Punjab Government News: ਭਲਾਈ ਸਕੀਮਾਂ ਬੰਦ ਕਰਨ ਦੇ ਸੁਪਨੇ ਦੇਖਣੇ ਛੱਡਣ ਵਿਰੋਧੀ ਪਾਰਟੀਆਂ: ਮੁੱਖ ਮੰਤਰੀ ਭਗਵੰਤ ਮਾਨ

ਕਿਹਾ, ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚਣ ਲਈ ਵਚਨਬੱਧ ਸੋਹਲ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦਿੱਤੀ

Satinder Mathur  Picture
Published On

Punjab Government News: ਸੋਹਲ/ਗੁਰਦਾਸਪੁਰ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬੰਦ ਹੋਣ ਦੇ ਸੁਪਨੇ ਦੇਖਣੇ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚਣ ਲਈ ਵਚਨਬੱਧ ਹੈ।

ਪਿੰਡ ਸੋਹਲ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰਨ ਨੂੰ ਤਰਜੀਹ ਦਿੱਤੀ, ਜਦੋਂਕਿ ਮੌਜ਼ੂਦਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਵਰਗੇ ਕਦਮ ਚੁੱਕੇ ਹਨ। ਉਨ੍ਹਾਂ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ: Gold Rate Latest News: ਘਰੇਲੂ ਸਰਾਫਾ ਬਾਜ਼ਾਰ ’ਚ ਮਾਮੂਲੀ ਤੇਜ਼ੀ ਦਾ ਰੁਝਾਨ, ਸੋਨਾ ਅਤੇ ਚਾਂਦੀ ਦੀ ਵਧੀ ਚਮਕ

ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਮੰਚਾਂ ਤੋਂ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿਚ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਸੜਕਾਂ, ਪੀਣ ਵਾਲੇ ਪਾਣੀ, ਖੇਤੀਬਾੜੀ ਅਤੇ ਪਿੰਡਾਂ ਦੇ ਵਿਕਾਸ ਨਾਲ ਜੁੜੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਹੁਣ ਤੱਕ 71,777 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਰਿਸ਼ਵਤ ਅਤੇ ਭ੍ਰਿਸ਼ਟਾਚਾਰ ਦੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਪਹਿਲਾਂ ਦੇ ਲਗਭਗ 22 ਫ਼ੀਸਦੀ ਤੋਂ ਵਧ ਕੇ 85 ਤੋਂ 86 ਫ਼ੀਸਦੀ ਹੋ ਗਈ ਹੈ ਅਤੇ ਇਸ ਨੂੰ 90 ਫ਼ੀਸਦੀ ਤੱਕ ਲਿਜਾਣ ਦਾ ਟੀਚਾ ਹੈ।

ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਮੁੱਢਲੀ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪਹੁੰਚਿਆ ਹੈ। ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦਕਿ 2021 ਵਿੱਚ ਇਹ ਗਿਣਤੀ 80 ਸੀ। ਸਿਹਤ ਸਹੂਲਤਾਂ ਬਾਰੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 54 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਗਭਗ 650 ਨਿੱਜੀ ਹਸਪਤਾਲ ਇਸ ਯੋਜਨਾ ਨਾਲ ਜੁੜੇ ਹਨ। ਕਾਂਗਰਸ ਅਤੇ ਅਕਾਲੀ ਦਲ ’ਤੇ ਹਮਲਾ ਕਰਦਿਆਂ ਮਾਨ ਨੇ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੇ ਸਿਆਸੀ ਹਿੱਤਾਂ ਵਿੱਚ ਉਲਝੀਆਂ ਰਹੀਆਂ ਹਨ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗੱਠਜੋੜ ’ਤੇ ਵੀ ਸਵਾਲ ਚੁੱਕੇ ਅਤੇ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਦਾ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਸੂਬੇ ਭਰ ਵਿੱਚ ਯੂਪੀਐੱਸਸੀ ਕੋਚਿੰਗ ਕੇਂਦਰ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਹੀ ਬਿਹਤਰ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ।

Comments

Post Your Comment

About The Author

Related Posts