Kheda Watan Punjab Diya: ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਸ਼ਾਲ ਮਾਰਚ ਦਾ ਫਰੀਦਕੋਟ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਸ਼ਾਲ ਮਾਰਚ ’ਚ ਕੀਤੀ ਸ਼ਮੂਲੀਅਤ
(ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸਬੰਧੀ ਲੋਕਾਂ ਅਤੇ ਖਿਡਾਰੀਆਂ ਨੂੰ ਜਾਗਰੂਕ ਕਰਨ ਲਈ ਕੱਢਿਆ ਗਿਆ ਮਸ਼ਾਲ ਮਾਰਚ ਵੀਰਵਾਰ ਨੂੰ ਫ਼ਰੀਦਕੋਟ ਪਹੁੰਚਿਆ। ਮਸ਼ਾਲ ਮਾਰਚ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਖੇਡ ਵਿਭਾਗ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਮਸ਼ਾਲ ਮਾਰਚ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਉਪਰੰਤ ਅਮਰਦੀਪ ਸਿੰਘ ਬਾਸੀ ਚੌਂਕ ਤੋਂ ਜੁਬਲੀ ਸਿਨੇਮਾ ਚੌਕ ਅਤੇ ਸੇਠੀ ਡੇਅਰੀ ਚੌਕ ਰਾਹੀਂ ਨਹਿਰੂ ਸਟੇਡੀਅਮ ਤੱਕ ਪੈਦਲ ਮਾਰਚ ਕੱਢਿਆ ਗਿਆ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਜਿੱਤ ਦੀ ਖੁਸ਼ੀ ਮਾਨਣ ਦੇ ਨਾਲ-ਨਾਲ ਹਾਰ ਨੂੰ ਸਹਿਣ ਅਤੇ ਉਸ ਤੋਂ ਸਿੱਖਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਮੁੜ ਹੱਸਦਾ-ਵੱਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਸਹਾਈ ਹੋਵੇਗਾ।
ਸਪੀਕਰ ਸੰਧਵਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਆਯੋਜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ। ਇਸ ਨਾਲ ਖਿਡਾਰੀਆਂ ਦਾ ਉਤਸ਼ਾਹ ਵਧੇਗਾ ਅਤੇ ਨੌਜਵਾਨਾਂ ਦੀ ਖੇਡਾਂ ਪ੍ਰਤੀ ਦਿਲਚਸਪੀ ਹੋਰ ਵਧੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੋਈ ਉਮਰ ਸੀਮਾ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਕਰਦਿਆਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਤਸ਼ਾਹਿਤ ਕਰਨ ਲਈ ਕਿਹਾ।
ਇਹ ਵੀ ਪੜ੍ਹੋ: Faridkot News: ਤਿੰਨ ਲੋੜਵੰਦ ਵਿਦਿਆਰਥੀਆਂ ਦੀ ਐੱਮ.ਬੀ.ਬੀ.ਐੱਸ. ਦਾਖ਼ਲਾ ਫੀਸ ਭਰਨਗੀਆਂ ਬਾਬਾ ਫ਼ਰੀਦ ਧਾਰਮਿਕ ਸੰਸਥਾਵਾਂ
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸ. ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਜੀ.ਏ. ਸ੍ਰੀ ਵਿਕਰਮਜੀਤ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ, ਰਜਿੰਦਰ ਦਾਸ ਰਿੰਕੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।