Election Observer Meeting: ਚੋਣ ਅਬਜ਼ਰਵਰ ਵੱਲੋਂ ਜ਼ਿਲ੍ਹਾ ਚੋਣ ਅਫਸਰ, ਐਸਐਸਪੀ ਤੇ ਏਡੀਸੀ ਨਾਲ ਅਹਿਮ ਮੀਟਿੰਗ
ਨਗਰ ਕੌਂਸਲ ਚੋਣਾਂ ਸਬੰਧੀ ਸੁਰੱਖਿਆ ਸਮੇਤ ਸਾਰੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Election Observer Meeting: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਨਗਰ ਕੌਂਸਲ ਚੋਣਾਂ-2026 ਨੂੰ ਸੁਚੱਜੇ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ, ਐਸ.ਐਸ.ਪੀ. ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਨਾਲ ਸਬੰਧਤ ਸਾਰੇ ਪ੍ਰਬੰਧਾਂ, ਆਦਰਸ਼ ਚੋਣ ਜਾਬਤੇ ਦੀ ਪਾਲਣਾ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਚੋਣ ਅਬਜ਼ਰਵਰ ਸ੍ਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਸੰਪੰਨ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੇ ਹਰ ਪੜਾਅ ’ਤੇ ਪੂਰੀ ਪਾਰਦਰਸ਼ਤਾ ਅਤੇ ਸੁਰੱਖਿਆ ਪ੍ਰਬੰਧ ਬਣਾਈ ਰੱਖੇ ਜਾਣ ਤਾਂ ਜੋ ਵੋਟਰਾਂ ਅਤੇ ਉਮੀਦਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖਣ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਅਤੇ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉੱਧਰ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਨੇ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।