Ghagga News: ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਘੱਗਾ ਮੁਕੰਮਲ ਬੰਦ, ਕਿਸਾਨ ਜਥੇਬੰਦੀਆਂ ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ
ਨਸ਼ਿਆਂ ਦੇ ਕਾਰੋਬਾਰ ’ਤੇ ਨਕੇਲ ਕੱਸਣ ਅਤੇ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਉੱਠੀ ਮੰਗ
ਘੱਗਾ (ਵਿਸ਼ਾਲ ਕੁਮਾਰ ਗੋਇਲ)। ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਘੱਗਾ ਵਿਖੇ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਇਲਾਕਾ ਵਾਸੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਬਾਜ਼ਾਰ ਦੀਆਂ ਦੁਕਾਨਾਂ ਬੰਦ ਰਹੀਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਤੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਨਸ਼ਿਆਂ ਦੀ ਵਿਕਰੀ ’ਚ ਸ਼ਾਮਲ ਲੋਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਡਟ ਕੇ ਲੜਦਾ ਰਿਹਾ ਤੇ ਕਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਦਾ ਸੀ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਨਾਲ ਸਿਰਫ਼ ਉਸ ਦੇ ਪਰਿਵਾਰ ਨੂੰ ਹੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨੂੰ ਵੀ ਵੱਡਾ ਘਾਟਾ ਪਹੁੰਚਿਆ ਹੈ। Ghagga News
ਉਨ੍ਹਾਂ ਦੱਸਿਆ ਕਿ ਇਸੇ ਦੁੱਖ ਤੇ ਰੋਸ ਦੇ ਮੱਦੇਨਜ਼ਰ ਘੱਗਾ ਦੇ ਲੋਕਾਂ, ਕਿਸਾਨ ਜਥੇਬੰਦੀਆਂ ਤੇ ਇਲਾਕਾ ਵਾਸੀਆਂ ਨੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਪਾਤੜਾਂ ਦੇ ਜਨਰਲ ਸਕੱਤਰ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਰਵਿੰਦਰ ਸਿੰਘ ਝੋਟਾ ਦੀ ਕਿਸੇ ਨਾਲ ਨਿੱਜੀ ਰੰਜਿਸ਼ ਨਹੀਂ ਸੀ, ਸਗੋਂ ਉਹ ਨਸ਼ਿਆਂ ਦੀ ਵਿਕਰੀ ਵਿਰੁੱਧ ਆਵਾਜ਼ ਉਠਾ ਰਿਹਾ ਸੀ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸੇ ਰੋਸ ਪ੍ਰਦਰਸ਼ਨ ਦੇ ਚਲਦਿਆਂ ਉਹਨਾਂ ਤੇ ਉਗਰਾਹਾਂ ਜਥੇਬੰਦੀ ਵੱਲੋਂ ਜੰਮੂ ਕਟੜਾ ਐਕਸਪ੍ਰੈਸ ਹਾਈਵੇ ਤੇ ਘੱਗਾ ਨੇੜੇ ਟੋਲ ਪਲਾਜ਼ਾ ਵੀ ਸ਼ਾਮ ਦੇ ਪੰਜ ਵਜੇ ਤੱਕ ਫ੍ਰੀ ਕੀਤਾ ਗਿਆ। ਪ੍ਰਦਰਸ਼ਨ ’ਚ ਸ਼ਾਮਲ ਪਿੰਡ ਬਰਾਸ ਦੀ ਰਾਜ ਕੌਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਆਪਣੇ ਪਰਿਵਾਰ ਦੀ ਬਜਾਏ ਸਮਾਜ ਦੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਸੰਘਰਸ਼ ਨੂੰ ਅੱਗੇ ਵਧਾਉਣ ਲਈ ਲੋਕਾਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ, ਸ਼ੱਕੀ ਥਾਵਾਂ ’ਤੇ ਜਾਂਚ ਤੇਜ਼ ਕਰਨ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। Ghagga News
ਇਹ ਵੀ ਪੜ੍ਹੋ : Parminder Jhota Case: ਪਰਵਿੰਦਰ ਝੋਟਾ ਦੇ ਪਿਤਾ ਵੱਲੋਂ ਮੋਦੀ ਤੇ ਅਮਿਤ ਸ਼ਾਹ ਨੂੰ ਇਨਸਾਫ਼ ਲਈ ਗੁਹਾਰ
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਲਈ ਸਿਰਫ਼ ਐਲਾਨਾਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਸੂਬਾ ਆਗੂ ਗੁਰਪ੍ਰੀਤ ਕੌਰ (ਬਰਾਸ), ਜਿਲਾ ਆਗੂ ਯਾਦਵਿੰਦਰ ਸਿੰਘ (ਬੂਰੜ), ਬਲਾਕ ਪ੍ਰਧਾਨ ਮਨਦੀਪ ਸਿੰਘ (ਭੂਤਗੜ੍ਹ), ਅਮਰਿੰਦਰ ਸਿੰਘ (ਘੱਗਾ), ਗੁਰਜਿੰਦਰ ਸਿੰਘ ਸਧਾਰਨਪੁਰ, ਪ੍ਰਿਤਪਾਲ ਸਿੰਘ ਤੰਬੂਵਾਲਾ, ਗੁਰਜੰਟ ਸਿੰਘ (ਸਧਾਰਨਪੁਰ), ਨੀਟਾ (ਦਫਤਰੀਵਾਲਾ), ਹਰਪਾਲ ਸਿੰਘ (ਘੱਗਾ), ਨਿਛੱਤਰ ਸਿੰਘ ਅਰਾਇਮਜਰਾ (ਕਾਂਗਰਸ ਆਗੂ) , ਗੁਰਪ੍ਰੀਤ ਸਿੰਘ (ਮਵੀ ਕਲਾਂ), ਭਗਵੰਤ ਸਿੰਘ (ਘੱਗਾ) ਅਤੇ ਹੋਰ ਧਰਨਾਕਾਰੀ ਮੌਜੂਦ ਸਨ। Ghagga News