Kultar Singh Sandhwan: ਲੈਂਡ ਮੋਰਗੇਜ ਬੈਂਕ ਮਾਮਲਾ, ਸਪੀਕਰ ਕੁਲਤਾਰ ਸੰਧਵਾਂ ਦੇ ਘਰ ਘਿਰਾਓ ਕਰੇਗੀ ਬੀਕੇਯੂ ਏਕਤਾ ਸਿੱਧੂਪੁਰ
30 ਜੁਲਾਈ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕਰੇਗੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ’ਚ ਇਨਸਾਫ ਦੀ ਮੰਗ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੇ ਲੈਂਡ ਮੋਰਗੇਜ ਬੈਂਕ ਦੀ ਕਥਿਤ ਧੱਕੇਸ਼ਾਹੀ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਸੀ।
ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੀੜਤ ਪਰਿਵਾਰਾਂ ਦੇ ਭੋਗ ਸਮਾਗਮ ਦੌਰਾਨ ਦੋਵੇਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ, ਨਿੱਕੀਆਂ ਧੀਆਂ ਦੀ ਪੜ੍ਹਾਈ ਦਾ ਪ੍ਰਬੰਧ ਕਰਨ, ਵਿਧਵਾ ਹੋਈਆਂ ਔਰਤਾਂ ਨੂੰ ਆਰਥਿਕ ਸਹਾਇਤਾ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਰਜਿਸਟਰਾਰ ਸਹਿਕਾਰੀ ਸਭਾਵਾਂ (ਪੰਜਾਬ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ 30 ਮਾਰਚ 2026 ਤੋਂ ਫ਼ਰੀਦਕੋਟ ਸਮੇਤ ਪੰਜਾਬ ਦੇ 12 ਹੋਰ ਜ਼ਿਲ੍ਹਿਆਂ ’ਚ ਲੈਂਡ ਮੋਰਗੇਜ ਬੈਂਕ ਦੀਆਂ ਮੁੱਖ ਸ਼ਾਖਾਵਾਂ ਅੱਗੇ ਧਰਨੇ ਜਾਰੀ ਹਨ। ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਸੰਘਰਸ਼ ਦੌਰਾਨ ਪੰਜਾਬ ਭਰ ਤੋਂ ਲੈਂਡ ਮੋਰਗੇਜ ਬੈਂਕ ਦੀਆਂ ਕਥਿਤ ਬੇਨਿਯਮੀਆਂ ਤੇ ਕਿਸਾਨਾਂ ਨਾਲ ਹੋਈਆਂ ਧੋਖਾਧੜੀਆਂ ਦੇ ਸੈਂਕੜੇ ਮਾਮਲੇ ਜਥੇਬੰਦੀ ਕੋਲ ਪਹੁੰਚੇ ਹਨ।
Read Also : Japan Earthquake: ਜਪਾਨ ਦੇ ਕਿਊਸ਼ੂ ਖੇਤਰ ’ਚ 6.8 ਤੀਬਰਤਾ ਦਾ ਭੂਚਾਲ, ਸੁਨਾਮੀ ਦਾ ਖਤਰਾ ਟਲਿਆ
ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸੰਬੰਧਤ ਦਸਤਾਵੇਜ਼ ਤੇ ਸਬੂਤ ਉੱਚ ਅਧਿਕਾਰੀਆਂ ਨੂੰ ਮੀਟਿੰਗਾਂ ਦੌਰਾਨ ਸੌਂਪੇ ਜਾ ਚੁੱਕੇ ਹਨ, ਪਰ ਹੁਣ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਐਲਾਨ ਕੀਤਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਤੇ ਦੋਸ਼ੀ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ 30 ਜੁਲਾਈ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀ ਦੀ ਪੰਜਾਬ ਪੱਧਰੀ ਮੀਟਿੰਗ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਵੱਡੀ ਗਿਣਤੀ ’ਚ ਕਿਸਾਨਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।