Punjab
Malerkotla Sports News: ਮਾਲੇਰਕੋਟਲਾ ਦੇ ਚਾਂਦੀ ਤਗਮਾ ਜੇਤੂ ਮੁਹੰਮਦ ਯਾਸਰ ਨੇ ਏਸ਼ੀਆਈ ਖੇਡ ਮੰਚ ’ਤੇ ਗੱਡੇ ਕਾਮਯਾਬੀ ਦੇ ਝੰਡੇ : ਡਾ. ਜਮੀਲ ਉਰ ਰਹਿਮਾਨ
ਤਗਮਾ ਜਿੱਤ ਕੇ ਯਾਸਰ ਨੇ ਜ਼ਿਲ੍ਹੇ, ਪੰਜਾਬ ਅਤੇ ਦੇਸ਼ ਦਾ ਮਾਣ ਵਧਾਇਆ; ਵਿਧਾਇਕ ਵੱਲੋਂ ਖਿਡਾਰੀ ਤੇ ਪਰਿਵਾਰ ਨੂੰ ਮੁਬਾਰਕਬਾਦ
Malerkotla Sports News: ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਅਮਰਗੜ੍ਹ ਦੇ ਹੋਣਹਾਰ ਖਿਡਾਰੀ ਮੁਹੰਮਦ ਯਾਸਰ ਵੱਲੋਂ ਪੰਜਵੀਆਂ ਏਸ਼ੀਅਨ ਪੈਰਾ ਖੇਡਾਂ-2026 ਦੌਰਾਨ ਸ਼ਾਟਪੁੱਟ ਐੱਫ-46 ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਜ਼ਿਲ੍ਹਾ ਮਾਲੇਰਕੋਟਲਾ, ਪੰਜਾਬ ਅਤੇ ਦੇਸ਼ ਦਾ ਨਾਂਅ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨ ’ਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਖਿਡਾਰੀ ਅਤੇ ਉਸ ਦੇ ਪਰਿਵਾਰ ਨੂੰ ਦਿੱਲੀ ਮੁਬਾਰਕਬਾਦ ਦਿੱਤੀ ਹੈ। ਵਿਧਾਇਕ ਡਾ. ਰਹਿਮਾਨ ਨੇ ਕਿਹਾ ਕਿ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋਈਆਂ ਏਸ਼ੀਅਨ ਪੈਰਾ ਖੇਡਾਂ ਵਿੱਚ ਯਾਸਰ ਵੱਲੋਂ ਹਾਸਲ ਕੀਤੀ। ਇਹ ਪ੍ਰਾਪਤੀ ਸਾਲਾਂ ਦੀ ਮਿਹਨਤ, ਲਗਨ, ਸਬਰ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੀ ਮਿੱਟੀ ਵਿੱਚੋਂ ਉੱਠੇ ਇਸ ਨੌਜਵਾਨ ਨੇ ਆਪਣੀ ਪ੍ਰਤਿਭਾ ਦੇ ਦਮ ’ਤੇ ਏਸ਼ੀਆ ਦੇ ਖੇਡ ਮੰਚ ’ਤੇ ਕਾਮਯਾਬੀ ਦੀ ਨਵੀਂ ਇਬਾਰਤ ਲਿਖੀ ਹੈ। ਯਾਸਰ ਦੀ ਇਹ ਜਿੱਤ ਸਿਰਫ਼ ਇੱਕ ਤਗਮਾ ਨਹੀਂ, ਸਗੋਂ ਇਲਾਕੇ ਦੇ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਨਾ ਦਾ ਵੱਡਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਯਾਸਰ ਨੇ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਇੱਛਾ-ਸ਼ਕਤੀ ਅਤੇ ਮਿਹਨਤ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਸ ਦੀ ਇਸ ਪ੍ਰਾਪਤੀ ਪਿੱਛੇ ਖਿਡਾਰੀ ਦੀ ਆਪਣੀ ਮਿਹਨਤ ਦੇ ਨਾਲ-ਨਾਲ ਮਾਪਿਆਂ ਦੇ ਸਹਿਯੋਗ ਅਤੇ ਕੋਚ ਦੀ ਅਹਿਮ ਭੂਮਿਕਾ ਵੀ ਸ਼ਲਾਘਾਯੋਗ ਹੈ। ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਅਹਿਮ ਮੰਚ ਸਾਬਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜਨ ਅਤੇ ਇਸ ਮਕਸਦ ਲਈ ਖਿਡਾਰੀਆਂ ਨੂੰ ਲੋੜੀਂਦੀਆਂ ਖੇਡ ਸਹੂਲਤਾਂ ਤੇ ਸਾਮਾਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਹੰਮਦ ਯਾਸਰ ਦੀ ਚਾਂਦੀ ਦੀ ਇਹ ਪ੍ਰਾਪਤੀ ਆਉਣ ਵਾਲੇ ਸਮੇਂ ਵਿੱਚ ਹੋਰ ਅਨੇਕਾਂ ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ’ਤੇ ਦੇਸ਼ ਦੀ ਨੁਮਾਇੰਦਗੀ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਜਾਫਰ ਅਲੀ, ਵਿਧਾਇਕ ਦੇ ਪੀ.ਏ. ਗੁਰਮੁੱਖ ਸਿੰਘ, ਏ.ਕੇ.ਵਾਈ. ਮੁਨਿਸ ਰਹਿਮਾਨ ਅਤੇ ਕੋਚ ਹਰਮਿੰਦਰਪਾਲ ਸਿੰਘ ਹਾਜ਼ਰ ਸਨ।
Comments