New SSP Malerkotla: ਹਰਕਮਲਪ੍ਰੀਤ ਸਿੰਘ ਖੱਖ ਨੇ ਸੰਭਾਲਿਆ ਐਸ.ਐਸ.ਪੀ. ਮਾਲੇਰਕੋਟਲਾ ਦਾ ਅਹੁਦਾ

ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ: ਜ਼ਿਲਾ ਪੁਲਿਸ ਮੁਖੀ

Satinder Mathur  Picture
Published On

New SSP Malerkotla: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਹਰਕਮਲਪ੍ਰੀਤ ਸਿੰਘ ਖੱਖ, ਪੀ.ਪੀ.ਐਸ. ਨੇ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਮਾਲੇਰਕੋਟਲਾ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.), ਐਨ.ਆਰ.ਆਈ. ਵਿੰਗ, ਜਲੰਧਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਦੇ ਨਾਲ ਉਹ ਕਮਾਂਡੈਂਟ, ਆਈ.ਐਸ.ਟੀ.ਸੀ., ਕਪੂਰਥਲਾ ਅਤੇ ਕਮਾਂਡੈਂਟ, 7ਵੀਂ ਬਟਾਲੀਅਨ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.), ਜਲੰਧਰ ਦਾ ਵਾਧੂ ਚਾਰਜ ਵੀ ਸੰਭਾਲ ਰਹੇ ਸਨ। ਐਸ.ਐਸ.ਪੀ. ਦਫ਼ਤਰ ਪਹੁੰਚਣ ’ਤੇ ਸ੍ਰੀ ਖੱਖ ਨੂੰ ਮਾਲੇਰਕੋਟਲਾ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਸ.ਪੀ., ਡੀ.ਐਸ.ਪੀ. ਅਤੇ ਐਸ.ਐਚ.ਓ. ਸਮੇਤ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਰ ਰਹੇ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: Punjab Government News: ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀਆਂ ਅਹਿਮ ਮੀਟਿੰਗਾਂ

ਅਹੁਦਾ ਸੰਭਾਲਣ ਉਪਰੰਤ ਐਸ.ਐਸ.ਪੀ. ਖੱਖ ਨੇ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਅਤੇ ਅਪਰਾਧ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪੇਸ਼ੇਵਰਤਾ ਬਣਾਈ ਰੱਖਣ, ਲੋਕਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ।

ਪੁਲਿਸ ਫੋਰਸ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਹਰ ਤਰ੍ਹਾਂ ਦੇ ਅਪਰਾਧ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ ਅਪਣਾਉਣ ਦਾ ਐਲਾਨ ਕੀਤਾ। ਉਨ੍ਹਾਂ ਫੀਲਡ ਯੂਨਿਟਾਂ ਨੂੰ ਨਸ਼ਾ ਤਸਕਰਾਂ, ਗੈਂਗਸਟਰਾਂ, ਜਾਇਦਾਦੀ ਅਪਰਾਧੀਆਂ ਅਤੇ ਹੋਰ ਅਪਰਾਧਿਕ ਤੱਤਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ। ਨਸ਼ਾ ਤਸਕਰੀ, ਡਕੈਤੀ, ਚੋਰੀ, ਜਬਰੀ ਵਸੂਲੀ ਜਾਂ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਸਮੇਤ ਹਰ ਮਾਮਲੇ ਵਿੱਚ ਸਖ਼ਤ, ਤੇਜ਼ ਅਤੇ ਨਿਰਪੱਖ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਪਰਾਧੀ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਐਸ.ਐਸ.ਪੀ. ਖੱਖ ਨੇ ਜਾਂਚ ਦੀ ਗੁਣਵੱਤਾ ਵਿੱਚ ਸੁਧਾਰ, ਅਦਾਲਤਾਂ ਵਿੱਚ ਸਮੇਂ ਸਿਰ ਚਲਾਨ ਪੇਸ਼ ਕਰਨ ਅਤੇ ਪੀੜਤਾਂ ਨੂੰ ਢੁਕਵੀਂ ਸਹਾਇਤਾ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਤਿਉਹਾਰਾਂ, ਇਕੱਠਾਂ ਅਤੇ ਸੰਵੇਦਨਸ਼ੀਲ ਮੌਕਿਆਂ ਦੌਰਾਨ ਅਮਨ-ਸ਼ਾਂਤੀ ਕਾਇਮ ਰੱਖਣ, ਗੰਭੀਰ ਅਪਰਾਧਾਂ ਦੀ ਤੁਰੰਤ ਜਾਂਚ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਨੂੰ ਮੁੱਖ ਤਰਜੀਹਾਂ ਵਿੱਚ ਸ਼ਾਮਲ ਕੀਤਾ।

ਉਨ੍ਹਾਂ ਮਾਲੇਰਕੋਟਲਾ ਦੇ ਵਸਨੀਕਾਂ, ਸਰਪੰਚਾਂ ਅਤੇ ਭਾਈਚਾਰਕ ਆਗੂਆਂ ਨਾਲ ਨਿਰੰਤਰ ਸੰਪਰਕ ਰਾਹੀਂ ਕਮਿਊਨਿਟੀ ਪੁਲਿਸਿੰਗ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਦੀ ਰੋਕਥਾਮ, ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਗਸ਼ਤ ਅਤੇ ਰਾਤ ਦੇ ਨਾਕੇ ਮਜ਼ਬੂਤ ਕਰਨ, ਸੜਕ ਸੁਰੱਖਿਆ ਵਿੱਚ ਸੁਧਾਰ ਅਤੇ ਸੀ.ਸੀ.ਟੀ.ਵੀ. ਕੈਮਰਿਆਂ, ਡਿਜੀਟਲ ਸਾਧਨਾਂ ਤੇ ਡਾਟਾ ਵਿਸ਼ਲੇਸ਼ਣ ਦੀ ਵਰਤੋਂ ਵਧਾਉਣ ਦੇ ਨਿਰਦੇਸ਼ ਦਿੱਤੇ।

ਐਸ.ਐਸ.ਪੀ. ਖੱਖ ਨੇ ਜ਼ਿਲ੍ਹਾ ਵਾਸੀਆਂ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੁਲਿਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਬਿਨਾਂ ਝਿਜਕ ਸੂਚਨਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਫ਼ੋਨ, ਈਮੇਲ ਜਾਂ ਵਿਅਕਤੀਗਤ ਤੌਰ ’ਤੇ ਮਿਲਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿਗਰਾਨੀ ਲਈ ਜਵਾਬਦੇਹੀ ਵਾਲਾ ਢਾਂਚਾ ਯਕੀਨੀ ਬਣਾਇਆ ਜਾਵੇਗਾ।

About The Author

Related Posts