Punjab
Punjab Politics Latest News: ਕੁਲਦੀਪ ਧਾਲੀਵਾਲ ਨੂੰ ਅਜਨਾਲਾ ਹਲਕੇ ਤੋਂ ਮੁੜ ਮਿਲੀ ਟਿਕਟ, ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ
ਆਪ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਇਸ ਵਾਰ 100 ਸੀਟਾਂ ਜਿੱਤਾਂਗੇ : ਕੁਲਦੀਪ ਸਿੰਘ ਧਾਲੀਵਾਲ
(ਰਾਜਨ ਮਾਨ) ਅੰਮ੍ਰਿਤਸਰ। ਅੱਜ ਆਮ ਆਦਮੀ ਪਾਰਟੀ ਨੇ ਕੁਲਦੀਪ ਸਿੰਘ ਧਲੀਵਾਲ ਨੂੰ ਇੱਕ ਵਾਰ ਫਿਰ ਤੋਂ ਅਜਨਾਲਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਲਿਸਟ ਵਿੱਚ ਉਨ੍ਹਾਂ ਦਾ ਵੀ ਨਾਮ ਸ਼ਾਮਿਲ ਕੀਤਾ ਗਿਆ ਹੈ। 'ਆਪ' ਵੱਲੋਂ ਜਿਤਾਏ ਗਏ ਭਰੋਸੇ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ, ਹਰਪਾਲ ਚੀਮਾ, ਅਮਨ ਅਰੋੜਾ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਦੀ ਮਿਹਨਤ ਅਤੇ ਭਰੋਸੇ ਨੂੰ ਦੇਖਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਤਰ੍ਹਾਂ ਨਿਭਾਉਣਗੇ ਅਤੇ ਪਿਛਲੀ ਵਾਰ ਵਾਂਗ ਇਸ ਵਾਰ ਵੀ ਸੀਟ ਜਿੱਤ ਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੌਲੀ ਵਿੱਚ ਪਾਉਣਗੇ।
ਉਨ੍ਹਾਂ ਦਾ ਮੁੱਖ ਟੀਚਾ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲਿਜਾਣਾ ਅਤੇ ਸੂਬੇ ਵਿੱਚੋਂ ਬੇਰੁਜ਼ਗਾਰੀ ਅਤੇ ਨਸ਼ਿਆਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਪਿਛਲੇ ਸਾਲਾਂ ਦੌਰਾਨ ਮੁੱਖ ਮੰਤਰੀ ਵੱਲੋਂ ਪਾਣੀ ਦੀ ਸੰਭਾਲ ਅਤੇ ਪੱਧਰ ਨੂੰ ਉੱਪਰ ਚੁੱਕਣ ਲਈ ਇਤਿਹਾਸਕ ਕੰਮ ਕੀਤੇ ਗਏ ਹਨ। ਵਿਰੋਧੀ ਪਾਰਟੀਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਮੁਕਾਬਲਾ ਆਪਣੇ-ਆਪ ਨਾਲ ਹੀ ਹੈ। ਪਿਛਲੀ ਵਾਰ ਪਾਰਟੀ ਨੇ 92 ਸੀਟਾਂ ਜਿੱਤੀਆਂ ਸਨ ਅਤੇ ਇਸ ਵਾਰ 100 ਸੀਟਾਂ ਦਾ ਅੰਕੜਾ ਪਾਰ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਿਕਾਸ ਦੇ ਮੁੱਦਿਆਂ 'ਤੇ ਅਧਾਰਿਤ ਵੋਟਾਂ ਪੈਣਗੀਆਂ ਅਤੇ ਅਜਨਾਲਾ ਹਲਕੇ ਵਿੱਚ ਪਿਛਲੀ ਵਾਰ ਨਾਲੋਂ ਕਿਤੇ ਵੱਡੀ ਜਿੱਤ ਹਾਸਿਲ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ।
Comments