1000 RS Scheme in Punjab: ਅੱਜ ਔਰਤਾਂ ਦੇ ਫੋਨਾਂ 'ਤੇ ਬੈਂਕ ਖਾਤਿਆਂ ਤੋਂ ਆਉਣਗੇ ਨੋਟੀਫਿਕੇਸ਼ਨ, ਬੈਂਕ ਖੁੱਲ੍ਹਦਿਆਂ ਹੀ ਸਟਾਫ਼ ਨੇ ਤਿਆਰੀਆਂ ਕੀਤੀਆਂ ਸ਼ੁਰੂ

ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ

Ravinder Sharma Picture
Published On

ਬਰਨਾਲਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ ਇਤਿਹਾਸਕ ਦਿਨ ਦੀ ਇਬਾਰਤ ਲਿਖਣ ਲਈ ਤਿਆਰ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਆਗਾਜ਼ ਨਾਲ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਮੋਬਾਈਲ ਫੋਨਾਂ ’ਤੇ ਮੈਸੇਜ ਆਉਣੇ ਸ਼ੁਰੂ ਹੋ ਜਾਣਗੇ, ਕਿਉਂਕਿ ਤਿੰਨ ਮਹੀਨਿਆਂ ਦੀ ’ਸਤਿਕਾਰ ਰਾਸ਼ੀ’ ਇੱਕੋ ਕਿਸ਼ਤ ਵਜੋਂ ਹਰ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ ਅਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਸਬੰਧਤ ਔਰਤਾਂ ਦੇ ਖਾਤਿਆਂ ਵਿੱਚ 4,500 ਰੁਪਏ ਜਮ੍ਹਾਂ ਕੀਤੇ ਜਾ ਰਹੇ ਹਨ।

ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ’ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਮਾਣ-ਸਨਮਾਨ ਅਤੇ ਵਿੱਤੀ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਤੇਜ਼ ਵਿਕਾਸ ਤੋਂ ਬੁਖਲਾਏ ਵਿਰੋਧੀ ਸੂਬੇ ਦੀ ਤਰੱਕੀ ਵਿੱਚ ਰੋੜਾ ਅਟਕਾਉਣ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ।

ਮਹਿਲ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਛੱਤਾਂ ’ਤੇ ਜੁੜੇ ਇਕੱਠ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜ਼ੋਰਦਾਰ ਸਵਾਗਤ

ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਰਨਾਲਾ ਦੇ ਮਹਿਲ ਕਲਾਂ ਹਲਕੇ ਵਿੱਚ ਲੋਕ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ, ਤਾਂ ਉਨ੍ਹਾਂ ਦੇ ਪੂਰੇ ਭਾਸ਼ਣ ਦੌਰਾਨ ਲੋਕਾਂ ਨੇ ਨਾਅਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਲੋਕਾਂ ਦਾ ਇਕੱਠ ਇੰਨਾ ਜ਼ਿਆਦਾ ਸੀ ਕਿ ਪੰਡਾਲ ਵਿੱਚ ਜਗ੍ਹਾ ਘਟ ਗਈ, ਜਿਸ ਕਾਰਨ ਸੈਂਕੜੇ ਸਮਰਥਕਾਂ ਨੂੰ ਨੇੜਲੇ ਘਰਾਂ ਅਤੇ ਇਮਾਰਤਾਂ ਦੀਆਂ ਛੱਤਾਂ ਤੋਂ ਰੈਲੀ ਦੇਖਣੀ ਪਈ। ਉਹ ਮੁੱਖ ਮੰਤਰੀ ਦੇ ਸਮਰਥਨ ਵਿੱਚ ਪੋਸਟਰ ਲਹਿਰਾਉਂਦੇ ਰਹੇ ਅਤੇ ਉਨ੍ਹਾਂ ਦੀਆਂ ਗੱਲਾਂ ਦਾ ਉਤਸ਼ਾਹ ਨਾਲ ਜਵਾਬ ਦਿੰਦੇ ਰਹੇ। ਰੈਲੀ ਵਾਲੀ ਥਾਂ ਦੇ ਆਲੇ-ਦੁਆਲੇ ਦੀ ਹਰ ਛੱਤ ’ਤੇ ਲੋਕਾਂ ਦਾ ਵੱਡਾ ਇਕੱਠ ਸੀ।

Read Also : ਫ਼ਰੀਦਕੋਟ ਨਗਰ ਕੌਂਸਲ ਨੂੰ ਸਫਾਈ ਕਰਮਚਾਰੀਆਂ ਨੇ ਲਾਇਆ ਤਾਲਾ, ਹੜਤਾਲ 11ਵੇਂ ਦਿਨ ਵੀ ਜਾਰੀ

ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਕ ਜੁਲਾਈ ਤੋਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਪੈਸੇ ਆਉਣੇ ਸ਼ੁਰੂ ਹੋ ਜਾਣਗੇ। ’ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲੇਗਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਗਾ।

ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਦੀਆਂ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਨੂੰ ਮਾਣ-ਸਨਮਾਨ ਅਤੇ ਵਿੱਤੀ ਤੌਰ ’ਤੇ ਆਤਮ-ਨਿਰਭਰ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ, "ਇਹ ਯੋਜਨਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਮਾਣ-ਸਤਿਕਾਰ ਅਤੇ ਸਵੈ-ਮਾਣ ਜ਼ਰੂਰ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਤੇ ਭੈਣਾਂ ਦੀਆਂ ਅਸੀਸਾਂ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"

ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਅਸੀਂ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 68,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਦਾ ਨਵੀਨੀਕਰਨ ਕੀਤਾ, ਟੋਲ ਪਲਾਜ਼ੇ ਬੰਦ ਕਰਕੇ ਰੋਜ਼ਾਨਾ ਕਰੀਬ 70 ਲੱਖ ਰੁਪਏ ਬਚਾਏ ਹਨ, ਸਿੱਖਿਆ ਅਤੇ ਸਿਹਤ ਸੰਭਾਲ ਨੂੰ ਮਜ਼ਬੂਤ ਕੀਤਾ ਹੈ, ਬੁਨਿਆਦੀ ਢਾਂਚਾ ਤਿਆਰ ਕੀਤਾ ਹੈ ਅਤੇ ਕਈ ਹੋਰ ਅਹਿਮ ਕਦਮ ਚੁੱਕੇ ਹਨ। ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ ਇਹ ਅੰਕੜਾ ਵਧ ਕੇ 80 ਫੀਸਦ ਤੋਂ ਵੱਧ ਹੋ ਗਿਆ ਹੈ। ਅਸੀਂ ਸੂਬੇ ਭਰ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਵੀ ਦੇ ਰਹੇ ਹਾਂ।

ਸੂਬੇ ਦੇ ਸਿਹਤ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਯੋਜਨਾ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਂਦੇ ਹੋਏ ਲੋਕਾਂ ’ਤੇ ਵਿੱਤੀ ਬੋਝ ਨੂੰ ਕਾਫ਼ੀ ਘੱਟ ਕੀਤਾ ਹੈ। ਇਸ ਦਾ ਉਦੇਸ਼ ਸੂਬੇ ਦੇ ਹਰ ਪਰਿਵਾਰ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਪਹਿਲਾਂ ਹੀ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।

ਸੂਬੇ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦੇ ਏਜੰਡੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ 15 ਜੁਲਾਈ ਤੱਕ ਪੰਜਾਬ ਭਰ ਵਿੱਚ 3,100 ਨਵੇਂ ਬਣੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰੇਗੀ। ਨਸ਼ਿਆਂ ਦੇ ਖ਼ਿਲਾਫ਼ ਸਾਡੀ ਮੁਹਿੰਮ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਹਥਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇ ਕੇ ਅਸੀਂ ਆਪਣੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵੱਲ ਮੋੜ ਰਹੇ ਹਾਂ। ਖੇਡਾਂ ਵਿੱਚ ਰੁੱਝੇ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਸਮਾਂ ਵੀ ਨਹੀਂ ਹੁੰਦਾ ਕਿਉਂਕਿ ਉਹ ਆਪਣੀ ਪੂਰੀ ਊਰਜਾ ਮੱਲਾਂ ਮਾਰਨ ਲਈ ਲਾਉਂਦੇ ਹਨ। ਇਹ ਪਹਿਲਕਦਮੀ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ।

ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਆਈ ਤਬਦੀਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਸੱਤਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ, ਖਾਸ ਕਰਕੇ ਸਿੱਖਿਆ ਖੇਤਰ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਨੂੰ ਸਿਰਫ਼ ’ਮਿਡ ਡੇ ਮੀਲ’ ਦੇ ਕੇਂਦਰ ਬਣਾ ਕੇ ਰੱਖ ਦਿੱਤਾ ਸੀ, ਪਰ ਅੱਜ ਇਨ੍ਹਾਂ ਸਕੂਲਾਂ ਨੂੰ ਸਿੱਖਿਆ ਦੇ ਧੁਰੇ ਵਿੱਚ ਬਦਲ ਦਿੱਤਾ ਗਿਆ ਹੈ। ਅਸੀਂ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਮਿਸ਼ਨ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਗਰੀਬ ਤੋਂ ਗਰੀਬ ਬੱਚੇ ਨੂੰ ਵੀ ਮਿਆਰੀ ਸਿੱਖਿਆ ਮਿਲ ਸਕੇ।"

ਸਕੂਲੀ ਸਿੱਖਿਆ ਵਿੱਚ ਸੂਬੇ ਦੀ ਪ੍ਰਾਪਤੀ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਸਥਾਨ ’ਤੇ ਪਹੁੰਚ ਗਿਆ ਹੈ। ਅਸੀਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਦਿੱਤੀ ਹੈ।

ਇਨ੍ਹਾਂ ਨਿਰੰਤਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਹੁਣ ਸਕੂਲੀ ਸਿੱਖਿਆ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਸਾਡੀ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਤਰੀਕਿਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ ’ਤੇ ਖੜ੍ਹਾ ਹੈ। ਪਹਿਲਾਂ ਕੇਰਲਾ ਨੰਬਰ ਇੱਕ ਸਥਾਨ ’ਤੇ ਸੀ, ਪਰ ਪੰਜਾਬ ਨੇ ਹੁਣ ਵੱਡੇ ਫਰਕ ਨਾਲ ਪਹਿਲਾ ਰੈਂਕ ਹਾਸਲ ਕਰ ਲਿਆ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ ਕਿਉਂਕਿ ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦਾ ਹੈ।

ਹਰ ਬੱਚੇ ਨੂੰ ਸਿੱਖਿਆ ਦੇ ਬਰਾਬਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਪੱਕਾ ਵਿਸ਼ਵਾਸ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ। ਅਸੀਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਾਂ ਤਾਂ ਜੋ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਵੀ ਅੱਗੇ ਵਧਣ ਦੇ ਉਹੀ ਮੌਕੇ ਮਿਲਣ ਜੋ ਕਿਸੇ ਹੋਰ ਨੂੰ ਮਿਲਦੇ ਹਨ। ਸਿੱਖਿਆ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਕਤੀਸ਼ਾਲੀ ਬਣਾਉਣ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਭ ਤੋਂ ਮਜ਼ਬੂਤ ਸਾਧਨ ਹੈ, ਅਤੇ ਸਾਡੀ ਸਰਕਾਰ ਇਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

About The Author

Related Posts