Punjab Government Welfare Scheme: ਵਿਧਵਾ ਤੇ ਨਿਆਸ਼ਰਿਤ ਔਰਤਾਂ ਲਈ ਪੰਜਾਬ ਸਰਕਾਰ ਵੱਲੋਂ 729 ਕਰੋੜ ਰੁਪਏ ਜਾਰੀ : ਮੰਤਰੀ ਬਲਜੀਤ ਕੌਰ

ਇਸ ਯੋਜਨਾ ਦਾ ਲਾਭ ਸੂਬੇ ਦੀਆਂ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ

Satinder Mathur  Picture
Published On

Punjab Government Welfare Scheme: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ ਕਰੀਬ 729 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਯੋਜਨਾ ਦਾ ਲਾਭ ਸੂਬੇ ਦੀਆਂ ਕਰੀਬ 7 ਲੱਖ ਯੋਗ ਔਰਤਾਂ ਨੂੰ ਮਿਲ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਰਕਾਰ ਦਾ ਮਕਸਦ ਸਿਰਫ਼ ਵਿੱਤੀ ਸਹਾਇਤਾ ਦੇਣਾ ਹੀ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਲਈ ਸਹਾਰਾ ਦੇਣਾ ਵੀ ਹੈ।

ਇਹ ਵੀ ਪੜ੍ਹੋ: Journalist News: ਪੱਤਰਕਾਰਾਂ ਲਈ ‘ਸਰਕਾਰ’ ਵੱਲੋਂ ਅਹਿਮ ਫੈਸਲਾ!

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਇਸ ਸਕੀਮ ਲਈ ਕਰੀਬ 1300 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਮਾਣ-ਸਨਮਾਨ ਨਾਲ ਜੀਵਨ ਜਿਊਣ ਦਾ ਅਧਿਕਾਰ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਔਰਤ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝੀ ਨਾ ਰਹੇ।

ਡਾ. ਬਲਜੀਤ ਕੌਰ ਨੇ ਯੋਜਨਾ ਦੇ ਯੋਗਤਾ ਮਾਪਦੰਡਾਂ ਬਾਰੇ ਦੱਸਦਿਆਂ ਕਿਹਾ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਇਸ ਤੋਂ ਇਲਾਵਾ, 30 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਅਣਵਿਆਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹਨ। ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਉਸ ਦੇ ਪਰਿਵਾਰ ਦੀ ਸਾਲਾਨਾ ਆਮਦਨ 60,000 ਰੁਪਏ ਜਾਂ ਇਸ ਤੋਂ ਘੱਟ ਹੋਣੀ ਲਾਜ਼ਮੀ ਹੈ।

ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਕੀਮ ਨਾਲ ਜੋੜਿਆ ਜਾਵੇ। ਉਨ੍ਹਾਂ ਨੇ ਅਰਜ਼ੀਆਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਕਰਨ ਦੇ ਨਾਲ-ਨਾਲ ਪੇਂਡੂ ਤੇ ਦੂਰ-ਦੁਰਾਡੇ ਇਲਾਕਿਆਂ ਵਿੱਚ ਜਾਗਰੂਕਤਾ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਪੰਚਾਇਤਾਂ, ਚੁਣੇ ਹੋਏ ਨੁਮਾਇੰਦਿਆਂ, ਆਂਗਣਵਾੜੀ ਵਰਕਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੀਆਂ ਯੋਗ ਔਰਤਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਲਾਭ ਦਿਵਾਉਣ ਵਿੱਚ ਸਹਿਯੋਗ ਕਰਨ।

Comments

Post Your Comment

About The Author

Related Posts