Jalandhar Police: ਆਜ਼ਾਦੀ ਦਿਵਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਨੇ ਵਧਾਈ ਸੁਰੱਖਿਆ, ਥਾਂ-ਥਾਂ ਨਾਕਾਬੰਦੀ ਤੇ ਚੈਕਿੰਗ
15 ਅਗਸਤ ਸਬੰਧੀ ਪੁਲਿਸ ਚੌਕਸ
c: ਜਲੰਧਰ (ਸੱਚ ਕਹੂੰ ਨਿਊਜ਼/ਹਿੰ.ਸ.)। ਆਜ਼ਾਦੀ ਦਿਵਸ 2026 ਦੇ ਮੱਦੇਨਜ਼ਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ, ਪੀਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ’ਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ, ਗਸ਼ਤ ਤੇ ਨਾਈਟ ਡੋਮੀਨੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਖੁਦ ਜ਼ਮੀਨੀ ਪੱਧਰ ’ਤੇ ਸੁਰੱਖਿਆ ਪ੍ਰਬੰਧਾਂ, ਪੁਲਿਸ ਤਾਇਨਾਤੀ ਤੇ ਚੈਕਿੰਗ ਮੁਹਿੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਟੀਮਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਚੌਕਸੀ ਰੱਖਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਜਲੰਧਰ ਦਿਹਾਤੀ ਦੇ ਸਾਰੇ ਸਬ-ਡਵੀਜ਼ਨਾਂ ’ਚ ਪੁਲਿਸ ਦੀ ਮੌਜੂਦਗੀ ਵਧਾਈ ਗਈ ਹੈ। ਕਰਤਾਰਪੁਰ, ਨਕੋਦਰ, ਫਿਲੌਰ, ਸ਼ਾਹਕੋਟ ਤੇ ਆਦਮਪੁਰ ਇਲਾਕਿਆਂ ’ਚ ਵਿਸ਼ੇਸ਼ ਨਾਕਾਬੰਦੀ ਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਇਨ੍ਹਾਂ ਮੁਹਿੰਮਾਂ ਦੀ ਨਿਗਰਾਨੀ ਡੀਐੱਸਪੀ ਨਰਿੰਦਰ ਸਿੰਘ ਔਜਲਾ, ਡੀਐੱਸਪੀ ਓਂਕਾਰ ਸਿੰਘ ਬਰਾੜ, ਡੀਐੱਸਪੀ ਭਾਰਤ ਮਸੀਹ ਲੱਧੜ, ਡੀਐੱਸਪੀ ਸਰਵਣ ਸਿੰਘ ਬੱਲ ਤੇ ਡੀਐੱਸਪੀ ਰਾਜੀਵ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ ਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਦਾਖਲਾ ਤੇ ਨਿਕਾਸ ਮਾਰਗਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਕੀਤੀ ਜਾ ਰਹੀ ਹੈ। ਆਜ਼ਾਦੀ ਦਿਵਸ ਦੇ ਮੱਦੇਨਜ਼ਰ ਰਾਤ ਸਮੇਂ ਨਾਈਟ ਡੋਮੀਨੇਸ਼ਨ ਮੁਹਿੰਮ ਨੂੰ ਵੀ ਤੇਜ਼ ਕੀਤਾ ਗਿਆ ਹੈ। ਪੁਲਿਸ ਵੱਲੋਂ ਸੰਵੇਦਨਸ਼ੀਲ ਇਲਾਕਿਆਂ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਸਮਾਜ ਵਿਰੋਧੀ ਤੇ ਅਪਰਾਧਿਕ ਤੱਤਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। Jalandhar News
ਇਹ ਵੀ ਪੜ੍ਹੋ : Canada Murder Case: ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ
ਇਸ ਤੋਂ ਇਲਾਵਾ ਇਮਰਜੈਂਸੀ ਰਿਸਪਾਂਸ ਵਹੀਕਲਜ਼ ਨੂੰ 24 ਘੰਟੇ ਜ਼ਿਲ੍ਹੇ ’ਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ’ਚ ਲੋਕਾਂ ਤੱਕ ਤੁਰੰਤ ਪੁਲਿਸ ਸਹਾਇਤਾ ਪਹੁੰਚਾਈ ਜਾ ਸਕੇ। ਜਲੰਧਰ ਦਿਹਾਤੀ ਪੁਲਿਸ ਨੇ ਆਮ ਲੋਕਾਂ ਨੂੰ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਚੇਤ ਤੇ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ੱਕੀ ਵਿਅਕਤੀ, ਲਾਵਾਰਿਸ ਵਸਤੂ ਜਾਂ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਐਮਰਜੈਂਸੀ ਪੁਲਿਸ ਸਹਾਇਤਾ ਲਈ 112 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਵਸ ਨੂੰ ਸ਼ਾਂਤਮਈ ਤੇ ਸੁਰੱਖਿਅਤ ਮਾਹੌਲ ’ਚ ਮਨਾਉਣ ਲਈ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਗਏ ਹਨ। ਜਲੰਧਰ ਦਿਹਾਤੀ ਪੁਲਿਸ ਕਾਨੂੰਨ-ਵਿਵਸਥਾ ਕਾਇਮ ਰੱਖਣ ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ।