Jawani Sambhal Cycle Yatra: ਚੰਨੀ ਦੀ ‘ਜਵਾਨੀ ਸੰਭਾਲ’ ਯਾਤਰਾ ਸ਼ੁਰੂ, ਸਚਿਨ ਪਾਇਲਟ ਨੇ ਦਿਖਾਈ ਹਰੀ ਝੰਡੀ, ਰਾਜਾ ਵੜਿੰਗ ਰਹੇ ਗੈਰ-ਹਾਜ਼ਰ
ਪਹਿਲੇ ਪੜਾਅ ’ਚ 625 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ ਕਾਂਗਰਸ ਦੀ ਸਾਈਕਲ ਯਾਤਰਾ
ਚੰਡੀਗੜ/ਚਮਕੌਰ ਸਾਹਿਬ (ਅਸ਼ਵਨੀ ਚਾਵਲਾ)। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਅੱਠ ਰੋਜ਼ਾ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਨੂੰ ਵੀਰਵਾਰ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕਰਵਾਈ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ, ਵਿਧਾਇਕ ਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਰਹੇ ਪਰ ਸਾਬਕਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਿਖਾਈ ਨਹੀਂ ਦਿੱਤੇ ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਆਪਣੀ ਗੈਰ ਹਾਜ਼ਰੀ ਦਰਜ਼ ਕਰਵਾਈ। ਕਾਂਗਰਸ ਨੇ ਇਸ ਯਾਤਰਾ ਨੂੰ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਤੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨਾਲ ਜੋੜਿਆ ਹੈ।
ਕਾਂਗਰਸ ਆਗੂ ਦਾ ਕਹਿਣਾ ਹੈ ਕਿ ਯਾਤਰਾ ਰਾਹੀਂ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਉਠਾਏ ਜਾਣਗੇ। ਇਸ ਮੁਹਿੰਮ ਰਾਹੀਂ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਯਾਤਰਾ ਦੀ ਸ਼ੁਰੂਆਤ ਮੌਕੇ ਸਚਿਨ ਪਾਇਲਟ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨਾਂ ਕਿਹਾ ਕਿ ਸੂਬੇ ’ਚ ਨਸ਼ਿਆਂ, ਗੈਂਗਸਟਰਵਾਦ ਤੇ ਕਤਲ ਦੀਆਂ ਘਟਨਾਵਾਂ ਨੇ ਆਮ ਲੋਕਾਂ ਨੂੰ ਚਿੰਤਾ ’ਚ ਪਾਇਆ ਹੋਇਆ ਹੈ।
ਲੋਕਾਂ ਨੂੰ ਸਰਕਾਰ ਤੋਂ ਜਿਹੜੀਆਂ ਉਮੀਦਾਂ ਸਨ, ਉਹ ਪੂਰੀਆਂ ਨਹੀਂ ਹੋਈਆਂ ਤੇ ਅੱਜ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ‘ਜਵਾਨੀ ਸੰਭਾਲ’ ਯਾਤਰਾ ਕਿਸੇ ਇੱਕ ਵਿਅਕਤੀ ਜਾਂ ਆਗੂ ਦਾ ਨਿੱਜੀ ਪ੍ਰੋਗਰਾਮ ਨਹੀਂ, ਸਗੋਂ ਸਮੁੱਚੀ ਕਾਂਗਰਸ ਪਾਰਟੀ ਦੀ ਸਾਂਝੀ ਮੁਹਿੰਮ ਹੈ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਸਮੇਤ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਪੂਰੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।
