Kotkapura News: ਸਪੀਕਰ ਕੁਲਤਾਰ ਸੰਧਵਾਂ ਦੇ ਘਰ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਸ਼ੁਰੂ, ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਸੰਘਰਸ਼ ਨੂੰ ਰੇਲਵੇ ਟਰੈਕਾਂ ਅਤੇ ਨੈਸ਼ਨਲ ਹਾਈਵੇ ਤੱਕ ਵੀ ਵਧਾਇਆ ਜਾ ਸਕਦਾ ਹੈ : ਬੋਹੜ ਸਿੰਘ ਰੁਪਿਆਵਾਲਾ

Ravinder Sharma Picture
Published On

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੇ ਬਾਹਰ ਅੱਜ ਤੋਂ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਕਰਜ਼ਾ ਮੁਆਫ਼ੀ, ਸ਼ੰਭੂ-ਖਨੌਰੀ ਬਾਰਡਰ ’ਤੇ ਅੰਦੋਲਨ ਦੌਰਾਨ ਹੋਏ ਨੁਕਸਾਨ ਦਾ ਮੁਆਵਜ਼ਾ, ਲੈਂਡ ਮਾਰਗੇਜ ਬੈਂਕਾਂ ਵੱਲੋਂ ਕਰਜ਼ਾ ਦੇਣ ਸਮੇਂ ਲਏ ਗਏ ਖਾਲੀ ਚੈਕ ਵਾਪਸ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਇਹ ਧਰਨਾ ਸ਼ੁਰੂ ਕੀਤਾ ਗਿਆ ਹੈ।

Kotkapura News 1

ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਿਆਵਾਲਾ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਮੋਰਚੇ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਸਮੇਤ ਹੋਰ ਸੀਨੀਅਰ ਕਿਸਾਨ ਆਗੂ ਵੀ ਸ਼ਾਮਲ ਹੋਏ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਹੋਰ ਦੇਰੀ ਕੀਤੀ ਗਈ ਤਾਂ ਇਸ ਸੰਘਰਸ਼ ਨੂੰ ਰੇਲਵੇ ਟਰੈਕਾਂ ਅਤੇ ਨੈਸ਼ਨਲ ਹਾਈਵੇ ਤੱਕ ਵੀ ਵਧਾਇਆ ਜਾ ਸਕਦਾ ਹੈ।

Read Also : ਯੂਕਰੇਨ ਦੇ ਨਵੇਂ ਫੌਜ ਮੁਖੀ ਦੀ ਅਗਵਾਈ ਹੇਠ 21 ਜੁਲਾਈ ਤੋਂ ਰੂਸ 'ਤੇ ਹਮਲਿਆਂ 'ਚ ਵਾਧਾ, ਹੁਣ ਤੱਕ ਘੱਟੋ-ਘੱਟ 100 ਦੀ ਮੌਤ

ਕਿਸਾਨ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਸਰਕਾਰ ਨਾਲ ਮੀਟਿੰਗ ਹੋਈ ਸੀ, ਪਰ ਉਸ ਵਿੱਚ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 5 ਅਗਸਤ ਤੋਂ ਵਿਧਾਨ ਸਭਾ ਸਪੀਕਰ ਦੇ ਘਰ ਬਾਹਰ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ।

Kotkapura News 2

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪਿੰਡ ਹਰੀਨੌ ਦੇ ਦੋ ਸਕੇ ਭਰਾਵਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਸੀ। ਉਸ ਸਮੇਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭੋਗ ਸਮਾਗਮ ਦੌਰਾਨ ਪਰਿਵਾਰ ਦੀ ਹਰ ਸੰਭਵ ਮਦਦ ਅਤੇ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।

ਆਗੂਆਂ ਨੇ ਦੋਸ਼ ਲਾਇਆ ਕਿ ਲੈਂਡ ਮਾਰਗੇਜ ਬੈਂਕਾਂ ਵੱਲੋਂ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕਰਜ਼ਾ ਦੇਣ ਸਮੇਂ ਲਏ ਗਏ ਖਾਲੀ ਚੈਕਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਥੇਬੰਦੀ ਵੱਲੋਂ 30 ਮਾਰਚ ਤੋਂ ਫਰੀਦਕੋਟ ਵਿੱਚ ਲੈਂਡ ਮਾਰਗੇਜ ਬੈਂਕ ਦੇ ਬਾਹਰ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਤੱਕ ਪਿੱਛੇ ਨਹੀਂ ਹਟੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

About The Author

Related Posts