Punjab Police News: 34 ਸਾਲ ਬਾਅਦ ਮਿਲਿਆ ਇਨਸਾਫ਼! ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ 5 ਸਾਲ ਦੀ ਕੈਦ

1992 ’ਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਨੂੰ ਵਿਆਹ ਸਮਾਗਮ 'ਚੋਂ ਅਗਵਾ ਕਰਨ ਦੇ ਮਾਮਲੇ 'ਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦਾ ਫ਼ੈਸਲਾ

Satinder Mathur  Picture
Published On

Punjab Police News: ਮੋਹਾਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਪੁਲਿਸ ਦੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਕਰੀਬ 34 ਸਾਲ ਪੁਰਾਣੇ ਅਗਵਾ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ 11 ਨਵੰਬਰ ਨੂੰ ਉਨ੍ਹਾਂ ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਵਿਆਹ ਸਮਾਗਮ ਵਿੱਚੋਂ ਅਗਵਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਸੁਣਾਉਣ ਸਮੇਂ ਰੰਧਾਵਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਧਾਰਾ 365 ਤਹਿਤ 5 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ, ਜਦਕਿ ਧਾਰਾ 120-ਬੀ ਤਹਿਤ 2 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਦੋਵੇਂ ਸਜ਼ਾਵਾਂ ਇਕੱਠੀਆਂ ਚੱਲਣਗੀਆਂ।

ਜਿਸ ਸਮੇਂ ਇਹ ਅਗਵਾ ਕਾਂਡ ਹੋਇਆ ਸੀ, ਉਸ ਵੇਲੇ ਗੁਰਮੀਤ ਸਿੰਘ ਰੰਧਾਵਾ ਡੀਐਸਪੀ ਦੇ ਅਹੁਦੇ 'ਤੇ ਤਾਇਨਾਤ ਸਨ। ਕੇਸ ਦੀ ਸੁਣਵਾਈ ਦੌਰਾਨ ਉਹ ਤਰੱਕੀ ਕਰਕੇ ਐਸਐਸਪੀ ਦੇ ਅਹੁਦੇ ਤੱਕ ਪਹੁੰਚ ਗਏ। ਇਸ ਮਾਮਲੇ ਵਿੱਚ ਅਗਵਾ ਦੀ ਸਾਜ਼ਿਸ਼ ਦਾ ਮੁੱਖ ਮੁਲਜ਼ਮ ਮੰਨੇ ਜਾਂਦੇ ਤਤਕਾਲੀ ਐਸਐਸਪੀਅਜੀਤ ਸਿੰਘ ਸੰਧੂ ਦੀ ਵੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ। ਅਗਵਾ ਕਰਨ ਆਈ ਪੁਲਿਸ ਟੀਮ ਦੇ ਤਿੰਨ ਹੋਰ ਮੁਲਾਜ਼ਮਾਂ ਦੀ ਵੀ ਮੌਤ ਹੋ ਚੁੱਕੀ ਹੈ।

ਮਾਮਲਾ 25 ਨਵੰਬਰ 1992 ਦਾ ਹੈ। ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਆਪਣੇ ਸਾਲੇ ਦੀ ਧੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਹੋਏ ਸਨ। ਇਸੇ ਦੌਰਾਨ ਤਰਨਤਾਰਨ ਪੁਲਿਸ ਦੀ ਇੱਕ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਅਮਰੀਕ ਸਿੰਘ ਦਾ ਕੋਈ ਪਤਾ ਨਹੀਂ ਲੱਗਿਆ।

ਇਹ ਵੀ ਪੜ੍ਹੋ: Punjab Administrative News: ਪੀ.ਸੀ.ਐਸ ਅਧਿਕਾਰੀ ਨਵਰੀਤ ਕੌਰ ਸੇਖੋਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਅਹੁਦਾ ਸੰਭਾਲਿਆ

ਸੀਬੀਆਈ ਦੀ ਜਾਂਚ ਮੁਤਾਬਕ, ਅਮਰੀਕ ਸਿੰਘ ਨੂੰ ਪੁਲਿਸ ਵੱਲੋਂ ਚੁੱਕੇ ਜਾਣ ਦੀ ਸੂਚਨਾ ਟੈਲੀਗ੍ਰਾਮ ਰਾਹੀਂ ਉਸ ਸਮੇਂ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਦਿੱਤੀ ਗਈ ਸੀ। ਉਨ੍ਹਾਂ ਦੀ ਰਿਹਾਈ ਲਈ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਨਤੀਜਾ ਨਹੀਂ ਨਿਕਲਿਆ।

ਅਮਰੀਕ ਸਿੰਘ ਦੇ ਭਤੀਜੇ ਦਿਲਬਾਗ ਸਿੰਘ ਨੇ ਵੀ ਦੋਸ਼ ਲਾਇਆ ਸੀ ਕਿ ਤਤਕਾਲੀ ਐਸਐਸਪੀਅਜੀਤ ਸਿੰਘ ਸੰਧੂ, ਡੀਐਸਪੀ ਗੁਰਮੀਤ ਸਿੰਘ ਰੰਧਾਵਾ ਸਮੇਤ ਛੇ ਪੁਲਿਸ ਅਧਿਕਾਰੀ ਉਨ੍ਹਾਂ ਦੇ ਚਾਚੇ ਨੂੰ ਆਪਣੇ ਨਾਲ ਲੈ ਗਏ ਸਨ। ਦਿਲਬਾਗ ਸਿੰਘ ਮੁਤਾਬਕ, ਉਹ ਅਗਲੇ ਦਿਨ ਤਰਨਤਾਰਨ ਵਿੱਚ ਅਮਰੀਕ ਸਿੰਘ ਨੂੰ ਮਿਲਿਆ ਵੀ ਸੀ, ਪਰ ਬਾਅਦ ਵਿੱਚ ਮਿਲਵਾਉਣ ਵਾਲੇ ਡੀਐਸਪੀਨੂੰ ਧਮਕਾਇਆ ਗਿਆ।

