Punjab
Tarn Taran Road Accident: ਤਰਨਤਾਰਨ 'ਚ ਦਰਦਨਾਕ ਸੜਕ ਹਾਦਸਾ- ਬੱਸ ਦੀ ਟੱਕਰ ਨਾਲ ਸਕੂਟਰੀ ਸਵਾਰ ਮਾਂ ਦੀ ਮੌਤ, ਧੀ ਜ਼ਖ਼ਮੀ
ਬੱਸ ਦੇ ਟਾਇਰ ਹੇਠਾਂ ਆਉਣ ਕਾਰਨ ਮਹਿਲਾ ਨੇ ਮੌਕੇ 'ਤੇ ਤੋੜਿਆ ਦਮ, ਡਰਾਈਵਰ ਫ਼ਰਾਰ; ਪੁਲਿਸ ਵੱਲੋਂ ਮਾਮਲਾ ਦਰਜ
ਤਰਨਤਾਰਨ, (ਸੱਚ ਕਹੂੰ ਨਿਊਜ਼/ਹਿੰ.ਸ.)। ਤਰਨਤਾਰਨ ਦੇ ਪਲਾ ਸੌਰ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਬੱਸ ਦੀ ਟੱਕਰ ਲੱਗਣ ਕਾਰਨ ਸਕੂਟਰੀ ਸਵਾਰ ਮਾਂ-ਧੀ ਸੜਕ 'ਤੇ ਡਿੱਗ ਪਈਆਂ। ਇਸ ਦੌਰਾਨ ਮਾਂ ਬੱਸ ਦੇ ਟਾਇਰ ਹੇਠਾਂ ਆ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਧੀ ਗੰਭੀਰ ਜ਼ਖ਼ਮੀ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ (45) ਆਪਣੀ ਧੀ ਰਵਨੀਤ ਕੌਰ ਨਾਲ ਸਕੂਟਰੀ 'ਤੇ ਸਵਾਰ ਹੋ ਕੇ ਜਾ ਰਹੀ ਸੀ। ਇਸੇ ਦੌਰਾਨ ਬੱਸ ਨੇ ਉਨ੍ਹਾਂ ਦੀ ਸਕੂਟਰੀ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਦੋਵੇਂ ਮਾਂ-ਧੀ ਸੜਕ 'ਤੇ ਡਿੱਗ ਪਈਆਂ ਅਤੇ ਕੁਲਵਿੰਦਰ ਕੌਰ ਬੱਸ ਦੇ ਟਾਇਰ ਹੇਠਾਂ ਆ ਗਈ।
ਇਹ ਵੀ ਪੜ੍ਹੋ: Bathinda Police Operation: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਤਿੰਨ ਪਿੰਡਾਂ 'ਚ ਚਲਾਇਆ ਸਰਚ ਆਪ੍ਰੇਸ਼ਨ
ਹਾਦਸੇ ਵਿੱਚ ਜ਼ਖ਼ਮੀ ਹੋਈ ਧੀ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਜਸਪਾਲ ਸਿੰਘ ਵਾਸੀ ਪਲਾ ਸੌਰ, ਜ਼ਿਲ੍ਹਾ ਤਰਨਤਾਰਨ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫ਼ਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਦੀ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਵਿਖੇ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
Comments