Health Department Protest: 28 ਜੁਲਾਈ ਨੂੰ ਸਿਹਤ ਵਿਭਾਗ ਖਿਲਾਫ਼ ਆਊਟਸੋਰਸ ਮੁਲਾਜ਼ਮਾਂ ਦਾ ਰੋਸ ਮਾਰਚ

28 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਅੱਗੇ ਰੋਸ ਮਾਰਚ ਕਰਨਗੇ ਡੀ-ਅਡਿਕਸ਼ਨ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਡੀ-ਅਡਿਕਸ਼ਨ, ਓਟ ਸੈਂਟਰ ਅਤੇ ਰਿਹੈਬਿਲੀਟੇਸ਼ਨ ਸੁਸਾਇਟੀ ਅਧੀਨ ਕੰਮ ਕਰ ਰਹੇ ਆਊਟਸੋਰਸ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ 28 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34ਏ ਸਥਿਤ ਸਿਹਤ ਵਿਭਾਗ ਦੇ ਡਾਇਰੈਕਟਰ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਯੂਨੀਅਨ ਵੱਲੋਂ ਸਿਹਤ ਮੰਤਰੀ ਨੂੰ ਮੰਗ ਪੱਤਰ ਭੇਜ ਕੇ 26 ਜੁਲਾਈ ਤੋਂ ਪਹਿਲਾਂ ਮੀਟਿੰਗ ਲਈ ਸਮਾਂ ਦੇਣ ਦੀ ਵੀ ਅਪੀਲ ਕੀਤੀ ਗਈ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ 26 ਜੁਲਾਈ ਤੱਕ ਸਰਕਾਰ ਵੱਲੋਂ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ 28 ਜੁਲਾਈ ਨੂੰ ਵੱਡੇ ਪੱਧਰ ’ਤੇ ਰੋਸ ਮਾਰਚ ਕੀਤਾ ਜਾਵੇਗਾ।

ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਰਾਜ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ (ਠੇਕੇ ’ਤੇ ਕੰਮ ਕਰਨ ਵਾਲੇ ਵਿਅਕਤੀ ਦੀ ਸ਼ਮੂਲੀਅਤ ’ਚ ਤਬਦੀਲੀ) ਬਿੱਲ-2026 ’ਚ ਨਸ਼ਾ ਛੁਡਾਊ, ਓਟੀ ਸੈਂਟਰ ਤੇ ਰਿਹੈਬਿਲੀਟੇਸ਼ਨ ਸੁਸਾਇਟੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸ ਤੋਂ ਇਲਾਵਾ 2018 ਦੇ ਸਰਕਾਰੀ ਹੁਕਮਾਂ ਅਨੁਸਾਰ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਐਨਐਚਐਮ ਮੁਲਾਜ਼ਮਾਂ ਦੇ ਬਰਾਬਰ ਸਾਲਾਨਾ ਇੰਕਰੀਮੈਂਟ ਤੇ ਟੀਏ/ਡੀਏ ਦੀ ਸਹੂਲਤ ਦਿੱਤੀ ਜਾਵੇ। ਯੂਨੀਅਨ ਨੇ ਕੰਟਰੈਕਟ ਕਰਮਚਾਰੀਆਂ ਦੀ ਤਨਖਾਹ ਵਿੱਚ 9 ਫ਼ੀਸਦੀ ਵਾਧਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਵਿੱਚ ਵੀ ਵਾਧਾ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਨਿੱਜੀ ਕੰਪਨੀ ਗ੍ਰੇਟਿਸ ਇਂਡਿਆ ਪ੍ਰਾਇਵੇਟ ਲਿਮਿਟੇਡ ਵੱਲੋਂ ਕਥਿਤ ਤੌਰ ’ਤੇ ਘੱਟ ਬੋਨਸ ਦਿੱਤੇ ਜਾਣ ਦੀ ਜਾਂਚ ਕਰਵਾ ਕੇ ਬਣਦਾ ਬੋਨਸ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ ਹੈ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ ਵਾਲਾ ਸਮਾਜ ਦੇ ਸਿਧਾਂਤ ਨੂੰ ਲਾਗੂ ਕਰਦੇ ਹੋਏ ਸੁਸਾਇਟੀ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਰਾਬਰ ਤਨਖਾਹ ਤੇ ਸੇਵਾ ਸੁਰੱਖਿਆ ਪ੍ਰਦਾਨ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਭਰਤੀ ਸਮੇਂ ਪੁਲਿਸ ਵੈਰੀਫਿਕੇਸ਼ਨ ਤੇ ਹੋਰ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ ਮਿਲਣੀ ਚਾਹੀਦੀ ਹੈ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ 28 ਜੁਲਾਈ ਦੇ ਰੋਸ ਮਾਰਚ ਤੋਂ ਪਹਿਲਾਂ ਜਾਂ ਉਸ ਦੌਰਾਨ ਵੀ ਸਰਕਾਰ ਵੱਲੋਂ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ’ਚ ਸੂਬਾ ਪੱਧਰ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ। ਇਸੇ ਦੌਰਾਨ 28 ਜੁਲਾਈ ਦੇ ਰੋਸ ਮਾਰਚ ਸਬੰਧੀ ਅੱਜ ਸਿਵਲ ਸਰਜਨ ਫ਼ਰੀਦਕੋਟ ਤੇ ਡਿਪਟੀ ਮੈਡੀਕਲ ਕਮਿਸ਼ਨਰ ਫ਼ਰੀਦਕੋਟ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਲਾਡਾ ਸਮੇਤ ਨਿਰਵੈਰ ਸਿੰਘ, ਸਨੀ ਦਿਓਲ, ਲਵਪ੍ਰੀਤ ਸਿੰਘ, ਚੇਤਨਾ ਸ਼ਰਮਾ, ਸਤਿੰਦਰ ਸਿੰਘ, ਵਿਜੇ ਕ੍ਰਿਸ਼ਨ, ਜਸਪਾਲ ਕੌਰ ਅਤੇ ਅਨਮੋਲ ਮੋਂਗਾ ਹਾਜ਼ਰ ਸਨ।

About The Author

Related Posts