Kotkapura News: ਕੋਟਕਪੂਰਾ 'ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਬੇਨਕਾਬ, 35 ਨੌਜਵਾਨ ਰੈਸਕਿਊ

ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਪੁਲਿਸ ਨੂੰ ਨਾਲ ਲੈ ਕੇ ਕੇਂਦਰ ’ਤੇ ਛਾਪੇਮਾਰੀ ਕੀਤੀ

Ravinder Sharma Picture
Published On

ਕੋਟਕਪੂਰਾ ( ਅਜੈ ਮਨਚੰਦਾ)। ਜ਼ਿਲ੍ਹਾ ਸਿਹਤ ਵਿਭਾਗ ਫਰੀਦਕੋਟ ਦੀ ਟੀਮ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕੋਟਕਪੂਰਾ ਸ਼ਹਿਰ ਦੇ ਸਿੱਖਾਂ ਵਾਲਾ ਰੋਡ ਸਥਿਤ ਦੋ ਕੋਠੀਆਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਕਾਰਵਾਈ ਦੌਰਾਨ ਪ੍ਰਸ਼ਾਸਨ ਨੇ ਦੋਵੇਂ ਕੋਠੀਆਂ ਨੂੰ ਸੀਲ ਕਰ ਦਿੱਤਾ ਅਤੇ ਕੇਂਦਰ ਵਿੱਚ ਦਾਖ਼ਲ 35 ਨੌਜਵਾਨਾਂ ਨੂੰ ਰੈਸਕਿਊ ਕਰਕੇ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਇਸ ਗੈਰ-ਕਾਨੂੰਨੀ ਕੇਂਦਰ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸ਼ਿਕਾਇਤ ਮਿਲੀ ਸੀ। ਡੀਸੀ ਦੇ ਨਿਰਦੇਸ਼ਾਂ ’ਤੇ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਟੀਮ ਨੇ ਪੁਲਿਸ ਨੂੰ ਨਾਲ ਲੈ ਕੇ ਕੇਂਦਰ ’ਤੇ ਛਾਪੇਮਾਰੀ ਕੀਤੀ। ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਕੇਂਦਰ ਦਾ ਸੰਚਾਲਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

Read Also : ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦਾ ਦੌਰ ਜਾਰੀ, 18-19 ਅਗਸਤ ਨੂੰ ਭਾਰੀ ਮੀਂਹ ਦਾ ਯੈਲੋ ਅਲਰਟ

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਕੇਂਦਰ ਦੋ ਨਾਲ-ਨਾਲ ਲੱਗਦੀਆਂ ਕੋਠੀਆਂ ਵਿੱਚ ਚਲਾਇਆ ਜਾ ਰਿਹਾ ਸੀ, ਜਿੱਥੇ 35 ਨੌਜਵਾਨ ਦਾਖ਼ਲ ਸਨ। ਸਿਹਤ ਵਿਭਾਗ ਦੀ ਟੀਮ ਨੇ ਸਾਰੇ ਨੌਜਵਾਨਾਂ ਨੂੰ ਐਂਬੂਲੈਂਸਾਂ ਰਾਹੀਂ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਸ਼ਿਫਟ ਕਰ ਦਿੱਤਾ।

ਇਸ ਮਾਮਲੇ ਸਬੰਧੀ ਥਾਣਾ ਸਿਟੀ ਕੋਟਕਪੂਰਾ ਦੇ ਐੱਸਐੱਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਗੈਰ-ਕਾਨੂੰਨੀ ਤੌਰ ’ਤੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀ ਰਿਪੋਰਟ ਦੇ ਆਧਾਰ ’ਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Related Posts