Punjab
Bathinda News: ਧੋਬੀਆਣਾ ਬਸਤੀ ’ਚ ਸ਼ੁਰੂ ਹੋਵੇਗਾ ਸੀਵਰੇਜ ਪ੍ਰੋਜੈਕਟ, ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਰਫ਼ਤਾਰ : ਮੇਅਰ
ਕਿਹਾ, 60 ਸਾਲਾਂ ਤੋਂ ਵਿਕਾਸ ਤੋਂ ਵਾਂਝੇ ਇਲਾਕੇ ਦੀ ਹੁਣ ਬਦਲੇਗੀ ਨੁਹਾਰ
Bathinda News: ਬਠਿੰਡਾ (ਭੁਪਿੰਦਰ ਸਿੰਘ)। ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਰਾਮਪਿਆਰੀ ਦੇ ਵਾਰਡ ਨੰਬਰ 15 ਵਿਖੇ ਸਥਿਤ ਧੋਬੀਆਣਾ ਬਸਤੀ ’ਚ ਕਰਵਾਈ ਲੋਕ ਮਿਲਣੀ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੇਅਰ, ਮਹਿਤਾ ਨੇ ਕਿਹਾ ਕਿ ਧੋਬੀਆਣਾ ਬਸਤੀ ਪਿਛਲੇ ਕਰੀਬ 60 ਸਾਲਾਂ ਤੋਂ ਵਿਕਾਸ ਪੱਖੋਂ ਅਣਗੌਲੀ ਰਹੀ ਹੈ, ਪਰ ਹੁਣ ਲੋਕਾਂ ਦੇ ਵਿਸ਼ਵਾਸ ਤੇ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਨੂੰ ਇਸ ਇਲਾਕੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਇਸ ਇਲਾਕੇ ਦਾ ਸਰਵਪੱਖੀ ਵਿਕਾਸ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਐਲਾਨ ਕੀਤਾ ਕਿ 15 ਅਗਸਤ ਤੋਂ ਪਹਿਲਾਂ ਧੋਬੀਆਣਾ ਬਸਤੀ ’ਚ ਸੀਵਰੇਜ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਤੁਰੰਤ ਹੀ ਗਲੀਆਂ ’ਚ ਇੰਟਰਲਾਕਿੰਗ ਟਾਈਲਾਂ ਵਿਛਾਈਆਂ ਜਾਣਗੀਆਂ, ਜਿਸ ਨਾਲ ਬਸਤੀ ਦੀ ਨੁਹਾਰ ਬਦਲ ਜਾਵੇਗੀ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਾ ਪੂਰਾ ਲਾਭ ਮਿਲੇਗਾ। ਮੇਅਰ ਨੇ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰੀ ਤਰ੍ਹਾਂ ਖਰੇ ਉਤਰਣਗੇ। ਵਾਰਡ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤੇ ਕਿਸੇ ਵੀ ਵਿਕਾਸ ਕਾਰਜ ’ਚ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। Bathinda News
Read Also : Haryana News: IPS ਅਦਿਤੀ ਸਿੰਘ ਨੇ ਪੰਚਕੂਲਾ ਪੁਲਿਸ ਦੇ ਡੀਸੀਪੀ ਵੱਜੋਂ ਸੰਭਾਲਿਆ ਅਹੁਦਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਸਿੱਖਿਆ, ਸਿਹਤ, ਰੁਜ਼ਗਾਰ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੇਅਰ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਠਿੰਡਾ ਵਿੱਚ ਰਿਕਾਰਡ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਆਉਣ ਵਾਲੇ ਸਮੇਂ ’ਚ ਕਈ ਹੋਰ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਹੋਣਗੇ, ਜੋ ਸ਼ਹਿਰ ਦੀ ਤਸਵੀਰ ਬਦਲਣ ਦੇ ਨਾਲ-ਨਾਲ ਇਸ ਨੂੰ ਦੇਸ਼ ਦੇ ਆਧੁਨਿਕ ਸ਼ਹਿਰਾਂ ਦੀ ਕਤਾਰ ’ਚ ਖੜ੍ਹਾ ਕਰਨਗੇ। ਅੰਤ ’ਚ ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਨੰਬਰ 15 ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ ਤੇ ਵਿਕਾਸ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਅਸੇਸਰ ਪਾਸਵਾਨ, ਬਲਾਕ ਪ੍ਰਧਾਨ ਗੁਰਬਿੰਦਰ ਸਿੰਘ, ਆਨੰਦ ਗੁਪਤਾ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। Bathinda News