Punjab
Ludhiana News: ਲੁਧਿਆਣਾ ਪਹੁੰਚੇ ਮੰਤਰੀ ਹਰਜੋਤ ਬੈਂਸ, ਸਫਾਈ ਕਰਮਚਾਰੀਆਂ ਨੇ ਤਨਖਾਹ ਨਾ ਮਿਲਣ ਦਾ ਚੁੱਕਿਆ ਮੁੱਦਾ
ਕਲੀਨ ਪੰਜਾਬ ਮਿਸ਼ਨ ਦਾ ਜਾਇਜ਼ਾ ਲੈਣ ਲਈ ਹਰਜੋਤ ਸਿੰਘ ਬੈਂਸ ਪਹੁੰਚੇ ਲੁਧਿਆਣਾ
Ludhiana News: ਲੁਧਿਆਣਾ (ਹਿੰ.ਸ.)। ਕਲੀਨ ਪੰਜਾਬ ਮਿਸ਼ਨ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ ਤੇ ਸਫਾਈ ਕਰਮਚਾਰੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਮੰਤਰੀ ਸਾਹਮਣੇ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੀ ਸਮੱਸਿਆ ਵੀ ਰੱਖੀ। ਇਸ ਮੌਕੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਵੀ ਮੌਜ਼ੂਦ ਰਹੇ। ਸਫਾਈ ਕਰਮਚਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਮਿਲੇ ਤਾਂ ਉਹ ਲੁਧਿਆਣਾ ਨੂੰ ਪੂਰੀ ਤਰ੍ਹਾਂ ਸਾਫ਼ ਰੱਖਣ ’ਚ ਕੋਈ ਕਸਰ ਨਹੀਂ ਛੱਡਣਗੇ।
Read Also : Bribery: ਸਿਵਲ ਹਸਪਤਾਲ ਦਾ ਡਰਾਈਵਰ ਰਿਸ਼ਵਤ ਲੈਂਦੇ ਗ੍ਰਿਫਤਾਰ
ਕਰਮਚਾਰੀਆਂ ਮੁਤਾਬਕ ਨਗਰ ਨਿਗਮ ਲੁਧਿਆਣਾ ’ਚ ਕਰੀਬ 1000 ਸਫਾਈ ਕਰਮਚਾਰੀ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਪਿਛਲੇ ਦੋ ਤੋਂ ਤਿੰਨ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਕਰਮਚਾਰੀਆਂ ਨੇ ਕਿਹਾ ਕਿ ਤਨਖਾਹ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਵੇਰੇ ਸਵੇਰੇ ਸੜਕਾਂ ਤੇ ਇਲਾਕਿਆਂ ਦੀ ਸਫਾਈ ਕਰਦੇ ਹਨ, ਪਰ ਲੋਕ ਦੁਬਾਰਾ ਕੂੜਾ ਸੁੱਟ ਦਿੰਦੇ ਹਨ, ਜਿਸ ਕਾਰਨ ਸਫਾਈ ਪ੍ਰਬੰਧਾਂ ਨੂੰ ਬਰਕਰਾਰ ਰੱਖਣਾ ਮੁਸ਼ਕਲ ਹੋ ਜਾਂਦਾ ਹੈ। ਮੰਤਰੀ ਹਰਜੋਤ ਬੈਂਸ ਨੇ ਮੌਕੇ ’ਤੇ ਅਧਿਕਾਰੀਆਂ ਤੋਂ ਤਨਖਾਹ ਨਾ ਮਿਲਣ ਦੇ ਕਾਰਨਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਜੇਕਰ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲੇਗੀ ਤਾਂ ਉਹ ਆਪਣੇ ਘਰਾਂ ਦਾ ਗੁਜ਼ਾਰਾ ਕਿਵੇਂ ਚਲਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਭੁਗਤਾਨ ਪ੍ਰਣਾਲੀ ਨੂੰ ਸੁਧਾਰਨ ਤੇ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਵੀ ਦਿੱਤੇ। Ludhiana News