Punjab
Rain Today: ਭਾਰੀ ਮੀਂਹ ਤੇ ਗੜੇਮਾਰੀ ਨੇ ਪਿੰਡ ਵਾਂਦਰ ਜਟਾਣਾ ਚ ਝੋਨੇ ਦੀ ਫ਼ਸਲ ਕੀਤੀ ਤਬਾਹ, ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ
ਪ੍ਰਭਾਵਿਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਵਿਖੇ ਲੰਘੀ ਅੱਧੀ ਰਾਤ ਨੂੰ ਤੇਜ਼ ਹਵਾਵਾਂ ਨਾਲ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਲੰਘੀ ਰਾਤ ਇਲਾਕੇ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਹੋਈ, ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਨੁਕਸਾਨ ਹੋਇਆ। ਪਿੰਡ ਵਾਂਦਰ ਜਟਾਣਾ ਵਿਖੇ ਕਈ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫ਼ਸਲ ਤਬਾਹ ਹੋ ਗਈ।
Read Also : ਝੱਖੜ ਕਾਰਨ ਦੋ ਰਾਈਸ ਮਿੱਲਾਂ ਦਾ ਭਾਰੀ ਨੁਕਸਾਨ, ਮਸ਼ੀਨਰੀ ਤੇ ਇਮਾਰਤਾਂ ਨੁਕਸਾਨੀਆਂ
ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਚਮਕੌਰ ਸਿੰਘ, ਸੰਦੀਪ ਸਿੰਘ ਅਤੇ ਪੰਚਾਇਤ ਮੈਂਬਰ ਸ਼ੰਮੀ ਨੇ ਦੱਸਿਆ ਕਿ ਗੜੇਮਾਰੀ ਅਤੇ ਬਰਸਾਤ ਕਾਰਨ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਕਈ ਕਿਸਾਨਾਂ ਦੀ ਫ਼ਸਲ ਦਾ 50 ਫ਼ੀਸਦੀ ਤੋਂ ਵੱਧ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਛੇ ਮਹੀਨਿਆਂ ਤੋਂ ਮਿਹਨਤ ਨਾਲ ਪਾਲੀ ਫ਼ਸਲ ਬਰਬਾਦ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਖੇਤਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਨੁਕਸਾਨ ਦੇ ਮੁਲਾਂਕਣ ਤੋਂ ਬਾਅਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਜਲਦ ਜਾਰੀ ਕੀਤਾ ਜਾਵੇ।