AAP Punjab News: ਕਪੂਰਥਲਾ ’ਚ ਸਾਬਕਾ ਕਾਂਗਰਸੀ ਆਗੂ ਹੰਸ ਪਾਲ ਰੰਗਾ ਆਪ ਪਾਰਟੀ ’ਚ ਸ਼ਾਮਲ
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਨਵੇਂ ਆਗੂਆਂ ਦਾ ਕੀਤਾ ਸਵਾਗਤ, ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਫੜਿਆ ‘ਆਪ’ ਦਾ ਪੱਲਾ
AAP Punjab News: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਵਿੱਚ ਉਸ ਸਮੇਂ ਸਿਆਸੀ ਹੁਲਾਰਾ ਮਿਲਿਆ, ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਹਲਕੇ ਅਤੇ ਜ਼ਿਲ੍ਹੇ ਦੀਆਂ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ‘ਆਪ’ ਦਾ ਪੱਲਾ ਫੜਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਵੀ ਸ਼ਾਮਲ ਹਨ, ਜੋ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਆਏ। ਇਸ ਤੋਂ ਇਲਾਵਾ ਰੇਲ ਕੋਚ ਫੈਕਟਰੀ (ਆਰਸੀਐੱਫ), ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ: Punjab Firing News: ਗੋਇੰਦਵਾਲ ਸਾਹਿਬ ‘ਚ ਸਾਬਕਾ ਸਰਪੰਚ ਦੇ ਘਰ ’ਤੇ ਗੋਲੀਬਾਰੀ, ਇੱਕ ਕਰੋੜ ਦੀ ਫਿਰੌਤੀ ਮੰਗਣ ਦਾ ਵੀ ਦਾਅਵਾ
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੇ ਆਗੂ ਅਤੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵੇਂ ਆਗੂਆਂ ਦੇ ਸ਼ਾਮਲ ਹੋਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਆਪ’ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅਨੁਸਾਰ, ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।