Illegal Drug De Addiction Centre: ਮਾਲੇਰਕੋਟਲਾ ਪੁਲਿਸ ਵੱਲੋਂ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, ਦੋ ਸੰਚਾਲਕ ਗ੍ਰਿਫ਼ਤਾਰ
ਥਾਣਾ ਸੰਦੌੜ ਦੀ ਐੱਸਐੱਚਓ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਮਿਲੀ ਸੀ ਸੂਚਨਾ
Illegal Drug De Addiction Centre: ਮਾਲੇਰਕੋਟਲਾ, (ਗੁਰਤੇਜ ਜੋਸ਼ੀ/ਹਿੰ.ਸ.)। ਮਾਲੇਰਕੋਟਲਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੰਦੌੜ ਅਧੀਨ ਪੈਂਦੇ ਪਿੰਡ ਮਹੋਲੀ ਕਲਾਂ ਵਿਖੇ ਚੱਲ ਰਹੇ ਇੱਕ ਕਥਿਤ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਕੇਂਦਰ ਦੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਇਹ ਕੇਂਦਰ ਬਿਨਾਂ ਲਾਇਸੈਂਸ ਦੇ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੇਅੰਤ ਸਿੰਘ ਵਾਸੀ ਮਹੋਲੀ ਕਲਾਂ, ਥਾਣਾ ਸੰਦੌੜ ਅਤੇ ਨੀਰਜ ਪੁੱਤਰ ਮੋਹਨ ਲਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਕਾਰਵਾਈ ਡੀਐੱਸਪੀ ਮਾਲੇਰਕੋਟਲਾ ਮਨਵਜੀਤ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਕੀਤੀ ਗਈ।
ਇਹ ਵੀ ਪੜ੍ਹੋ: Mansa Punjab News: ਰਾਕੇਸ਼ ਟਿਕੈਤ ਮਾਨਸਾ ਪਹੁੰਚੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਉਨ੍ਹਾਂ ਦੱਸਿਆ ਕਿ ਥਾਣਾ ਸੰਦੌੜ ਦੀ ਐੱਸਐੱਚਓ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਮਹੋਲੀ ਕਲਾਂ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਕੇਂਦਰ ’ਤੇ ਛਾਪੇਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ, ਮੁਲਜ਼ਮ ਕੇਂਦਰ ਚਲਾਉਣ ਸਬੰਧੀ ਕੋਈ ਲਾਇਸੈਂਸ ਜਾਂ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸੰਦੌੜ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਂਦਰ ਦੇ ਸੰਚਾਲਨ ਨਾਲ ਸਬੰਧਤ ਹੋਰ ਪਹਿਲੂਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਛੁਡਾਉਣ ਦਾ ਇਲਾਜ ਸਿਰਫ਼ ਯੋਗ ਡਾਕਟਰਾਂ ਦੀ ਦੇਖ-ਰੇਖ ਹੇਠ ਲਾਇਸੈਂਸਸ਼ੁਦਾ ਕੇਂਦਰਾਂ ਵਿੱਚ ਹੀ ਕਰਵਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਨਜ਼ੂਰੀ ਤੋਂ ਚੱਲ ਰਹੇ ਕੇਂਦਰ ਮਰੀਜ਼ਾਂ ਦੀ ਸਿਹਤ ਅਤੇ ਜਾਨ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਗੈਰ-ਕਾਨੂੰਨੀ ਕੇਂਦਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਐੱਸਐੱਸਪੀ ਖੱਖ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਛੁਡਾਉਣ ਲਈ ਮਰੀਜ਼ਾਂ ਨੂੰ ਸਿਰਫ਼ ਸਰਕਾਰੀ ਹਸਪਤਾਲਾਂ ਜਾਂ ਲਾਇਸੈਂਸਸ਼ੁਦਾ ਨਸ਼ਾ ਛੁਡਾਊ ਕੇਂਦਰਾਂ ਵਿੱਚ ਹੀ ਦਾਖ਼ਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਆਪਣੇ ਨਜ਼ਦੀਕੀ ਪੁਲਿਸ ਥਾਣੇ ਨੂੰ ਸੂਚਿਤ ਕਰ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਮਾਲੇਰਕੋਟਲਾ ਪੁਲਿਸ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਸੁਰੱਖਿਅਤ ਅਤੇ ਕਾਨੂੰਨੀ ਇਲਾਜ ਮੁਹੱਈਆ ਕਰਵਾਉਣਾ ਵੀ ਹੈ।
