Employees News: ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ
ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ
ਫਰੀਦਕੋਟ (ਗੁਰਪ੍ਰੀਤ ਪੱਕਾ)। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਲੱਖਾਂ ਮੁਲਾਜ਼ਮ ਤੇ ਪੈਨਸ਼ਨਰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਲੰਬੀ ਸੁਣਵਾਈ ਤੋਂ ਬਾਅਦ ਮਿਤੀ 22 ਜੁਲਾਈ 2026 ਨੂੰ ਡੀਏ ਸਬੰਧੀ ਡਬਲ ਬੈਂਚ ਵੱਲੋਂ ਰਾਖਵੇਂ ਰੱਖੇ ਗਏ ਫੈਸਲੇ ਦਾ ਇੰਤਜ਼ਾਰ ਕਰ ਰਹੇ ਸਨ। ਅੱਜ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀਆਂ ਗਈਆਂ ਸਾਰੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ। ਇਸ ਸਬੰਧ ’ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਕਰਤਾਰ ਸਿੰਘ ਪਾਲ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਤੇ ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਜਿੰਦਰ ਪਾਇਲਟ, ਨਵੀਨ ਸਚਦੇਵਾ, ਟਹਿਲ ਸਿੰਘ ਸਰਾਭਾ ਤੇ ਸੰਜੀਵ ਕੁਮਾਰ ਲੁਧਿਆਣਾ ਨੇ ਮਾਨਯੋਗ ਅਦਾਲਤ ਦੇ ਡਬਲ ਬੈਂਚ ਵੱਲੋਂ ਅੱਜ ਕੀਤੇ ਗਏ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨੂੰ ਮਿਤੀ 8 ਅਪਰੈਲ 2026 ਦੇ ਸਿੰਗਲ ਜੱਜ ਸਾਹਿਬ ਦੇ ਫੈਸਲੇ ਵਾਂਗ ਇਤਿਹਾਸਿਕ ਮੰਨਿਆ ਜਾਵੇਗਾ। Employees News
ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਨਯੋਗ ਅਦਾਲਤ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹੋਏ ਬਿਨਾਂ ਕਿਸੇ ਹੋਰ ਦੇਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਡੀਏ ਦੀਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਮਾਨਯੋਗ ਸੁਪਰੀਮ ਕੋਰਟ ’ਚ ਚੈਲੰਜ ਕਰਕੇ ਹੋਰ ਲਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਗੁੱਸੇ ਦਾ ਨਤੀਜਾ ਭੁਗਤਣਾ ਪਵੇਗਾ। ਆਗੂਆਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਤੇ ਆਪਣਾ ਦਬਾਅ ਬਣਾਈ ਰੱਖਣ ਲਈ 7 ਅਗਸਤ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਵਿੱਚ ਹੁੰਮ ਹੁੰਮਾਕੇ ਸ਼ਾਮਿਲ ਹੋਣ। Employees News