1996 ਵਿੱਚ ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਬੰਦੀ ਪ੍ਰਤੱਖੀਕਰਨ (ਹੈਬੀਅਸ ਕਾਰਪਸ) ਪਟੀਸ਼ਨ ਦਾਇਰ ਕੀਤੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕ ਸਿੰਘ ਦੀ ਮੌਤ ਹੋ ਚੁੱਕੀ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਭੋਗ ਨਾਲ ਸਬੰਧਤ ਇਸ਼ਤਿਹਾਰ ਵੀ ਅਦਾਲਤ ਵਿੱਚ ਪੇਸ਼ ਕੀਤੇ ਗਏ।

ਹਾਲਾਂਕਿ, ਪਰਿਵਾਰ ਨੇ ਸਰਕਾਰ ਦੇ ਇਸ ਦਾਅਵੇ ਨੂੰ ਸਵੀਕਾਰ ਨਹੀਂ ਕੀਤਾ। ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਵੱਲੋਂ ਅਣਪਛਾਤੀਆਂ ਲਾਸ਼ਾਂ ਦੱਸ ਕੇ ਕੀਤੇ ਗਏ ਸਸਕਾਰਾਂ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ। ਅਮਰੀਕ ਸਿੰਘ ਦਾ ਮਾਮਲਾ ਵੀ ਇਸ ਜਾਂਚ ਦੇ ਘੇਰੇ ਵਿੱਚ ਆ ਗਿਆ।

ਸੀਬੀਆਈ ਨੇ ਜਨਵਰੀ 1999 ਵਿੱਚ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਫਰਵਰੀ 2000 ਵਿੱਚ ਅਗਵਾ, ਗੈਰ-ਕਾਨੂੰਨੀ ਹਿਰਾਸਤ, ਸਰਕਾਰੀ ਰਿਕਾਰਡ ਵਿੱਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤਹਿਤ ਨਿਯਮਤ ਕੇਸ ਦਰਜ ਕੀਤਾ ਗਿਆ।

ਸਾਲ 2001 ਵਿੱਚ ਸੀਬੀਆਈਨੇ ਤਤਕਾਲੀ ਡੀਐਸਪੀ (ਡੀ) ਤਰਨਤਾਰਨ ਗੁਰਮੀਤ ਸਿੰਘ ਰੰਧਾਵਾ, ਤਤਕਾਲੀ ਐਸਐਚਓ ਇੰਸਪੈਕਟਰ ਸੂਬਾ ਸਿੰਘ, ਐਸਆਈ ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏਐਸਆਈ ਜਸਵੰਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਵਿੱਚ ਤਤਕਾਲੀ ਐਸਐਸਪੀ ਅਜੀਤ ਸਿੰਘ ਸੰਧੂ ਨੂੰ ਅਗਵਾ ਦੀ ਸਾਜ਼ਿਸ਼ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਸੀ। ਹਾਲਾਂਕਿ, ਜਾਂਚ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ ਸੀ।

ਸਾਲ 2022 ਵਿੱਚ ਜਦੋਂ ਮਾਮਲੇ ਦੀ ਸੁਣਵਾਈ ਸ਼ੁਰੂ ਹੋਈ ਤਾਂ ਸੀਬੀਆਈ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਗਏ ਕਈ ਅਹਿਮ ਸਬੂਤ ਰਿਕਾਰਡ ਵਿੱਚੋਂ ਗਾਇਬ ਪਾਏ ਗਏ। ਇਨ੍ਹਾਂ ਵਿੱਚ ਗਵਾਹਾਂ ਦੇ ਬਿਆਨ, ਵਿਆਹ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਤੋਂ ਇਲਾਵਾ ਮੁਲਜ਼ਮ ਪੁਲਿਸ ਅਧਿਕਾਰੀਆਂ ਦੇ ਵਾਹਨਾਂ ਦੀਆਂ ਲੌਗਬੁੱਕਾਂ ਵੀ ਸ਼ਾਮਲ ਸਨ।

ਇਸ ਤੋਂ ਬਾਅਦ ਹਾਈਕੋਰਟ ਦੇ ਹੁਕਮਾਂ 'ਤੇ ਅਦਾਲਤੀ ਰਿਕਾਰਡ ਨੂੰ ਮੁੜ ਤਿਆਰ ਕੀਤਾ ਗਿਆ। ਪੀੜਤ ਪਰਿਵਾਰ ਦੇ ਵਕੀਲਾਂ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਮੁਤਾਬਕ, ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕੇਸ ਦਾ ਰਿਕਾਰਡ ਗਾਇਬ ਕਰਵਾਇਆ ਗਿਆ ਸੀ।

ਕਰੀਬ 34 ਸਾਲਾਂ ਦੀ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਦਿਨੇਸ਼ ਕੁਮਾਰ ਵਧਵਾ ਨੇ ਸਾਬਕਾ ਐਸਐਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉੱਧਰ, ਇਸ ਮਾਮਲੇ ਵਿੱਚ ਨਾਮਜ਼ਦ ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਲੋੜੀਂਦੇ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।

Comments

Post Your Comment

About The Author

Related Posts