Punjab Crime News: ਗੈਰ-ਕਾਨੂੰਨੀ ਮਾਈਨਿੰਗ ’ਤੇ ਛਾਪਾ, ਦੋ ਟਰੈਕਟਰ ਟਰਾਲੀਆਂ ਜ਼ਬਤ, ਜਾਣੋ ਪੂਰਾ ਮਾਮਲਾ
ਟੀਮ ਨੇ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ
ਜਲਾਲਾਬਾਦ (ਏਜੰਸੀ)। ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਸਾਂਝੇ ਤੌਰ ’ਤੇ ਪੰਜਾਬ ਦੇ ਜਲਾਲਾਬਾਦ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵੱਡੀ ਕਾਰਵਾਈ ਸ਼ੁਰੂ ਕੀਤੀ। ਪ੍ਰਸ਼ਾਸਨ ਨੇ ਇੱਕ ਨਾਲੇ ’ਤੇ ਛਾਪਾ ਮਾਰ ਕੇ ਇਸ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ’ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਛਾਪੇਮਾਰੀ ਵਾਲੀ ਥਾਂ ’ਤੇ ਮੌਜ਼ੂਦ ਮੁਲਜ਼ਮ ਹਨ੍ਹੇਰੇ ਅਤੇ ਮੌਕੇ ਦਾ ਫਾਇਦਾ ਉਠਾ ਕੇ ਭੱਜ ਗਏ। ਕਾਰਵਾਈ ਦੌਰਾਨ, ਟੀਮ ਨੇ ਰੇਤ ਨਾਲ ਭਰੀਆਂ ਦੋ ਟਰੈਕਟਰ ਟਰਾਲੀਆਂ ਜ਼ਬਤ ਕੀਤੀਆਂ।
ਦੋਵੇਂ ਵਾਹਨ ਵੈਰੋਕਾ ਪੁਲਿਸ ਸਟੇਸ਼ਨ ਵਿੱਚ ਖੜ੍ਹੇ ਕੀਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ ’ਤੇ ਪਿੰਡ ਦੇ ਨੇੜੇ ਇੱਕ ਨਾਲੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਸੀ। ਸੂਚਨਾ ਮਿਲਣ ’ਤੇ ਪੁਲਿਸ ਅਤੇ ਮਾਈਨਿੰਗ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ, ਪਰ ਕੋਈ ਵੀ ਕਾਰਵਾਈ ਹੋਣ ਤੋਂ ਪਹਿਲਾਂ ਹੀ ਮੁਲਜ਼ਮ ਭੱਜ ਗਏ। ਉਨ੍ਹਾਂ ਕਿਹਾ ਕਿ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਜ਼ਬਤ ਕੀਤੇ ਟਰੈਕਟਰ ਟਰਾਲੀਆਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਜੁਰਮਾਨੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਮਾਈਨਿੰਗ ਵਿਭਾਗ ਦੇ ਐਸਡੀਓ ਨਵਦੀਪ ਕੰਬੋਜ ਦੇ ਅਨੁਸਾਰ ਦੋਵਾਂ ਵਾਹਨਾਂ ’ਤੇ ਦੋ ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਗੈਰ-ਕਾਨੂੰਨੀ ਮਾਈਨਿੰਗ ਵਿੱਚ ਵਰਤੇ ਗਏ ਸਰੋਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਜਾਰੀ ਰਹੇਗੀ। ਪਹਿਲਾਂ ਵੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਮਾਮਲੇ ਦਰਜ ਕੀਤੇ ਗਏ ਹਨ ਤੇ ਭਵਿੱਖ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਗੈਰ-ਕਾਨੂੰਨੀ ਮਾਈਨਿੰਗ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਸਬੰਧਤ ਵਿਭਾਗ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
Read Also : ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ
