Kartarpur Corridor Reopening: ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ, ਭਗਵੰਤ ਮਾਨ ਨੇ ਪੀਐੱਮ ਨੂੰ ਕੀਤੀ ਅਪੀਲ
ਸ੍ਰੀ ਗੁੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਣ ਦਾ ਮੁੱਦਾ ਉਠਾਇਆ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਉਠਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਾਂਘਾ ਖੋਲ੍ਹਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਰਾਹੀਂ ਆਪਣੀ ਅਪੀਲ ਸਾਂਝੀ ਕੀਤੀ।
ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਅਹਿਮ ਮੁੱਦਾ ਦੱਸਦਿਆਂ ਇਸ ਨੂੰ ਮੁੜ ਖੋਲ੍ਹਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਵੀ ਮਤਾ ਪਾਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਫਿਰ ਜਾਣ ਦੀ ਇਜ਼ਾਜਤ ਮਿਲੇਗੀ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਤੁਰੰਤ ਕਾਰਵਾਈ ਜਰੂਰ ਕਰਨਗੇ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਨਵੰਬਰ 2019 ਵਿੱਚ ਖੋਲ੍ਹਿਆ ਗਿਆ ਸੀ। ਇਹ ਲਾਂਘਾ ਗੁਰਦਾਸਪੁਰ ਜ਼ਿਲੇ੍ਹ ਦੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨਾਲ ਜੋੜਦਾ ਹੈ। ਇਸ ਰਾਹੀਂ ਭਾਰਤੀ ਸ਼ਰਧਾਲੂ ਵੀਜ਼ਾ-ਮੁਕਤ ਯਾਤਰਾ ਤਹਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।
Comments