Punjab
Bathinda News: ਮੇਰੀ ਰਸੋਈ ਯੋਜਨਾ, ਮੇਅਰ ਨੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ
ਵੱਡੀ ਗਿਣਤੀ ’ਚ ਲਾਭਪਾਤਰੀਆਂ ਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ
Bathinda News: ਬਠਿੰਡਾ (ਭੁਪਿੰਦਰ ਸਿੰਘ)। ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 23 ’ਚ ‘ਮੇਰੀ ਰਸੋਈ ਯੋਜਨਾ’ ਤਹਿਤ ਯੋਗ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਵੱਡੀ ਗਿਣਤੀ ’ਚ ਲਾਭਪਾਤਰੀਆਂ ਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਮੇਅਰ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਲੋਕ ਸੇਵਾ ਦੇ ਕੰਮ ਪੂਰੀ ਵਚਨਬੱਧਤਾ ਨਾਲ ਜਾਰੀ ਰੱਖੇਗਾ। ਇਸ ਮੌਕੇ ਮੇਅਰ ਸ੍ਰੀ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ।
Read Also : Jalandhar News: ਹਾਈ ਅਲਰਟ ’ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ’ਤੇ ਵਧਾਈ ਸੁਰੱਖਿਆ
‘ਮੇਰੀ ਰਸੋਈ ਯੋਜਨਾ’ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਖੁਰਾਕੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਰਾਹਤ ਮਿਲ ਸਕੇ ਤੇ ਉਨ੍ਹਾਂ ਦੇ ਘਰ ਦਾ ਚੁੱਲ੍ਹਾ ਨਿਯਮਿਤ ਤੌਰ ’ਤੇ ਬਲਦਾ ਰਹੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਵੀ ਮੁੱਖ ਮੰਤਰੀ ਦੇ ਲੋਕ ਭਲਾਈ ਤੇ ਜਨਹਿਤ ਦੇ ਵਿਜ਼ਨ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਿਹਾ ਹੈ। ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਗਰੀਬ, ਲੋੜਵੰਦ ਤੇ ਵਾਂਝੇ ਪਰਿਵਾਰਾਂ ਦੀ ਸਹਾਇਤਾ ਕਰਨਾ ਵੀ ਨਿਗਮ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਲੋਕ ਸੇਵਾ ਕਾਰਜ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਲੋੜਵੰਦ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਈ ਜਾ ਸਕੇ। ਇਸ ਮੌਕੇ ਰਮੇਸ਼ ਕੁਮਾਰ ਮੇਸ਼ਾ, ਅਸ਼ੋਕ ਕੁਮਾਰ ਕਾਲਾ, ਅਵਤਾਰ ਸਿੰਘ ਗੋਗਾ, ਦਲਜੀਤ ਸਿੰਘ ਰੋਮਾਣਾ, ਮੀਤਾ ਤੇ ਰਾਠੌੜ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਵਾਰਡ ਵਾਸੀ ਹਾਜ਼ਰ ਸਨ।