Punjab
Municipal Council Employees: ਨਗਰ ਕੌਂਸਲ ਕਰਮਚਾਰੀਆਂ ਦੀ ਹੜਤਾਲ, ਡਿਪਟੀ ਕਮਿਸ਼ਨਰ ਨਾਲ ਅਹਿਮ ਮੀਟਿੰਗ
ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਗੁਰਦਿੱਤ ਸਿੰਘ ਸੇਖੋਂ
Municipal Workers Strike: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਭਰ ’ਚ ਨਗਰ ਕੌਂਸਲ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਨਾਲ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਗੋਇਲ, ਐਸਡੀਐਮ ਫ਼ਰੀਦਕੋਟ ਪੁਨੀਤ ਸ਼ਰਮਾ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸਾਰਵਾਣ, ਪ੍ਰਸ਼ਾਸਨਿਕ ਅਧਿਕਾਰੀਆਂ ਤੇ ਹੋਰ ਸਬੰਧਤ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਪਏ ਪ੍ਰਭਾਵ, ਇਕੱਠੇ ਹੋ ਰਹੇ ਕੂੜੇ ਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਲਾਜ਼ਮੀ ਸੇਵਾਵਾਂ ’ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਤੁਰੰਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਤੇ ਸਫ਼ਾਈ ਨੂੰ ਪਹਿਲ ਦੇਂਦਿਆਂ ਸ਼ਹਿਰ ’ਚ ਇਕੱਠੇ ਹੋਏ ਕੂੜੇ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੂੜੇ ਨੂੰ ਜਲਦ ਤੋਂ ਜਲਦ ਇਕੱਠਾ ਕਰਕੇ ਉਸ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੂੜਾ ਇਕੱਠਾ ਹੋਣ ਵਾਲੀਆਂ ਥਾਵਾਂ ’ਤੇ ਕੀਟਾਣੂਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾਵੇਗਾ ਤੇ ਕੂੜੇ ਨੂੰ ਪਲਾਸਟਿਕ ਸ਼ੀਟਾਂ ਨਾਲ ਢੱਕਿਆ ਜਾਵੇਗਾ ਤਾਂ ਜੋ ਮੱਖੀਆਂ, ਪਸ਼ੂ-ਪੰਛੀਆਂ ਜਾਂ ਹੋਰ ਕਾਰਨਾਂ ਕਰਕੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਤੋਂ ਰੋਕਿਆ ਜਾ ਸਕੇ। ਸੇਖੋਂ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਤੇ ਕਰਮਚਾਰੀਆਂ ਵਿਚਾਲੇ ਚੱਲ ਰਹੀ ਗੱਲਬਾਤ ਦਾ ਜਲਦ ਹੀ ਸਕਾਰਾਤਮਕ ਨਤੀਜਾ ਨਿਕਲੇਗਾ ਤੇ ਨਗਰ ਕੌਂਸਲ ਦੀਆਂ ਸੇਵਾਵਾਂ ਮੁੜ ਪਹਿਲਾਂ ਵਾਂਗ ਆਮ ਹੋ ਜਾਣਗੀਆਂ। Municipal Workers Strike
Read Also : CWG 2026: ਰਾਸ਼ਟਰਮੰਡਲ ਖੇਡਾਂ 2026 ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਦਾ ਤਗਮਾ ਪੱਕਾ, ਸੈਮੀਫਾਈਨਲ ’ਚ ਪਹੁੰਚੀ ਲਵਲੀਨਾ