ਚਰਨਜੀਤ ਚੰਨੀ ਨੇ ਕਿਹਾ ਕਿ ਯਾਤਰਾ ਦੌਰਾਨ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ। ਖ਼ਾਸ ਤੌਰ ’ਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਤੇ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਕਾਂਗਰਸ ਵੱਲੋਂ ਤਿਆਰ ਕੀਤੇ ਪ੍ਰੋਗਰਾਮ ਅਨੁਸਾਰ ਪਹਿਲੇ ਪੜਾਅ ’ਚ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਕਰੀਬ 625 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਦੌਰਾਨ ਮਾਲਵਾ ਖੇਤਰ ਦੇ 27 ਵਿਧਾਨ ਸਭਾ ਹਲਕਿਆਂ ਤੇ ਲੱਗਭੱਗ 24 ਸ਼ਹਿਰਾਂ ਤੇ ਕਸਬਿਆਂ ਨੂੰ ਕਵਰ ਕਰਨ ਦੀ ਯੋਜਨਾ ਹੈ। ਯਾਤਰਾ ’ਚ ਕਰੀਬ 2000 ਸਾਈਕਲ ਸਵਾਰਾਂ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।
ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਈ ਇਹ ਯਾਤਰਾ ਖਮਾਣੋਂ, ਸਮਰਾਲਾ ਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘਦੀ ਹੋਈ ਅੱਗੇ ਵਧੇਗੀ। ਇਸ ਤੋਂ ਬਾਅਦ ਫਿਲੌਰ, ਨਕੋਦਰ, ਸ਼ਾਹਕੋਟ, ਧਰਮਕੋਟ, ਮੋਗਾ, ਬਾਘਾਪੁਰਾਣਾ, ਫਰੀਦਕੋਟ, ਕੋਟਕਪੂਰਾ, ਜੈਤੋ, ਤਲਵੰਡੀ ਸਾਬੋ, ਮਾਨਸਾ ਤੇ ਬਰਨਾਲਾ ਸਮੇਤ ਵੱਖ-ਵੱਖ ਖੇਤਰਾਂ ’ਚ ਪਹੁੰਚਣ ਦਾ ਪ੍ਰੋਗਰਾਮ ਹੈ। ਪਹਿਲੇ ਪੜਾਅ ਦੀ ਸਮਾਪਤੀ 19 ਨਵੰਬਰ ਨੂੰ ਖੰਨਾ ਵਿਖੇ ਹੋਵੇਗੀ।
ਚਾਰ ਪੜਾਵਾਂ ’ਚ ਚੱਲੇਗੀ ਮੁਹਿੰਮ
ਚਰਨਜੀਤ ਚੰਨੀ ਨੇ ਕਿਹਾ ਕਿ ਸਾਈਕਲ ਯਾਤਰਾ ਨੂੰ ਚਾਰ ਪੜਾਵਾਂ ’ਚ ਪੂਰਾ ਕੀਤਾ ਜਾਵੇਗਾ। ਜਿਹੜੇ ਆਗੂ ਤੇ ਵਰਕਰ ਪਹਿਲੇ ਪੜਾਅ ’ਚ ਕਿਸੇ ਕਾਰਨ ਸ਼ਾਮਲ ਨਹੀਂ ਹੋ ਸਕਣਗੇ, ਉਨ੍ਹਾਂ ਨੂੰ ਅਗਲੇ ਪੜਾਵਾਂ ’ਚ ਹਿੱਸਾ ਲੈਣ ਦਾ ਮੌਕਾ ਦਿੱਤਾ ਜਾਵੇਗਾ। ਕਾਂਗਰਸ ਦੀ ਯੋਜਨਾ ਤਹਿਤ ਮਾਝਾ ਤੇ ਦੋਆਬਾ ਸਮੇਤ ਹੋਰ ਖੇਤਰਾਂ ਵਿੱਚ ਵੀ ਯਾਤਰਾਵਾਂ ਕੱਢੀਆਂ ਜਾਣਗੀਆਂ। ਨਵੰਬਰ ਤੇ ਦਸੰਬਰ ਦੌਰਾਨ ਵੱਖ-ਵੱਖ ਪੜਾਵਾਂ ਵਿੱਚ ਲੋਕਾਂ ਤੱਕ ਪਹੁੰਚਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ।
ਇਹ ਵੀ ਪੜ੍ਹੋ : DELHI MORNING AQI: ਦਿੱਲੀ 'ਚ ਅੱਜ ਸਵੇਰੇ ਕਈ ਥਾਵਾਂ 'ਤੇ ਹਵਾ ਗੁਣਵੱਤਾ ਸੂਚਕਾਂਕ 400 ਤੋਂ ਪਾਰ
Comments