Jobs in Punjab: ਨੌਕਰੀ ਲੱਭ ਰਹੇ ਨੌਜਵਾਨਾਂ ਲਈ ਖੁਸ਼ਖਬਰੀ, ਪੰਜਾਬ ’ਚ ਆਉਣ ਵਾਲੀ ਐ ਭਰਤੀ, ਜਾਣੋ ਮੁੱਖ ਮੰਤਰੀ ਮਾਨ ਨੇ ਕੀ ਕਿਹਾ?
ਲੋਕਾਂ ਦੀ ਭਾਗੀਦਾਰੀ ਨਾਲ ਅੱਗੇ ਵਧ ਰਹੀ ਐ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੁੱਖ ਮੰਤਰੀ ਮਾਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਪੁਲਿਸ ਦੀ ਨਫ਼ਰੀ ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਲੇ ਵਿੱਤੀ ਵਰ੍ਹੇ ਦੌਰਾਨ ਪੁਲਿਸ ਦੀਆਂ 10 ਹਜ਼ਾਰ ਹੋਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ 450 ਏਐੱਸਆਈਜ਼ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਤੇ ਕਰੀਬ 3400 ਨਵੇਂ ਪੁਲਿਸ ਮੁਲਾਜ਼ਮ ਇਸ ਸਮੇਂ ਸਿਖਲਾਈ ਲੈ ਰਹੇ ਹਨ। 450 ਏਐੱਸਆਈਜ਼ ਦੀ ਸਿੱਧੀ ਭਰਤੀ ਨੂੰ ਸਰਕਾਰ ਨੇ ਸਤੰਬਰ ’ਚ ਮਨਜ਼ੂਰੀ ਦਿੱਤੀ ਸੀ।
ਫਿਲੌਰ ਸਥਿਤ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ’ਚ ਕਰਵਾਈ ਗਈ ‘ਐੱਸਐੱਚਓਜ਼ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਲੋਕਾਂ ਦੀ ਭਾਗੀਦਾਰੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਥਾਣਾ ਮੁਖੀਆਂ ਨੂੰ ਪਿੰਡਾਂ ਅਤੇ ਕਸਬਿਆਂ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਤੇ ਨਸ਼ਿਆਂ ਨਾਲ ਸਬੰਧਿਤ ਜਾਣਕਾਰੀ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ।
Read Also : ਟਿਕਟ ਦੇ ਦਾਅਵੇਦਾਰਾਂ ਦੀ ‘ਚੜ੍ਹਤ’ ਵੀ ਬਣੀ ਵਿਧਾਇਕ ਮਾਈਸਰਖਾਨਾ ਲਈ ‘ਨਮੋਸ਼ੀ’
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੁਲਿਸ ਨੂੰ ਆਧੁਨਿਕ ਸਹੂਲਤਾਂ ਤੇ ਤਕਨਾਲੋਜੀ ਨਾਲ ਲੈਸ ਕਰ ਰਹੀ ਹੈ। ਇਸ ’ਚ ਸੀਸੀਟੀਵੀ ਕੈਮਰੇ, ਐਂਟੀ-ਡਰੋਨ ਸਿਸਟਮ, ਆਧੁਨਿਕ ਵਾਹਨ ਤੇ ਏਆਈ ਅਧਾਰਿਤ ਨਿਗਰਾਨੀ ਪ੍ਰਣਾਲੀਆਂ ਸ਼ਾਮਲ ਹਨ। ਉਨ੍ਹਾਂ ਮੁਤਾਬਕ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਡਰੋਨਾਂ ਰਾਹੀਂ ਹੋ ਰਹੀ ਕਥਿਤ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਵੀ ਨਜਿੱਠਣਾ ਪੈ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵਿੱਦਿਅਕ ਅਦਾਰਿਆਂ ’ਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਤੇ ਮੁੜ-ਵਸੇਬੇ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਐੱਨਡੀਪੀਐੱਸ ਐਕਟ ਤਹਿਤ 95,644 ਤੋਂ ਵੱਧ ਐੱਫਆਈਆਰ ਦਰਜ ਕੀਤੀਆਂ ਗਈਆਂ ਤੇ ਲਗਭਗ 1.28 ਲੱਖ ਗ੍ਰਿਫ਼ਤਾਰੀਆਂ ਹੋਈਆਂ।
ਇਸ ਦੌਰਾਨ 7,265 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਤੇ ਨਸ਼ਾ ਤਸਕਰਾਂ ਦੀ ਕਰੀਬ 375 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ ਵੱਲੋਂ ਮਿਲੀਆਂ 24,083 ਸੂਚਨਾਵਾਂ ਦੇ ਆਧਾਰ ’ਤੇ 4,843 ਐੱਫਆਈਆਰ ਦਰਜ ਕੀਤੀਆਂ ਗਈਆਂ ਤੇ 6,515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੂੰ ਵੀ ਸਰਕਾਰ ਦੀ ਤਰਜੀਹ ਦੱਸਦਿਆਂ ਛੁੱਟੀਆਂ ਤੇ ਪੈਨਸ਼ਨ ਨਾਲ ਸਬੰਧਿਤ ਬਕਾਇਆ ਮਾਮਲਿਆਂ ਦੇ ਨਿਪਟਾਰੇ ਸਮੇਤ ਹੋਰ ਕਦਮਾਂ ਦਾ ਜ਼ਿਕਰ ਕੀਤਾ। ਸਮਾਗਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੁੱਖ ਸਕੱਤਰ ਕੇਏਪੀ ਸਿਨ੍ਹਾ, ਡੀਜੀਪੀ ਤੇ ਅਧਿਕਾਰੀ ਹਾਜ਼ਰ ਸਨ।