Kotkapura News: ਦੀਵਾਲੀ ਵਾਲੇ ਦਿਨ ਵੱਡੀ ਚੋਰੀ, ਘਰ 'ਚੋਂ 15 ਤੋਲੇ ਸੋਨੇ ਦੇ ਗਹਿਣੇ ਤੇ 6 ਲੱਖ ਰੁਪਏ ਦੀ ਨਗਦੀ ਲੈ ਗਏ ਅਣਪਛਾਤੇ
ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ
ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਸ਼ਹਿਰ ਦੀ ਜੈਤੋ ਚੁੰਗੀ ਨੇੜੇ ਅੱਜ ਦੀਵਾਲੀ ਦੇ ਮੌਕੇ ਤੇ ਦਿਨ-ਦਿਹਾੜੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਵਿਅਕਤੀ 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਜੈਤੋ ਚੁੰਗੀ ਨੇੜੇ ਰਹਿਣ ਵਾਲੇ ਫਤਿਹ ਚੰਦ ਛਾਬੜਾ ਦਾ ਪਰਿਵਾਰ ਅੱਜ ਸਵੇਰੇ ਕਰੀਬ 9 ਵਜੇ ਪਿੰਡ ਸੰਧਵਾਂ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਸਤਿਸੰਗ ਕਰਨ ਲਈ ਗਿਆ ਹੋਇਆ ਸੀ। ਜਦੋਂ ਪਰਿਵਾਰਕ ਮੈਂਬਰ ਕਰੀਬ 11 ਵਜੇ ਘਰ ਵਾਪਸ ਪਰਤੇ ਤਾਂ ਘਰ ਅੰਦਰ ਸਾਮਾਨ ਖਿੱਲਰਿਆ ਹੋਇਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਘਰ ਦੀ ਜਾਂਚ ਕਰਨ 'ਤੇ ਪਤਾ ਲੱਗਿਆ ਕਿ ਅਣਪਛਾਤੇ ਚੋਰ 15 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੋਰ ਛੱਤ ਦੇ ਰਸਤੇ ਘਰ ਅੰਦਰ ਦਾਖਲ ਹੋਏ ਅਤੇ ਸ਼ੀਸ਼ੇ ਤੋੜ ਕੇ ਕਮਰਿਆਂ ਵਿੱਚ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਘਰ ਵਿੱਚ ਪਈ ਨਗਦੀ ਅਤੇ ਸੋਨੇ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਘਟਨਾ ਸਥਾਨ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਨੂੰ ਜਲਦ ਤੋਂ ਜਲਦ ਟਰੇਸ ਕਰਨ ਦੀ ਹਦਾਇਤ ਕੀਤੀ।
ਪਰਿਵਾਰ ਦੇ ਇੱਕ ਕਰੀਬੀ ਵਿਜੇ ਨਰੂਲਾ ਨੇ ਦੱਸਿਆ ਕਿ ਘਟਨਾ ਸਮੇਂ ਸਾਰਾ ਪਰਿਵਾਰ ਸਤਿਸੰਗ ਲਈ ਗਿਆ ਹੋਇਆ ਸੀ ਅਤੇ ਪਿੱਛੋਂ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ।
Read Also : ਮਦਰੱਸੇ ਤੇ ਘਰ ’ਚ ਲੱਗੀ ਅੱਗ, ਧੂੰਏਂ ਦੀ ਲਪੇਟ ਵਿੱਚ ਆਏ 48 ਵਿਦਿਆਰਥੀ ਬੇਹੋਸ਼
Comments