Punjab
Faridkot News: ਫਰੀਦਕੋਟ ਦੇ 13 ਨਸ਼ਾ ਹੌਟਸਪੌਟ ਇਲਾਕਿਆਂ ’ਚ ਪੁਲਿਸ ਵੱਲੋਂ ਕਾਸੋ ਆਪ੍ਰੇਸ਼ਨ, ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਕੀਤੀ ਤਲਾਸ਼ੀ
ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਚਲਾਈ ਮੁਹਿੰਮ, ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਕੀਤੀ ਪੁੱਛਗਿੱਛ
ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਜ਼ਿਲ੍ਹੇ ਵਿੱਚ ਨਸ਼ਾ ਤਸਕਰੀ 'ਤੇ ਨਕੇਲ ਕੱਸਣ ਅਤੇ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਲਈ ਫਰੀਦਕੋਟ ਪੁਲਿਸ ਵੱਲੋਂ 13 ਨਸ਼ਾ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ ਗਿਆ। ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਇਨ੍ਹਾਂ ਇਲਾਕਿਆਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ।
ਪੁਲਿਸ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ 13 ਇਲਾਕਿਆਂ ਦੀ ਪਛਾਣ ਨਸ਼ਾ ਹੌਟਸਪੌਟ ਵਜੋਂ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾਂਦੀ ਹੈ। ਇਸੇ ਮੁਹਿੰਮ ਤਹਿਤ ਵੱਖ-ਵੱਖ ਪੁਲਿਸ ਟੀਮਾਂ ਨੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ: Bribery Case: ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਸੀਜੀਐਸਟੀ ਸੁਪਰਡੈਂਟ ਦੇ ਘਰੋਂ 1.86 ਕਰੋੜ ਦੀ ਨਗਦੀ ਅਤੇ ਗਹਿਣੇ ਬਰਾਮਦ
ਆਪ੍ਰੇਸ਼ਨ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਗਈ। ਵੱਖ-ਵੱਖ ਥਾਵਾਂ 'ਤੇ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਅਤੇ ਉਨ੍ਹਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਇਸ ਸਬੰਧੀ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ 'ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਅਜਿਹੇ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਏ ਜਾਂਦੇ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ। ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ ਜਾਂ ਤਸਕਰੀ ਕਰਨ ਵਾਲਿਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ, ਤਾਂ ਜੋ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
Comments