Punjab: ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਡਿਊਟੀ 'ਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ 'ਤੇ ਐਕਸ਼ਨ, ਕਿਹਾ ਹੁਣ ਇਸ ਤਰ੍ਹਾਂ ਹੋਵੇਗੀ ਕਾਰਵਾਈ

ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੈਟਰਨਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਪੂਰੀ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਸਾਹਮਣੇ ਆਉਣ 'ਤੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Read Also : ਏਡੀਸੀ ਪਟਿਆਲਾ ਨੇ 30 ਜੁਲਾਈ ਤੋਂ ਕਰਵਾਈ ਜਾਣ ਵਾਲੀ ਅਗਨੀਵੀਰ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਐਸਏਐਸ ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਸੂਬੇ ਭਰ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਤੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਡਾਇਰੈਕਟਰ ਪਸ਼ੂ ਪਾਲਣ ਨੂੰ ਇਮਾਰਤਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸਹੂਲਤਾਂ ਦੇ ਅਪਗ੍ਰੇਡ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਖੁੱਡੀਆਂ ਨੇ ਹਦਾਇਤ ਕੀਤੀ ਕਿ ਹਰ ਵੈਟਰਨਰੀ ਹਸਪਤਾਲ ਅਤੇ ਡਿਸਪੈਂਸਰੀ ਵਿੱਚ 24 ਘੰਟੇ ਬਿਜਲੀ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਵੈਕਸੀਨਾਂ ਦੀ ਸੁਰੱਖਿਅਤ ਸੰਭਾਲ ਲਈ ਕੋਲਡ ਸਟੋਰੇਜ ਪ੍ਰਬੰਧਾਂ ਨੂੰ ਲਾਜ਼ਮੀ ਕਰਾਰ ਦਿੰਦਿਆਂ ਕਿਹਾ ਕਿ ਵੈਕਸੀਨ ਸਟੋਰੇਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਤੌਰ 'ਤੇ ਜਵਾਬਦੇਹ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਸਨਮਾਨਜਨਕ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਬਿਨਾਂ ਕਿਸੇ ਪੱਖਪਾਤ ਜਾਂ ਦੇਰੀ ਦੇ ਪਹੁੰਚੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਗੈਰ-ਹਾਜ਼ਰੀ, ਲਾਪਰਵਾਹੀ, ਕੰਮ ਵਿੱਚ ਦੇਰੀ ਜਾਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੰਬਿਤ ਰੱਖਣ ਵਰਗੀਆਂ ਗੱਲਾਂ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

About The Author

Related Posts