Punjab
Kotkapura News: ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ, ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਵਿਖੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ’ਤੇ ਸਰਕਾਰੀ ਬੈਂਕਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਬੈਂਕਾਂ ’ਚ ਪੰਜ ਦਿਨਾਂ ਦਾ ਹਫ਼ਤਾ ਲਾਗੂ ਕੀਤਾ ਜਾਵੇ, ਪੀਐੱਲਆਈ ਸਕੀਮ ਦਾ ਲਾਭ ਸਾਰੇ ਪੱਧਰ ਦੇ ਮੁਲਾਜ਼ਮਾਂ ਨੂੰ ਬਰਾਬਰ ਦਿੱਤਾ ਜਾਵੇ ਤੇ ਬੈਂਕਾਂ ’ਚ ਖਾਲੀ ਅਸਾਮੀਆਂ ’ਤੇ ਨਵੀਂ ਭਰਤੀ ਕੀਤੀ ਜਾਵੇ। ਬੈਂਕ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਮਹੀਨੇ ’ਚ ਦੋ ਸ਼ਨਿੱਚਰਵਾਰਾਂ ਦੀ ਛੁੱਟੀ ਲਾਗੂ ਕੀਤੀ ਗਈ ਸੀ ਤੇ ਪੰਜ ਦਿਨਾਂ ਦਾ ਹਫ਼ਤਾ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਮੰਗ ’ਤੇ ਕੋਈ ਫ਼ੈਸਲਾ ਨਹੀਂ ਹੋਇਆ। ਆਗੂਆਂ ਨੇ ਦੋਸ਼ ਲਾਇਆ ਕਿ ਪੀਐੱਲਆਈ ਸਕੀਮ ਤਹਿਤ ਬੈਂਕਾਂ ਦੇ ਮੁਨਾਫ਼ੇ ਦੀ ਵੰਡ ’ਚ ਹੇਠਲੇ ਪੱਧਰ ਦੇ ਮੁਲਾਜ਼ਮਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਵੱਡਾ ਲਾਭ ਉੱਚ ਅਧਿਕਾਰੀਆਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਨਾਕਾਰਾਤਮਕ ਰਵੱਈਆ ਅਪਣਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ’ਚ ਮੋਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਭ ਤੋਂ ਵੱਧ ਅਸਰ ਸਰਕਾਰੀ ਬੈਂਕਿੰਗ ਖੇਤਰ ’ਤੇ ਪਿਆ ਹੈ। Kotkapura News
ਇਹ ਵੀ ਪੜ੍ਹੋ : Faridkot News: ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 12.221 ਕਿਲੋ ਹੈਰੋਇਨ ਬਰਾਮਦ