Punjab
Mohali Candle March: ਨਸ਼ਿਆਂ ਵਿਰੁੱਧ ਜੂਝਣ ਵਾਲੇ ਸਾਥੀਆਂ ਦੀ ਯਾਦ ’ਚ ਮੋਹਾਲੀ ’ਚ ਵਿਸ਼ਾਲ ਕੈਂਡਲ ਮਾਰਚ
ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਦਾਅਵੇ ਨਹੀਂ, ਠੋਸ ਕਾਰਵਾਈ ਤੇ ਸਾਂਝੇ ਯਤਨਾਂ ਦੀ ਲੋੜ: ਬਲਬੀਰ ਸਿੰਘ ਸਿੱਧੂ
Mohali Candle March: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ਿਆਂ ਕਾਰਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਐਤਵਾਰ ਦੇਰ ਸ਼ਾਮ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਗੁਰਦੁਆਰਾ ਅੰਬ ਸਾਹਿਬ, ਫੇਜ਼-8 ਤੋਂ ਸ਼ੁਰੂ ਹੋਇਆ ਇਹ ਮਾਰਚ ਫੇਜ਼-7 ਤੱਕ ਪਹੁੰਚਿਆ। ਇਸ ਦੌਰਾਨ ਸਵਰਗੀ ਪਰਵਿੰਦਰ ਸਿੰਘ ਝੋਟਾ, ਸਵਰਗੀ ਗੁਲਜ਼ਾਰ ਸਿੰਘ ਅਤੇ ਨਸ਼ਿਆਂ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਝਾੜੂ ਖਿਲਾਰ ਕੇ ਵੀ ਰੋਸ ਪ੍ਰਗਟਾਇਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਕੱਠੇ ਹੋਏ ਲੋਕਾਂ ਨੇ ਮੋਮਬੱਤੀਆਂ ਜਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: Maharishi Valmiki Jayanti: ਪੰਜਾਬ ਦੇ ਰਾਜਪਾਲ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਦੀ ਦਿੱਤੀ ਵਧਾਈ
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਪਾਰਟੀ ਜਾਂ ਸੰਸਥਾ ਦੀ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ ਅਤੇ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਦੇਣੀਆਂ ਵੀ ਜ਼ਰੂਰੀ ਹਨ।
ਉਨ੍ਹਾਂ ਜ਼ੋਰ ਦਿੱਤਾ ਕਿ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵਧਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਰਹਿਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਮਰੀਕ ਸਿੰਘ ਸੋਮਲ, ਐੱਮ.ਸੀ. ਅਨੁਰਾਧਾ ਆਨੰਦ ਸਮੇਤ ਕਈ ਕਾਂਗਰਸੀ ਆਗੂ ਅਤੇ ਪਤਵੰਤੇ ਹਾਜ਼ਰ ਸਨ।

Comments