Lehragaga Jakhal Road Accident: ਅਲੀਸ਼ੇਰ ਸੜਕ ਹਾਦਸਾ, ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਬਣੀ ਸਹਿਮਤੀ
ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਸਮਾਪਤ
ਲਹਿਰਾਗਾਗਾ (ਨੈਨਸੀ/ਰਾਜ ਸਿੰਗਲਾ)। ਲਹਿਰਾਗਾਗਾ–ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਸਬੰਧੀ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਧਰਨਾ ਅੱਜ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਸਮਾਪਤ ਹੋ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਬੰਦ ਕੀਤਾ ਗਿਆ ਲਹਿਰਾਗਾਗਾ–ਜਾਖਲ ਰੋਡ ਵੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਭਿਆਨਕ ਹਾਦਸੇ ਵਿੱਚ ਮਨਰੇਗਾ ਤਹਿਤ ਕੰਮ ਕਰ ਰਹੇ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਦਕਿ 12 ਵਿਅਕਤੀ ਜ਼ਖ਼ਮੀ ਹੋ ਗਏ ਸਨ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ, ਸਰਕਾਰੀ ਨੌਕਰੀਆਂ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਮੰਗਾਂ ਦੇ ਹੱਲ ਲਈ ਅੱਜ ਲਹਿਰਾਗਾਗਾ ਦੇ ਬੀਡੀਪੀਓ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਏਡੀਸੀ ਸੰਗਰੂਰ, ਐੱਸਪੀ (ਡੀ) ਅਤੇ ਐਕਸ਼ਨ ਕਮੇਟੀ ਦੇ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਈ।
ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ ਸਹਿਮਤੀ ਅਨੁਸਾਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਠੇਕੇ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ’ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਗੰਭੀਰ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸੜਕ ’ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ’ਤੇ ਵੀ ਸਹਿਮਤੀ ਬਣੀ ਹੈ। ਸਹਿਮਤੀ ਤੋਂ ਬਾਅਦ ਇਹ ਵੀ ਫ਼ੈਸਲਾ ਲਿਆ ਗਿਆ।
ਕਿ ਵੀਰਵਾਰ ਨੂੰ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪਿੰਡ ਅਲੀਸ਼ੇਰ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਐਕਸ਼ਨ ਕਮੇਟੀ ਦੇ ਕਨਵੀਨਰ ਬਿੱਕਰ ਸਿੰਘ ਅਥੋਹਾ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਮੀਟਿੰਗ ਦੌਰਾਨ ਹੋਈ ਸਹਿਮਤੀ ਅਤੇ ਲਏ ਗਏ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਸਹਿਮਤੀ ਬਣਨ ਨਾਲ ਪਿਛਲੇ ਚਾਰ ਦਿਨਾਂ ਤੋਂ ਜਾਰੀ ਧਰਨਾ ਖ਼ਤਮ ਹੋ ਗਿਆ ਅਤੇ ਸੜਕ ’ਤੇ ਆਵਾਜਾਈ ਮੁੜ ਬਹਾਲ ਹੋ ਗਈ।
ਇਹ ਵੀ ਪੜ੍ਹੋ : Sikander Singh Maluka: ਸਿਕੰਦਰ ਸਿੰਘ ਮਲੂਕਾ ਮਹਿਲਾ ਕਮਿਸ਼ਨ ਵੱਲੋਂ ਤਲਬ