Nayab Singh Saini: ਪੰਜਾਬ ’ਚ 2027 ’ਚ ਭਾਜਪਾ ਦੀ ਸਰਕਾਰ ਬਣੇਗੀ, ਹਰਿਆਣਾ ਵਾਂਗ ਲੋਕ ਭਲਾਈ ਯੋਜਨਾਵਾਂ ਕਰਾਂਗੇ ਲਾਗੂ : ਨਾਇਬ ਸਿੰਘ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਫਰੀਦਕੋਟ ਵਿਖੇ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਫ਼ਰੀਦਕੋਟ ਵਿਖੇ ਉੱਘੇ ਸਮਾਜ ਸੇਵੀ ਤੇ ਡਾਕਟਰ ਸੰਜੀਵ ਗੋਇਲ ਤੇ ਉਨ੍ਹਾਂ ਦੀ ਟੀਮ ਦੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਣ ਮੌਕੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਤੇ ਕਾਂਗਰਸ ਸਰਕਾਰਾਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸੰਕਟ ’ਚੋਂ ਲੰਘ ਰਿਹਾ ਹੈ ਤੇ ਲੋਕ ਹੁਣ ਬਦਲਾਅ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਰਿਆਣਾ ਵਿੱਚ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਸੈਣੀ ਨੇ ਡਾ. ਸੰਜੀਵ ਗੋਇਲ ਤੇ ਉਨ੍ਹਾਂ ਦੀ ਪੂਰੀ ਟੀਮ ਦਾ ਭਾਜਪਾ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਬਾਬਾ ਫਰੀਦ ਦੀ ਪਵਿੱਤਰ ਧਰਤੀ ਤੋਂ ਭਾਜਪਾ ਨੂੰ ਮਿਲ ਰਿਹਾ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ੀ ਸ਼ਾਸਨ ਅਤੇ ਨਵੀਂ ਸੋਚ ਵਾਲੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਨੇ ਸਮਾਜ ਨੂੰ ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਸੀ ਅਤੇ ਉਸੇ ਭਾਵਨਾ ਨਾਲ ਭਾਜਪਾ ਪੰਜਾਬ ਦੇ ਵਿਕਾਸ ਲਈ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਪਹਿਲਾਂ ਕਾਂਗਰਸ ਤੇ ਹੁਣ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਉਹਨਾਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਖਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨਸ਼ਿਆਂ ਦੇ ਮੁੱਦੇ ’ਤੇ ਹੀ ਘਿਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ, ਕਿਸਾਨ, ਮਹਿਲਾ ਤੇ ਗਰੀਬ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੈ। ਸੈਣੀ ਨੇ ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਨਿਭਾਏ ਹਨ। Nayab Singh Saini
ਇਹ ਵੀ ਪੜ੍ਹੋ : Jasprit Bumrah: ਜਸਪ੍ਰੀਤ ਬੁਮਰਾਹ ਸ਼੍ਰੀਲੰਕਾ ਖਿਲਾਫ਼ ਟੈਸਟ ਸੀਰੀਜ਼ ਤੋਂ ਬਾਹਰ
ਉਨ੍ਹਾਂ ਦੱਸਿਆ ਕਿ ਹਰਿਆਣਾ ’ਚ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਦੀ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਤੇ ਇਸ ਯੋਜਨਾ ਲਈ ਹਜ਼ਾਰਾਂ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ₹500 ’ਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਿੱਧਾ ਲਾਭ ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ’ਚ ਕਿਸਾਨਾਂ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਖਰੀਦੀ ਜਾਂਦੀ ਹੈ ਅਤੇ ਜੇਕਰ ਸਬਜ਼ੀਆਂ ਜਾਂ ਹੋਰ ਫਸਲਾਂ ਦਾ ਮੰਡੀ ਭਾਅ ਘੱਟ ਮਿਲਦਾ ਹੈ ਤਾਂ ਸਰਕਾਰ ਭਾਵਾਂਤਰ ਭਰਪਾਈ ਯੋਜਨਾ ਤਹਿਤ ਕਿਸਾਨਾਂ ਨੂੰ ਮੁਆਵਜ਼ਾ ਦਿੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਵੀ ਇਹੋ ਜਿਹੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਤੇ ਕਿਸੇ ਵੀ ਕਿਸਾਨ ਨੂੰ ਆਰਥਿਕ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਸੈਣੀ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਨੁਕਸਾਨ ਲਈ ਭੇਜੇ ਗਏ ਮੁਆਵਜ਼ੇ ਦੀ ਰਕਮ ਕਿਸਾਨਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਵੱਡੇ ਪੱਧਰ ’ਤੇ ਧੋਖਾ ਹੋਇਆ ਹੈ।
ਉਨ੍ਹਾਂ ਭਰਤੀ ਪ੍ਰੀਖਿਆਵਾਂ ’ਚ ਪੇਪਰ ਲੀਕ ਅਤੇ ਨਕਲ ਦੇ ਮਾਮਲਿਆਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ’ਚ ਪੈ ਗਿਆ ਹੈ ਤੇ ਸਰਕਾਰ ਜਵਾਬਦੇਹੀ ਤੋਂ ਭੱਜ ਰਹੀ ਹੈ। ਸਿਹਤ ਖੇਤਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ’ਚ ਆਯੁਸ਼ਮਾਨ ਭਾਰਤ ਯੋਜਨਾ ਦੇ ਨਾਲ ਰਾਜ ਸਰਕਾਰ ਨੇ ਵਾਧੂ ਸਿਹਤ ਸੁਰੱਖਿਆ ਵੀ ਦਿੱਤੀ ਹੈ, ਜਿਸ ਨਾਲ ਲੱਖਾਂ ਲੋਕ ਮੁਫ਼ਤ ਇਲਾਜ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ। Nayab Singh Saini
ਰੁਜ਼ਗਾਰ ਦੇ ਮੁੱਦੇ ’ਤੇ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਰੀਬ 19 ਮਹੀਨਿਆਂ ’ਚ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ ਤੇ ਅੰਤਰਰਾਸ਼ਟਰੀ ਪੱਧਰ ’ਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨੌਕਰੀਆਂ ਤੇ ਨਕਦ ਇਨਾਮ ਦਿੱਤੇ ਜਾਂਦੇ ਹਨ। ਅੰਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਕਿਸੇ ਰਾਜਨੀਤਿਕ ਪਾਰਟੀ ਨਾਲ ਨਹੀਂ, ਸਗੋਂ ਪੰਜਾਬ ਦੀ ਜਨਤਾ ਨਾਲ ਗਠਜੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਤੋਂ ਮੁਕਤ ਕਰਨਾ, ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਹਰ ਵਰਗ ਤੱਕ ਵਿਕਾਸ ਦੀਆਂ ਯੋਜਨਾਵਾਂ ਪਹੁੰਚਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਲੋਕ ਭਾਜਪਾ ਨੂੰ ਸੇਵਾ ਦਾ ਮੌਕਾ ਜ਼ਰੂਰ ਦੇਣਗੇ।