅਦ ਆਇਆ ਹੈ। ਅਦਾਲਤ ਨੇ ਇਹ ਸਵਾਲ ਉਸ ਸਮੇਂ ਉਠਾਇਆ ਸੀ, ਜਦੋਂ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਨੇ ਜੁਲਾਈ ’ਚ ਤਿੰਨ ਯੋਗ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ। DGP Gaurav Yadav
ਰੈਗੂਲਰ ਪੁਲਿਸ ਮੁਖੀ ਦੀ ਨਿਯੁਕਤੀ ਦੀ ਮੰਗ ਸਬੰਧੀ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਕਿਹਾ ਸੀ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਡੀਜੀਪੀ ਦਾ ਅਹੁਦਾ ਬੇਹੱਦ ਮਹੱਤਵਪੂਰਨ ਹੈ। ਅਦਾਲਤ ਨੇ ਟਿੱਪਣੀ ਕੀਤੀ ਸੀ ਕਿ ਕਾਰਜਕਾਰੀ ਪ੍ਰਬੰਧ ਨੂੰ ਅਣਮਿੱਥੇ ਸਮੇਂ ਤੱਕ ਜਾਰੀ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਈਕੋਰਟ ਨੇ ਸੂਬਾ ਸਰਕਾਰ ਨੂੰ ਢੁੱਕਵਾਂ ਫੈਸਲਾ ਲੈਣ ਦੇ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਯੂਪੀਐੱਸਸੀ ਵੱਲੋਂ ਡੀਜੀਪੀ ਦੇ ਅਹੁਦੇ ਲਈ ਯੋਗ ਮੰਨੇ ਗਏ ਤਿੰਨ ਅਧਿਕਾਰੀਆਂ ਦੇ ਪੈਨਲ ’ਚ ਗੌਰਵ ਯਾਦਵ ਤੋਂ ਇਲਾਵਾ ਡਾ. ਸ਼ਰਦ ਸੱਤਿਆ ਚੌਹਾਨ ਤੇ ਹਰਪ੍ਰੀਤ ਸਿੰਘ ਸਿੱਧੂ ਦੇ ਨਾਂਅ ਸ਼ਾਮਲ ਸਨ। DGP Gaurav Yadav
ਯੂਪੀਐੱਸਸੀ ਨੇ 1 ਜੁਲਾਈ, 2026 ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਨਾਵਾਂ ਵਿੱਚੋਂ ਇਨ੍ਹਾਂ ਤਿੰਨ ਅਧਿਕਾਰੀਆਂ ਨੂੰ ਪੈਨਲ ’ਚ ਸ਼ਾਮਲ ਕੀਤਾ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੌਰਵ ਯਾਦਵ ਦੀ ਰੈਗੂਲਰ ਡੀਜੀਪੀ ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ। ਗੌਰਵ ਯਾਦਵ ਦਾ ਜਨਮ 16 ਅਪ੍ਰੈਲ, 1969 ਨੂੰ ਹੋਇਆ ਸੀ। ਉਹ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ’ਚ ਸੁਪਰੀਮ ਕੋਰਟ ਦੇ 22 ਸਤੰਬਰ, 2006 ਤੇ 3 ਜੁਲਾਈ, 2018 ਦੇ ਨਿਰਦੇਸ਼ਾਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਹ ਨਿਰਦੇਸ਼ ਪ੍ਰਕਾਸ਼ ਸਿੰਘ ਤੇ ਹੋਰ ਬਨਾਮ ਭਾਰਤ ਸੰਘ ਤੇ ਹੋਰ ਮਾਮਲੇ ’ਚ ਪੁਲਿਸ ਸੁਧਾਰਾਂ ਨਾਲ ਸਬੰਧਤ ਹਨ। ਹੁਕਮਾਂ ’ਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਦੇ ਦਸਤਖ਼ਤ ਹਨ। DGP Gaurav Yadav
ਇਹ ਵੀ ਪੜ੍ਹੋ : Indian Railways News: ਤਿਉਹਾਰਾਂ ਦੇ ਸੀਜ਼ਨ ’ਚ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਲਈ ਚੱਲਣਗੀਆਂ ਦੋ ਨਵੀਆਂ ਵਿਸ਼ੇਸ਼ ਰੇਲ ਗੱਡੀਆਂ