Punjab
Malerkotla News: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਹੈਰੋਇਨ/ਚਿੱਟੇ ਸਮੇਤ ਦੋ ਮੁਲਜ਼ਮ ਕਾਬੂ
ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ : ਹਰਕਮਲਪ੍ਰੀਤ ਸਿੰਘ ਖੱਖ
Malerkotla News: ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਲੇਰਕੋਟਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਕਾਰਵਾਈ ਕਰਦਿਆਂ ਹੈਰੋਇਨ/ਚਿੱਟੇ ਦੀ ਕਥਿਤ ਬਰਾਮਦਗੀ ਸਬੰਧੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਮਾਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਇਮਰਾਨ ਉਰਫ਼ ਮਾਨ, ਵਾਸੀ ਮੁਹੱਲਾ ਡੇਕਾ ਵਾਲਾ, ਨੇੜੇ ਕੇਲੋ ਗੇਟ, ਮਾਲੇਰਕੋਟਲਾ ਅਤੇ ਮੁਹੰਮਦ ਦਾਊਦ, ਵਾਸੀ ਮੁਹੱਲਾ ਡੇਕਾ ਵਾਲਾ, ਨੇੜੇ ਕੇਲੋ ਗੇਟ, ਮਾਲੇਰਕੋਟਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਨਸ਼ੀਲੇ ਪਦਾਰਥ ਹੈਰੋਇਨ/ਚਿੱਟੇ ਦੀ ਕਥਿਤ ਗੈਰ-ਕਾਨੂੰਨੀ ਕਬਜ਼ੇ ਅਤੇ ਬਰਾਮਦਗੀ ਸਬੰਧੀ 21/61/85 ਐੱਨ.ਡੀ.ਪੀ.ਐੱਸ. ਐਕਟ, ਧਾਰਾਵਾਂ ਤਹਿਤ ਥਾਣਾ ਸਿਟੀ-2 ਮਾਲੇਰਕੋਟਲਾ ਵਿਖੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Patiala News: ਤਿਉਹਾਰਾਂ ਦੇ ਸੀਜ਼ਨ ਦੌਰਾਨ ਖੁਰਾਕ ਸੁਰੱਖਿਆ ਵਿਭਾਗ ਦੀ ਚੈਕਿੰਗ ਤੇਜ਼, ਦੋ ਖੁਰਾਕ ਕਾਰੋਬਾਰੀਆਂ ਦੇ ਲਾਇਸੈਂਸ ਮੁਅੱਤਲ ਕੀਤੇ
ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੱਖ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਨੂੰ ਰੋਕਣ ਅਤੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਵਚਨਬੱਧ ਹੈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਐੱਸ.ਪੀ. ਰਮਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਸਿੱਖਿਆ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪੁਲਿਸ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।